- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਲੀ ਨੰਬਰ 33, ਗੁਰੂ ਗੋਬਿੰਦ ਸਿੰਘ ਨਗਰ, ਸ਼ਿਮਲਾਪੁਰੀ ਦੇ ਰਹਿਣ ਵਾਲੇ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਿੰਗ ਦੇ ਨਾਲ-ਨਾਲ ਮਸ਼ੀਨਾਂ ਦੀ ਮੁਰੰਮਤ ਦਾ ਕੰਮ ਕਰਦਾ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਚਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਘਰ ਦੇ ਬਾਹਰ ਤਾਬੜਤੋੜ ਫਾਇਰਿੰਗ ਕਰ ਦਿੱਤੀ। ਹਮਲਾਵਰਾਂ ਨੇ ਕਰੀਬ 10 ਤੋਂ 12 ਰਾਊਂਡ ਗੋਲੀਆਂ ਚਲਾਈਆਂ ਅਤੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਵੀ ਭੰਨਤੋੜ ਕੀਤੀ। ਘਟਨਾ ਦੌਰਾਨ ਪਰਿਵਾਰ ਘਰ ਦੇ ਅੰਦਰ ਸੁੱਤਾ ਹੋਇਆ ਸੀ ਅਤੇ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਲੀ ਨੰਬਰ 33, ਗੁਰੂ ਗੋਬਿੰਦ ਸਿੰਘ ਨਗਰ, ਸ਼ਿਮਲਾਪੁਰੀ ਦੇ ਰਹਿਣ ਵਾਲੇ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਿੰਗ ਦੇ ਨਾਲ-ਨਾਲ ਮਸ਼ੀਨਾਂ ਦੀ ਮੁਰੰਮਤ ਦਾ ਕੰਮ ਕਰਦਾ ਹੈ। 23 ਜੂਨ ਦੀ ਰਾਤ ਉਹ ਆਪਣੇ ਪਰਿਵਾਰ ਨਾਲ ਘਰ ਵਿੱਚ ਆਰਾਮ ਕਰ ਰਿਹਾ ਸੀ ਕਿ ਅਚਾਨਕ ਬਾਹਰੋਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਉਣ ਲੱਗੀਆਂ।
ਆਵਾਜ਼ ਸੁਣ ਕੇ ਉਹ ਤੁਰੰਤ ਘਰ ਦੀ ਛੱਤ 'ਤੇ ਪਹੁੰਚਿਆ, ਜਿੱਥੋਂ ਉਸ ਨੇ ਦੇਖਿਆ ਕਿ ਚਾਰ ਵਿਅਕਤੀ ਘਰ ਦੇ ਬਾਹਰ ਖੜ੍ਹੇ ਹੋ ਕੇ ਫਾਇਰਿੰਗ ਕਰ ਰਹੇ ਸਨ। ਹਮਲਾਵਰਾਂ ਨੇ ਗੋਲੀਆਂ ਚਲਾਉਣ ਦੇ ਨਾਲ-ਨਾਲ ਘਰ ਦੇ ਬਾਹਰ ਖੜ੍ਹੀ ਉਸ ਦੀ ਫੋਰਡ ਫਿਗੋ ਕਾਰ 'ਤੇ ਇੱਟਾਂ ਅਤੇ ਗੋਲੀਆਂ ਨਾਲ ਹਮਲਾ ਕਰਕੇ ਨੁਕਸਾਨ ਪਹੁੰਚਾਇਆ। ਨੇੜੇ ਖੜ੍ਹੀ ਇੱਕ ਜੀਪ ਨੂੰ ਵੀ ਨਿਸ਼ਾਨਾ ਬਣਾਉਂਦੇ ਹੋਏ ਉਸ ਦੀ ਭੰਨ ਤੋੜ ਕੀਤੀ ਗਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਜਾਂਚ ਟੀਮ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਚਾਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਸਮੇਤ ਬੀਐਨਐੱਸ ਦੀਆਂ ਧਾਰਾਵਾਂ 324(4), 351(3) ਅਤੇ 3(5) ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।