ਲੋਕ ਹਿੱਤਾਂ ਲਈ ਕੀਤੇ ਇਤਿਹਾਸਕ ਕੰਮ : ਮੁੰਡੀਆਂ
ਲੋਕ ਹਿੱਤਾਂ ਲਈ ਕੀਤੇ ਇਤਿਹਾਸਕ ਕੰਮ-ਮੁੰਡੀਆਂ
Publish Date: Sun, 31 May 2026 07:36 PM (IST)
Updated Date: Mon, 01 Jun 2026 04:12 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਲੋਕ-ਹਿਤੈਸ਼ੀ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਯੂਨਿਟ ਦੀ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੇਂ ਕਲਾਸਰੂਮ, ਆਧੁਨਿਕ ਸਹੂਲਤਾਂ ਅਤੇ ਅਧਿਆਪਕਾਂ ਦੀ ਸਿਖਲਾਈ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਆਮ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਜਾਂਚ ਅਤੇ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ 10 ਲੱਖ ਰੁਪਏ ਦਾ ਮੁਫ਼ਤ ਕੈਸ਼ਲੈਸ ਇਲਾਜ ਸਕੀਮ ਲਿਆਂਦੀ ਗਈ ਹੈ।ਮੁੰਡੀਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੀਤੀਆਂ ਗਈਆਂ ਹਨ ਅਤੇ ਯੋਗਤਾ ਦੇ ਆਧਾਰ 'ਤੇ ਨਿਯੁਕਤੀਆਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਕਿਸੇ ਪਰੇਸ਼ਾਨੀ ਦੇ ਸੇਵਾਵਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਵੀ ਕਈ ਕਦਮ ਚੁੱਕੇ ਗਏ ਹਨ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੀ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਇਮਾਨਦਾਰ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਵਿੱਖ ਵਿੱਚ ਵੀ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਲੋਕ-ਹਿਤ ਦੀ ਰਾਜਨੀਤੀ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਹੋਰ ਤਰੱਕੀ ਅਤੇ ਖੁਸ਼ਹਾਲੀ ਵੱਲ ਲਿਜਾਇਆ ਜਾ ਸਕੇ।