ਥਾਣਾ ਡਿਵੀਜ਼ਨ ਨੰਬਰ 6 ਦੇ ਅਧੀਨ ਆਉਂਦੀ ਚੌਂਕੀ ਸ਼ੇਰਪੁਰ ਦੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਵਾਹਨ ਚਾਲਕ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ । ਲੁਧਿਆਣਾ ਦੇ ਢੋਲੇਵਾਲ ਇਲਾਕੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 56 ਸਾਲਾ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਲਮ ਵਜੋਂ ਹੋਈ ਹੈ, ਜੋ ਗਿਆਸਪੁਰਾ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਕੰਗਣ ਵਾਲੀ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਮੁਹੰਮਦ ਆਲਮ ਹਰ ਰੋਜ਼ ਦੀ ਤਰ੍ਹਾਂ ਬੁੱਧਵਾਰ ਸਵੇਰੇ ਵੀ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਢੋਲੇਵਾਲ ਸਥਿਤ ਫੈਕਟਰੀ ਦੇ ਦਫਤਰ ਪਹੁੰਚਿਆ ਸੀ। ਉਹ ਪਹਿਲਾਂ ਆਪਣੇ ਮਾਲਕ ਕੋਲੋਂ ਦਫਤਰ ਵਿੱਚ ਕੰਮ ਸੰਬੰਧੀ ਜਾਣਕਾਰੀ ਲੈਂਦਾ ਅਤੇ ਫਿਰ ਕੰਗਣਵਾਲ ਫੈਕਟਰੀ ਵਿੱਚ ਜਾ ਕੇ ਆਪਣੀ ਡਿਊਟੀ ਨਿਭਾਉਂਦਾ ਸੀ।
ਜਦੋਂ ਉਹ ਮਿਲਟਰੀ ਕੈਂਪ ਦੇ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਰੇਤ ਨਾਲ ਲੱਦੀ ਟਰਾਲੀ ਨੇ ਉਸ ਨੂੰ ਸਾਹਮਣੇ ਤੋਂ ਟੱਕਰ ਮਾਰ ਕੇ ਬੇਰਹਿਮੀ ਨਾਲ ਕੁਚਲ ਦਿੱਤਾ।
ਹਾਦਸਾ ਇੰਨਾ ਭਿਆਨਕ ਸੀ ਕਿ ਮੁਹੰਮਦ ਆਲਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੇ ਤੁਰੰਤ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਹਾਦਸਾਗ੍ਰਸਤ ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ।
ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਟਰੈਕਟਰ-ਟਰਾਲੀ ‘ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਇਨ੍ਹਾਂ ਹੀ ਨਹੀਂ, ਟਰੈਕਟਰ ਨਾਲ ਸੰਬੰਧਿਤ ਕੋਈ ਵੀ ਦਸਤਾਵੇਜ਼ ਵੀ ਮੌਕੇ ਤੋਂ ਨਹੀਂ ਮਿਲੇ। ਜਿਸ ਕਾਰਨ ਪੁਲਿਸ ਹੁਣ ਟਰੈਕਟਰ ਅਤੇ ਉਸਦੇ ਚਾਲਕ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।
ਮ੍ਰਿਤਕ ਆਪਣੇ ਪਿੱਛੇ ਦੋ ਬੇਟੇ ਅਤੇ ਇੱਕ ਬੇਟੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕਾ ਵਾਸੀਆਂ ਨੇ ਵੀ ਇਸ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਬਿਨਾਂ ਨੰਬਰ ਅਤੇ ਗੈਰ ਕਾਨੂੰਨੀ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਡਿਵੀਜ਼ਨ ਨੰਬਰ 6 ਦੇ ਅਧੀਨ ਆਉਂਦੀ ਚੌਂਕੀ ਸ਼ੇਰਪੁਰ ਦੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਵਾਹਨ ਚਾਲਕ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।