ਤਨਖ਼ਾਹ ’ਚ 20 ਫੀਸਦੀ ਤੱਕ ਕੀਤਾ ਜਾਵੇ ਵਾਧਾ : ਸਿਹਤ ਕਾਮੇ
ਤਨਖ਼ਾਹ ਵਿੱਚ 20 ਪ੍ਰਤੀਸ਼ਤ ਤੱਕ ਕੀਤਾ ਜਾਵੇ ਵਾਧਾ-ਸਿਹਤ ਕਾਮੇ
Publish Date: Sat, 28 Feb 2026 06:27 PM (IST)
Updated Date: Sat, 28 Feb 2026 06:28 PM (IST)

ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਪ੍ਰਦਰਸ਼ਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਅਤੇ ਪੰਜਾਬ ਦਾ ਪੁਤਲਾ ਫੂਕਣ ਦਾ ਐਲਾਨ ਕਰਦਿਆਂ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਗੁਰੂਦੁਆਰਾ ਸਾਹਿਬ ਤ੍ਰਿਪੜੀ ਤੋਂ ਹੁੰਦੇ ਗੁਰੂਦਵਾਰਾ ਦੁੱਖ ਨਿਵਾਰਨ ਸਾਹਿਬ ਦੇ ਚੌਕ ਵਿਚ ਚੱਕਾ ਜਾਮ ਕਰਕੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਹਨਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਮਾਰਚ ਦੇ ਪਹਿਲੇ ਹਫਤੇ ਧਰਨਾ, ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਮੁਤਾਬਕ ਤਕਰੀਬਨ 15 ਦਿਨ ਬੀਤ ਜਾਣ ਉਪਰ ਵੀ ਕਰਮਚਾਰੀਆਂ ਦੀ ਮੰਗ ਦਿੱਲੀ ਸਰਕਾਰ ਦੀ ਤਰਜ ‘ਤੇ 20 ਫ਼ੀਸਦੀ ਵਾਧਾ ਉਪਰ ਕੋਈ ਕਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਸਿਹਤ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਗਟ ਕਰਨ ਲਈ 8 ਮਾਰਚ ਨੂੰ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਦਾ ਘਿਰਾਓ ਕਰਨਗੇ। ਇਸ ਮੌਕੇ ਗੁਰਜੰਟ ਸਿੰਘ ਖੰਨਾ ਜਨਰਲ ਸਕੱਤਰ ਨੇ ਕਿਹਾ ਕਿ ਸਰਕਾਰ ਨੇ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ। ਯੂਨੀਅਨ ਦੇ ਪ੍ਰੈੱਸ ਸਕੱਤਰ ਮੁਨੀਸ਼ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਵਾਅਦੇ ਪੂਰੇ ਨਾ ਕੀਤੇ ਗਏ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 2027 ਦੀਆਂ ਚੋਣਾਂ ਦੌਰਾਨ ਘਰ-ਘਰ ਜਾ ਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।