ਪਤੀ ਦੀ ਕਰਤੂਤ ਆਈ ਸਾਹਮਣੇ: ਦੂਜਾ ਵਿਆਹ ਰਚਾਉਣ ਤੋਂ ਬਾਅਦ ਵਧਿਆ ਵਿਵਾਦ, ਪਤੀ ਸਮੇਤ ਤਿੰਨ ਦੇ ਖ਼ਿਲਾਫ਼ ਕੇਸ ਦਰਜ
ਦੂਜੇ ਵਿਆਹ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹੁਣ ਪੁਲਿਸ ਤੱਕ ਪਹੁੰਚ ਗਿਆ ਹੈ। ਇੱਕ ਔਰਤ ਨੇ ਆਪਣੇ ਪਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਉੱਤੇ ਗਾਲੀ-ਗਲੋਚ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Sun, 26 Jul 2026 12:50 PM (IST)
Updated Date: Sun, 26 Jul 2026 12:55 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਦੂਜੇ ਵਿਆਹ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹੁਣ ਪੁਲਿਸ ਤੱਕ ਪਹੁੰਚ ਗਿਆ ਹੈ। ਇੱਕ ਔਰਤ ਨੇ ਆਪਣੇ ਪਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਉੱਤੇ ਗਾਲੀ-ਗਲੋਚ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪੱਖੋਵਾਲ ਰੋਡ ਸਥਿਤ ਓਮੈਕਸ ਫਲੈਟ ਦੀ ਰਹਿਣ ਵਾਲੀ ਸਿਮਰਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਸਮਰ ਗੁਲਾਟੀ ਨਾਲ ਦੂਜਾ ਵਿਆਹ ਹੋਇਆ ਸੀ। ਉਸ ਦਾ ਦੋਸ਼ ਹੈ ਕਿ ਵਿਆਹ ਤੋਂ ਬਾਅਦ ਸਮਰ ਗੁਲਾਟੀ ਦੀ ਪਹਿਲੀ ਪਤਨੀ ਵੱਲੋਂ ਲਗਾਤਾਰ ਉਨ੍ਹਾਂ ਦੇ ਵਿਆਹੁਤਾ ਜੀਵਨ ਵਿੱਚ ਦਖ਼ਲਅੰਦਾਜ਼ੀ ਕੀਤੀ ਜਾਂਦੀ ਰਹੀ, ਜਿਸ ਕਾਰਨ ਵਿਵਾਦ ਲਗਾਤਾਰ ਡੂੰਘਾ ਹੁੰਦਾ ਗਿਆ।
ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਫੋਨ ਕਰਕੇ ਉਸ ਨਾਲ ਗਾਲੀ-ਗਲੋਚ ਕੀਤੀ ਅਤੇ ਸਮਰ ਗੁਲਾਟੀ ਨੂੰ ਛੱਡਣ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਅਗਲੇ ਦਿਨ ਮਾਰਕੀਟ ਸਥਿਤ ਇੱਕ ਠੇਕੇ ਦੇ ਬਾਹਰ ਸਮਰ ਗੁਲਾਟੀ ਅਤੇ ਸੁਮੀਤ ਗੁਲਾਟੀ ਮਿਲੇ, ਜਿੱਥੇ ਕਥਿਤ ਤੌਰ ’ਤੇ ਮੁੜ ਉਸ ਨਾਲ ਗਾਲੀ-ਗਲੋਚ ਕੀਤੀ ਗਈ ਅਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਓਮੈਕਸ ਫਲੈਟ ਵਿਖੇ ਸਮਰ ਗੁਲਾਟੀ ਨੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਪਹੁੰਚ ਕੇ ਇਨਸਾਫ਼ ਦੀ ਮੰਗ ਕੀਤੀ।
ਥਾਣਾ ਸਦਰ ਦੀ ਪੁਲਿਸ ਨੇ ਸਿਮਰਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸਮਰ ਗੁਲਾਟੀ, ਪ੍ਰੀਤ ਗੁਲਾਟੀ ਅਤੇ ਸੁਮੀਤ ਗੁਲਾਟੀ ਵਿਰੁੱਧ ਬੀਐਨਐੱਸ ਦੀਆਂ ਧਾਰਾਵਾਂ 115(2), 126(2), 351(2) ਅਤੇ 61(2) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।