ਰਾਜਪਾਲ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਹੋਏ ਨਤਮਸਤਕ
ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ
Publish Date: Thu, 21 May 2026 09:53 PM (IST)
Updated Date: Fri, 22 May 2026 04:17 AM (IST)

ਬੰਦ ਕਮਰੇ ’ਚ ਐਸਜੀਪੀਸੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਨਾਲ ਹੋਈ ਅਹਿਮ ਗੱਲਬਾਤ --- ਬਿੰਨੀ ਡੇਹਲੋਂ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਸਵੇਰੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ। ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਇੱਕ ਸਨਅਤੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਆਏ ਹੋਏ ਸਨ ਅਤੇ ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਦਰਸ਼ਨ ਕੀਤੇ। ਗੁਰੂ ਘਰ ਵਿੱਚ ਉਨ੍ਹਾਂ ਵੱਲੋਂ ਦਰਸ਼ਨੀ ਭੇਂਟਾ, ਕੜਾਹ ਪ੍ਰਸ਼ਾਦ, ਫੁੱਲ ਅਤੇ ਰੁਮਾਲਾ ਸਾਹਿਬ ਭੇਂਟ ਕੀਤਾ ਗਿਆ ਅਤੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਗਿਆ। ਇਸ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਾਲੇ ਗੁਰਦੁਆਰਾ ਸਾਹਿਬ ਦੇ ਦਫਤਰ ਅੰਦਰ ਬੰਦ ਕਮਰੇ ਵਿੱਚ ਗੱਲਬਾਤ ਹੋਈ। ਭਾਵੇਂ ਇਸ ਮੀਟਿੰਗ ਦੇ ਵੇਰਵਿਆਂ ਨੂੰ ਗੁਪਤ ਰੱਖਿਆ ਗਿਆ, ਪਰ ਜਾਣਕਾਰਾਂ ਮੁਤਾਬਕ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਪਾਸ ਕੀਤੇ ਗਏ ਬੇਅਦਬੀ ਕਾਨੂੰਨ ਅਤੇ ਉਸ ਸਬੰਧੀ ਸਿੱਖ ਸੰਗਤਾਂ ਵਿੱਚ ਉੱਠ ਰਹੀਆਂ ਚਿੰਤਾਵਾਂ ‘ਤੇ ਚਰਚਾ ਕੀਤੀ ਗਈ। ਗੱਲਬਾਤ ਦੌਰਾਨ ਸੁਰੱਖਿਆ ਪ੍ਰਬੰਧ ਕਾਫੀ ਸਖ਼ਤ ਰਹੇ। ਹਾਲਾਤ ਅਜਿਹੇ ਬਣੇ ਕਿ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਦਫਤਰ ਅੰਦਰ ਜਾਣ ਤੋਂ ਰੋਕਿਆ ਗਿਆ। ਬਾਅਦ ਵਿੱਚ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਤਰਾਜ਼ ਵਾਲੇ ਪੱਖਾਂ ‘ਤੇ ਵਿਚਾਰ ਕਰਕੇ ਉਨ੍ਹਾਂ ਨੂੰ ਦਰੁਸਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੂਜੇ ਪਾਸੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਧਾਰਮਿਕ ਮਰਿਆਦਾ ਨਾਲ ਜੁੜੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਹਿਮਤੀ ਤੋਂ ਬਿਨ੍ਹਾਂ ਕੋਈ ਵੀ ਫੈਸਲਾ ਮਨਜ਼ੂਰ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਜੱਥੇ ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲ੍ਹਾ, ਹਰਦੀਪ ਸਿੰਘ ਗਿੱਲ, ਬਗੀਚਾ ਸਿੰਘ, ਜਸਕਰਨ ਸਿੰਘ ਮੀਡੀਆ ਸਲਾਹਕਾਰ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ ਅਤੇ ਪ੍ਰਬੰਧਕੀ ਅਹੁਦੇਦਾਰ ਹਾਜ਼ਰ ਸਨ।