ਥਾਣੇ ਪਹੁੰਚੇ ਬੇਵੱਸ ਪਿਤਾ ਕੋਲੋਂ ਰਿਸ਼ਵਤ ਮੰਗਣੀ ਪਈ ਮਹਿੰਗੀ, ਵਿਜੀਲੈਂਸ ਨੇ ਜਾਲ ਵਿਛਾ ਕੇ ASI ਨੂੰ ਕੀਤਾ ਗ੍ਰਿਫ਼ਤਾਰ
ਲਾਪਤਾ ਹੋਈ ਧੀ ਦੀ ਤਲਾਸ਼ ਲਈ ਪੁਲਿਸ ਕੋਲ ਸ਼ਿਕਾਇਤ ਲੈ ਕੇ ਗਏ ਇਕ ਪਿਤਾ ਤੋਂ ਰਿਸ਼ਵਤ ਮੰਗਣ ਵਾਲੇ ਲੁਧਿਆਣਾ ਦੇ ਥਾਣਾ-8 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਵਿਜੀਲੈਂਸ ਨੇ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸ ਦੀ 22 ਸਾਲ ਦੀ ਧੀ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਧੀ ਦ
Publish Date: Thu, 28 May 2026 11:20 AM (IST)
Updated Date: Thu, 28 May 2026 11:21 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲਾਪਤਾ ਹੋਈ ਧੀ ਦੀ ਤਲਾਸ਼ ਲਈ ਪੁਲਿਸ ਕੋਲ ਸ਼ਿਕਾਇਤ ਲੈ ਕੇ ਗਏ ਇਕ ਪਿਤਾ ਤੋਂ ਰਿਸ਼ਵਤ ਮੰਗਣ ਵਾਲੇ ਲੁਧਿਆਣਾ ਦੇ ਥਾਣਾ-8 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਵਿਜੀਲੈਂਸ ਨੇ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸ ਦੀ 22 ਸਾਲ ਦੀ ਧੀ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਧੀ ਦੇ ਗੁੰਮ ਹੋਣ ਸਬੰਧੀ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ-8 ਵਿਖੇ ਡਿਊਟੀ ਅਫ਼ਸਰ ਏਐੱਸਆਈ ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ।
ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸ ਦੀ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ਤੇ ਹੀ ਉਸ ਤੋਂ 6000 ਰੁਪਏ ਵੀ ਲੈ ਲਏ। ਬੁਲਾਰੇ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ- 8 ਵਿਖੇ ਐੱਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐੱਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਐੱਫਆਈਆਰ ਦੀ ਕਾਪੀ ਦੇਣ ਅਤੇ ਇਸ ਤੇ ਅਗਲੀ ਕਾਰਵਾਈ ਕਰਨ ਲਈ ਬਾਕੀ ਰਹਿੰਦੇ 14,000 ਦੇਣ ਲਈ ਕਿਹਾ। ਇਸ ’ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ। ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।