ਡਿਪੋ ਦੇ ਸੁਰੱਖਿਆ ਘੇਰੇ 'ਚ ਨਾਜਾਇਜ਼ ਉਸਾਰੀ: ਭਾਰਤੀ ਸੈਨਾ ਦੀ ਸ਼ਿਕਾਇਤ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਦੇਸ਼ ਦੀ ਰੱਖਿਆ ਨਾਲ ਜੁੜੇ ਸੰਵੇਦਨਸ਼ੀਲ ਫੌਜੀ ਅਦਾਰਿਆਂ ਦੇ ਆਲੇ-ਦੁਆਲੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਲੁਧਿਆਣਾ ਪੁਲਿਸ ਨੇ ਬੱਦੋਵਾਲ ਸਥਿਤ 17 ਫੀਲਡ ਐਮੂਨੀਸ਼ਨ ਡਿਪੋ ਦੇ ਅਧਿਸੂਚਿਤ ਸੁਰੱਖਿਆ ਖੇਤਰ ਵਿੱਚ ਕਥਿਤ ਤੌਰ ’ਤੇ ਨਾਜਾਇਜ਼ ਉਸਾਰੀ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
Publish Date: Tue, 02 Jun 2026 11:02 AM (IST)
Updated Date: Tue, 02 Jun 2026 11:04 AM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ। ਦੇਸ਼ ਦੀ ਰੱਖਿਆ ਨਾਲ ਜੁੜੇ ਸੰਵੇਦਨਸ਼ੀਲ ਫੌਜੀ ਅਦਾਰਿਆਂ ਦੇ ਆਲੇ-ਦੁਆਲੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਲੁਧਿਆਣਾ ਪੁਲਿਸ ਨੇ ਬੱਦੋਵਾਲ ਸਥਿਤ 17 ਫੀਲਡ ਐਮੂਨੀਸ਼ਨ ਡਿਪੋ ਦੇ ਅਧਿਸੂਚਿਤ ਸੁਰੱਖਿਆ ਖੇਤਰ ਵਿੱਚ ਕਥਿਤ ਤੌਰ ’ਤੇ ਨਾਜਾਇਜ਼ ਉਸਾਰੀ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਕਾਰਵਾਈ ਫੌਜੀ ਅਧਿਕਾਰੀਆਂ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ। ਜਾਣਕਾਰੀ ਅਨੁਸਾਰ 17 ਫੀਲਡ ਐਮੂਨੀਸ਼ਨ ਡਿਪੋ ਬੱਦੋਵਾਲ ਦੇ ਪ੍ਰਸ਼ਾਸਕੀ ਅਧਿਕਾਰੀ ਲੈਫਟੀਨੈਂਟ ਕਰਨਲ/ਮੇਜਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਪਿੰਡ ਬੈਂਸ ਦੇ ਰਹਿਣ ਵਾਲੇ ਅਮਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਡਿਪੋ ਦੇ ਅਧਿਸੂਚਿਤ ਸੁਰੱਖਿਆ ਖੇਤਰ ਅੰਦਰ ਮਕਾਨ ਦੀ ਉਸਾਰੀ ਕੀਤੀ ਹੈ। ਫੌਜ ਵੱਲੋਂ ਨਿਰਧਾਰਤ ਨਿਯਮਾਂ ਮੁਤਾਬਕ ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਕਾਰਜ ਕਰਨ ਲਈ ਪਾਬੰਦੀਆਂ ਲਾਗੂ ਹਨ ਅਤੇ ਸਬੰਧਤ ਵਿਅਕਤੀ ਨੂੰ ਇਸ ਬਾਰੇ ਪਹਿਲਾਂ ਵੀ ਸੂਚਿਤ ਕੀਤਾ ਗਿਆ ਸੀ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਚਿਤਾਵਨੀ ਦੇ ਬਾਵਜੂਦ ਅਮਰਜੀਤ ਸਿੰਘ ਨੇ ਉਸਾਰੀ ਦਾ ਕੰਮ ਜਾਰੀ ਰੱਖਿਆ, ਜਿਸ ਨਾਲ ਸੁਰੱਖਿਆ ਨਿਯਮਾਂ ਦੀ ਉਲੰਘਣਾ ਹੋਈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਰਾਭਾ ਨਗਰ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 223 ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੌਜੀ ਸਥਾਪਨਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਸੂਚਿਤ ਖੇਤਰਾਂ ਵਿੱਚ ਲਾਗੂ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਜੀਤ ਪਾਲ ਸਿੰਘ ਨੇ ਦੱਸਿਆ ਕਿ ਤੱਥਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।