- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਦੋਂ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਕੈਪਟਨ ਭਾਜਪਾ ਵਿੱਚ ਸਹਿਜ ਮਹਿਸੂਸ ਨਹੀਂ ਕਰ ਰਹੇ। ਉਦੋਂ ਤੋਂ ਹੀ ਇਹ ਚਰਚਾ ਗਰਮ ਹੋ ਗਈ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ। ਇਸ ਦੌਰਾਨ, ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਨੂੰ ਈਡੀ ਵੱਲੋਂ ਸੰਮਨ ਕੀਤੇ ਜਾਣ ਨੂੰ ਵੀ ਇਸ ਨਾਲ ਜੋੜਿਆ ਜਾ ਰਿਹਾ ਹੈ।

ਜਾਗਰਣ ਟੀਮ, ਚੰਡੀਗੜ੍ਹ-ਲੁਧਿਆਣਾ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਮੁਦਰਾ ਮੈਨੇਜਮੈਂਟ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ’ਚ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਚਰਚਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਅਸਹਿਜ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਨੇ ਜਨਤਕ ਮੰਚ ’ਤੇ ਵੀ ਇਸ ਗੱਲ ਨੂੰ ਕਿਹਾ ਹੈ ਇਸ ਲਈ ਉਨ੍ਹਾਂ ਨੂੰ ਸੰਮਨ ਭੇਜਿਆ ਗਿਆ ਹੈ। ਇਸ ਵਿਚਾਲੇ ਕਾਂਗਰਸ ਦੇ ਸੂਬਾਈ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪਾਰਟੀ ਖ਼ਿਲਾਫ਼ ਬੋਲਣ ਵਾਲਿਆਂ ਦੇ ਨਾਲ ਭਾਜਪਾ ਇਸੇ ਤਰ੍ਹਾਂ ਦਾ ਵਿਹਾਰ ਕਰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਆਗੂ ਕਰਾਰ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸੀਨੀਆਰਤਾ ਨੂੰ ਲੈ ਕੇ ਕੋਈ ਕਿੰਤੂ-ਪਰੰਤੂ ਨਹੀਂ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਨੇ ਕਿਹਾ ਕਿ ਜੇ ਕੈਪਟਨ ਵੱਲੋਂ ਘਰ ਵਾਪਸੀ ਦਾ ਕੋਈ ਪ੍ਰਸਤਾਵ ਆਉਂਦਾ ਹੈ ਤਾਂ ਹਾਈ ਕਮਾਨ ਉਸ ’ਤੇ ਵਿਚਾਰ ਕਰੇਗੀ। ਉਥੇ, ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਭਾਜਪਾ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਜੈ ਇੰਦਰ ਕੌਰ ਦਾ ਕਹਿਣਾ ਹੈ ਕਿ ਈਡੀ ਵੱਲੋਂ ਜੋ ਸੰਮਨ ਭੇਜੇ ਗਏ ਹਨ, ਉਹ ਇਕ ਪੁਰਾਣੇ ਮਾਮਲੇ ਦੀ ਚੱਲ ਰਹੀ ਜਾਂਚ ਦੀ ਰੂਟੀਨ ਪ੍ਰਕਿਰਿਆ ਹੈ ਤੇ ਉਨ੍ਹਾਂ ਦੇ ਪਿਤਾ ਤੇ ਭਰਾ ਆਪਣਾ ਪੱਖ ਜ਼ਰੂਰ ਰੱਖਣਗੇ। ਕੈਪਟਨ ਦੇ ਕਾਂਗਰਸ ’ਚ ਸ਼ਾਮਲ ਹੋਣ ਨੂੰ ਉਨ੍ਹਾਂ ਨੇ ਕੋਰੀ ਅਫ਼ਵਾਹ ਦੱਸਿਆ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਤਦ ਚਰਚਾ ’ਚ ਆਏ ਸਨ ਜਦ ਉਨ੍ਹਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਭਾਜਪਾ ਸਮਝੌਤਾ ਨਹੀਂ ਕਰਦੀ ਹੈ ਤਾਂ 2027 ਕੀ 2032 ਵੀ ਭੁੱਲ ਜਾਓ। ਇਹੀ ਨਹੀਂ, ਕੈਪਟਨ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ’ਚ ਤਾਂ ਉਨ੍ਹਾਂ ਤੋਂ ਪੁੱਛ ਕੇ ਫ਼ੈਸਲੇ ਹੁੰਦੇ ਸਨ ਪਰ ਭਾਜਪਾ ’ਚ ਨਹੀਂ। ਇਸ ਤੋਂ ਬਾਅਦ ਤੋਂ ਕਿਆਸ ਲਾਏ ਜਾ ਰਹੇ ਸਨ ਕਿ ਕੈਪਟਨ ਭਾਜਪਾ ’ਚ ਸਹਿਜ ਮਹਿਸੂਸ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ ਤੋਂ ਹੀ ਇਹ ਚਰਚਾ ਗਰਮ ਹੋ ਗਈ ਸੀ ਕਿ ਕੀ ਕੈਪਟਨ ਅਮਰਿੰਦਰ ਸਿੰਘ ਦੁਬਾਰਾ ਕਾਂਗਰਸ ’ਚ ਜਾਣ ਦੀ ਤਾਂ ਨਹੀਂ ਸੋਚ ਰਹੇ ਹਨ। ਇਸੇ ਵਿਚਾਲੇ ਈਡੀ ਵੱਲੋਂ ਕੈਪਟਨ ਤੇ ਉਨ੍ਹਾਂ ਦੇ ਪੁੱਤਰ ਨੂੰ ਸੰਮਨ ਕੀਤੇ ਜਾਣ ਨੂੰ ਵੀ ਇਸੇ ਨਾਲ ਜੋੜਿਆ ਜਾ ਰਿਹਾ ਹੈ।
ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਬਣਾਈ ਸੀ ਆਪਣੀ ਪਾਰਟੀ
2021 ’ਚ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਗਠਨ ਕਰ ਲਿਆ ਸੀ। 2022 ਦੀ ਵਿਧਾਨ ਸਭਾ ਚੋਣ ਉਨ੍ਹਾਂ ਨੇ ਭਾਜਪਾ ਦੇ ਨਾਲ ਗੱਠਜੋੜ ਕਰ ਕੇ ਲੜੀ ਪਰ ਉਨ੍ਹਾਂ ਦੀ ਪਾਰਟੀ ਤੇ ਉਹ ਖ਼ੁਦ ਚੋਣ ਨਹੀਂ ਜਿੱਤ ਸਕੇ। ਬਾਅਦ ’ਚ ਉਨ੍ਹਾਂ ਨੇ ਆਪਣੀ ਪਾਰਟੀ ਦਾ ਭਾਜਪਾ ’ਚ ਮੇਲ ਕਰ ਲਿਆ। 83 ਸਾਲਾ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਆਪਣੀ ਰੀੜ੍ਹ ਦੀ ਹੱਡੀ ਤੇ ਹੁਣ ਗੋਡਿਆਂ ਦੇ ਇਲਾਜ ਲਈ ਮੋਹਾਲੀ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਹਨ।