- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਸ਼ਾਖਾ ਦੇ ਅਧਿਕਾਰੀ ਰੋਜ਼ਾਨਾ ਫੀਲਡ ਵਿੱਚ ਜਾਕੇ ਜਿਓ-ਟੈਗ ਤਸਵੀਰਾਂ ਕਰਨ ਸਾਂਝੀਆਂ- ਕਮਿਸ਼ਨਰ ਓਜਸਵੀ ਅਲੰਕਾਰ

ਫੋਟੋ- 21, 22
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਮੰਤਵ ਨਾਲ ਨਿਗਮ ਲੁਧਿਆਣਾ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਦੇ ਤਹਿਤ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸਿਹਤ ਸ਼ਾਖਾ ਅਤੇ ਬੀਐਂਡਆਰ ਸ਼ਾਖਾ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਹਰ ਰੋਜ਼ ਮੈਦਾਨ ਵਿੱਚ ਉਤਰ ਕੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਕੀਤੇ ਗਏ ਕੰਮ ਦੀਆਂ ਜਿਓ-ਟੈਗ ਤਸਵੀਰਾਂ ਸਾਂਝੀਆਂ ਕਰਨ।
ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਿਹਤ ਸ਼ਾਖਾ ਦੇ ਕਾਰਪੋਰੇਸ਼ਨ ਸੈਨੀਟੇਸ਼ਨ ਅਫ਼ਸਰਾਂ, ਚੀਫ਼ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ ਅਤੇ ਸੁਪਰਵਾਈਜ਼ਰਾਂ ਲਈ ਰੋਜ਼ਾਨਾ ਫੀਲਡ ਦੌਰੇ ਲਾਜ਼ਮੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਮੁਲਾਜ਼ਮ ਆਪਣੇ ਅਧੀਨ ਆਉਂਦੇ ਇਲਾਕਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਕੀਤੇ ਗਏ ਕੰਮ ਦੀਆਂ ਜਿਓ-ਟੈਗ ਤਸਵੀਰਾਂ ਵੀ ਸਿਸਟਮ 'ਤੇ ਅਪਲੋਡ ਕਰਨਗੇ, ਤਾਂ ਜੋ ਹਰ ਕੰਮ ਦੀ ਨਿਗਰਾਨੀ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਸਕੇ।
ਇਸ ਦੇ ਨਾਲ ਹੀ ਬਿਲਡਿੰਗ ਐਂਡ ਰੋਡਜ਼ ਸ਼ਾਖਾ ਦੇ ਅਧਿਕਾਰੀਆਂ ਨੂੰ ਵੀ ਖੁੱਲ੍ਹੀਆਂ ਥਾਵਾਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਸੁੱਟੇ ਗਏ ਮਲਬੇ ਅਤੇ ਨਿਰਮਾਣ ਤੇ ਢਾਹੁਣ ਦੇ ਕੂੜੇ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਹਰ ਸਥਾਨ ਦੀ ਸਫ਼ਾਈ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਸਾਂਝੀਆਂ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਕੰਮ ਦੀ ਪ੍ਰਗਤੀ ਦਾ ਸਹੀ ਰਿਕਾਰਡ ਬਣਿਆ ਰਹੇ।
ਸੋਮਵਾਰ ਸਵੇਰੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਖੁਦ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਾਲਜ ਰੋਡ, ਸਿਮੈਟਰੀ ਰੋਡ, ਪੈਵੇਲੀਅਨ ਮਾਲ ਦੇ ਨੇੜਲੇ ਖੇਤਰ, ਮਾਤਾ ਰਾਣੀ ਚੌਕ, ਚੌੜਾ ਬਾਜ਼ਾਰ, ਬੁੱਕਸ ਮਾਰਕੀਟ, ਖ਼ਵਾਜਾ ਕੋਠੀ ਚੌਕ, ਸੁਭਾਨੀ ਬਿਲਡਿੰਗ ਚੌਕ, ਫ਼ੀਲਡ ਗੰਜ, ਸਿਵਲ ਹਸਪਤਾਲ ਦੇ ਨੇੜਲੇ ਇਲਾਕਿਆਂ ਅਤੇ ਕੋਚਰ ਮਾਰਕੀਟ ਸਮੇਤ ਕਈ ਸਥਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਦੀ ਚੇਤਾਵਨੀ ਦਿੱਤੀ।
ਸ਼ਾਮ ਸਮੇਂ ਕਮਿਸ਼ਨਰ ਅਲੰਕਾਰ ਨੇ ਜ਼ੋਨਲ ਕਮਿਸ਼ਨਰਾਂ ਅਤੇ ਸੁਪਰਡੈਂਟ ਇੰਜੀਨੀਅਰਾਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਮੀਟਿੰਗ ਦੌਰਾਨ ਸਾਰੇ ਜ਼ੋਨਾਂ ਵਿੱਚ ਚੱਲ ਰਹੀਆਂ ਸਫ਼ਾਈ ਮੁਹਿੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਹਦਾਇਤ ਦਿੱਤੀ ਗਈ ਕਿ ਨਗਰ ਨਿਗਮ ਦੀਆਂ ਸਾਰੀਆਂ ਸ਼ਾਖਾਵਾਂ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸ਼ਹਿਰ ਵਿੱਚ ਸਫ਼ਾਈ ਦੀ ਸਥਿਤੀ ਹੋਰ ਬਿਹਤਰ ਬਣਾਈ ਜਾ ਸਕੇ।
ਕਮਿਸ਼ਨਰ ਨੇ ਇਹ ਵੀ ਕਿਹਾ ਕਿ ਹਰ ਇਲਾਕੇ ਵਿੱਚ ਗਾਰਬੇਜ ਵਲਨਰੇਬਲ ਪੁਆਇੰਟਸ ਦੀ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇ। ਜਿੱਥੇ ਵੀ ਲੋਕ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਮਿਲਣ, ਉੱਥੇ ਨਿਯਮਾਂ ਅਨੁਸਾਰ ਤੁਰੰਤ ਚਲਾਨ ਕੀਤੇ ਜਾਣ, ਤਾਂ ਜੋ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲੱਗ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਨਗਰ ਨਿਗਮ ਦੀ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਿਰਫ਼ ਨਗਰ ਨਿਗਮ ਦੇ ਯਤਨਾਂ ਨਾਲ ਹੀ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਹੀ ਲੁਧਿਆਣਾ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਇਆ ਜਾ ਸਕਦਾ ਹੈ।