ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Wed, 01 Jul 2026 08:16 PM (IST)
Updated Date: Thu, 02 Jul 2026 04:08 AM (IST)
-ਪੰਥ ਦੇ ਵਿਦਵਾਨ ਕਥਾਵਾਚਕ ਭਾਈ ਅਤਰ ਸਿੰਘ ਨੇ ਚਲਾਇਆ ਕਥਾ ਪ੍ਰਵਾਹ ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ਼੍ਰੀ ਮਾਛੀਵਾੜਾ ਸਾਹਿਬ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਭਾਈ ਅਤਰ ਸਿੰਘ ਵਲੋਂ ਕਥਾ ਦਾ ਪ੍ਰਵਾਹ ਚਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਕਈ ਦਿਨਾਂ ਤੋਂ ਸੁਖਮਨੀ ਸੇਵਾ ਸੁਸਾਇਟੀ ਵਾਲੀਆਂ ਬੀਬੀਆਂ ਵਲੋਂ ਚੱਲ ਰਹੇ ਲੜੀਵਾਰ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਵੀ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਾਰਾ ਦਿਨ ਵੱਖ-ਵੱਖ ਢਾਡੀ ਤੇ ਕਵੀਸ਼ਰੀ ਜੱਥਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਇਤਿਹਾਸ ’ਚੋਂ ਘਟਨਾਵਾਂ ਨਾਲ ਸਬੰਧਿਤ ਪ੍ਰਸੰਗ ਸੁਣਾਏ ਗਏ। ਸ਼ਾਮ ਨੂੰ ਰਹਿਰਾਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ। ਇਸ ਉਪਰੰਤ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਥ ਦੇ ਪ੍ਰਸਿੱਧ ਵਿਦਵਾਨ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਵੱਲੋਂ ਕਥਾ ਦਾ ਪ੍ਰਵਾਹ ਚਲਾਇਆ ਗਿਆ। ਉਨ੍ਹਾਂ ਵੱਲੋਂ ਇਤਿਹਾਸਕ ਪ੍ਰਸੰਗਾਂ ਦੀ ਲੜੀ ’ਚੋਂ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਅਤੇ ਬੀਬੀ ਭਾਨੀ ਵਲੋਂ ਲਏ ਗਏ ਵਰ ਅਨੁਸਾਰ ਸੋਢੀਆਂ ਦੀ ਪੀੜ੍ਹੀ ਨੂੰ ਚੱਲਣ ਦਾ ਵਰ ਲਿਆ। ਇਸ ਅਨੁਸਾਰ ਗੁਰੂ ਰਾਮਦਾਸ ਜੀ ਤੋਂ ਬਾਅਦ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਤਾਗੱਦੀ ’ਤੇ ਬਿਰਾਜਮਾਨ ਹੋਏ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਾਦੀ ਤੋਂ 16 ਸਾਲ ਬਾਅਦ ਬ੍ਰਹਮ ਗਿਆਨੀ ਬਾਬਾ ਬੁੁੱਢਾ ਸਾਹਿਬ ਜੀ ਤੋਂ ਲਏ ਵਰ ਅਨੁਸਾਰ ਉਨ੍ਹਾਂ ਦੇ ਘਰ ਗੋਬਿੰਦ ਰਾਏ ਬਾਲ ਦਾ ਜਨਮ ਹੋਇਆ ਜੋ ਕਿ ਬਾਅਦ ਵਿਚ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਨਾਮ ਨਾਲ ਪ੍ਰਸਿੱਧ ਹੋ ਕੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਏ। ਉਨ੍ਹਾਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਵੱਡੇ ਭਰਾਤਾ ਪ੍ਰਿਥੀ ਚੰਦ ਵਲੋਂ ਵੀ ਗੁਰੂ ਸਾਹਿਬ ਦੇ ਪਰਿਵਾਰ ਨਾਲ ਕੀਤੀਆਂ ਵਧੀਕੀਆਂ ਦਾ ਵੀ ਖੁੱਲ੍ਹ ਕੇ ਵਰਨਣ ਕੀਤਾ। ਇਸ ਮੌਕੇ ਬਾਬਾ ਮੋਹਣ ਸਿੰਘ, ਮਹਿੰਦਰ ਸਿੰ ਕਾਰ ਸੇਵਾ ਵਾਲੇ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ, ਪ੍ਰਧਾਨ ਜਸਵੀਰ ਸਿੰਘ ਗਿੱਲ, ਲੰਗਰ ਇੰਚਾਰਜ ਭਾਈ ਬਿੰਦਰ ਸਿੰਘ, ਆੜ੍ਹਤੀ ਹਰਿੰਦਰਪਾਲ ਸਿੰਘ ਰਹੀਮਾਬਾਦ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਸੁਖਵਿੰਦਰ ਸਿੰਘ ਭੱਟੀਆਂ, ਗੁਰਦਰਸ਼ਨ ਸਿੰਘ ਭੱਟੀਆਂ, ਹਰਜਿੰਦਰ ਸਿੰਘ ਗਿੱਲ, ਭਾਈ ਜਸਪਾਲ ਸਿੰਘ, ਠੇਕੇਦਾਰ ਸਤਨਾਮ ਸਿੰਘ, ਸੁਰਜੀਤ ਸਿੰਘ ਗੋਗੀਆ, ਹਰਦੀਪ ਸਿੰਘ ਗੁਰੂਗੜ੍ਹ, ਬੱਗਾ ਸਿੰਘ ਗਿੱਲ ਵੀ ਮੌਜੂਦ ਸਨ।