ਦਿਲ ਕੰਬਾਊ ਘਟਨਾ :16 ਸਾਲਾ ਨਾਬਾਲਗ ਲੜਕੇ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ, ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ
ਲੁਧਿਆਣਾ ਦੇ ਫੁੱਲਾਂਵਾਲ ਇਲਾਕੇ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 16 ਸਾਲਾ ਨੌਜਵਾਨ ’ਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਖੋਜ ਸ਼ੁਰੂ ਕਰ ਦਿੱਤੀ ਹੈ।
Publish Date: Mon, 25 May 2026 12:24 PM (IST)
Updated Date: Mon, 25 May 2026 12:29 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਫੁੱਲਾਂਵਾਲ ਇਲਾਕੇ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 16 ਸਾਲਾ ਨੌਜਵਾਨ ’ਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਖੋਜ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ’ਚ ਕਰਨੈਲ ਸਿੰਘ ਨਗਰ ਵਾਸੀ ਸੰਜੀਤ ਸਿੰਘ ਨੇ ਦੱਸਿਆ ਕਿ ਉਸਦਾ 16 ਸਾਲਾ ਪੁੱਤਰ ਸਾਹਿਲ ਬੀਤੇ ਦਿਨੀਂ ਆਪਣੇ ਮਾਸੀ ਦੇ ਲੜਕੇ ਪੰਕਜ ਨਾਲ ਮੋਟਰਸਾਈਕਲ ’ਤੇ ਸਬਜ਼ੀ ਲੈਣ ਲਈ ਗਿਆ ਸੀ। ਜਦੋਂ ਉਹ ਫੁੱਲਾਂਵਾਲ ਸਟੇਡੀਅਮ ਨੇੜੇ ਸੇਵਾ ਕੇਂਦਰ ਕੋਲ ਪਹੁੰਚੇ ਤਾਂ ਸਟੇਡੀਅਮ ਵਾਲੀ ਗਲੀ ’ਚ ਪਹਿਲਾਂ ਤੋਂ ਮੌਜੂਦ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਸਾਹਿਲ ਮੋਟਰਸਾਈਕਲ ਤੋਂ ਉਤਰ ਕੇ ਭੱਜਣ ਲੱਗਾ ਤਾਂ ਹਮਲਾਵਰਾਂ ਨੇ ਉਸ ’ਤੇ ਮਾਰੂ ਹਥਿਆਰਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸਾਹਿਲ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰ ਵੱਲੋਂ ਉਸਨੂੰ ਤੁਰੰਤ ਮੈਡੀਵੇਜ਼ ਹਸਪਤਾਲ, ਫਿਰੋਜ਼ਪੁਰ ਰੋਡ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪੁਲਿਸ ਨੇ ਇਸ ਮਾਮਲੇ ਵਿੱਚ ਪਰਮ, ਗੌਤਮ, ਬੱਚੂ ਅਤੇ ਨੰਨੀ ਸਮੇਤ 10 ਤੋਂ 12 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀਆਂ ਮੁਤਾਬਕ ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।