17.25 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਪ੍ਰਸ਼ਾਸਨ ਨੇ ਕੱਸੀ ਕਮਰ ਅਹਿਮ ਖ਼ਬਰ:17.25 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਪ੍ਰਸ਼ਾਸਨ ਨੇ ਕੱਸੀ ਕਮਰ
Publish Date: Thu, 24 Sep 2026 08:03 PM (IST)
Updated Date: Thu, 24 Sep 2026 08:06 PM (IST)
-ਲੁਧਿਆਣਾ ਦੀਆਂ 109 ਅਨਾਜ ਮੰਡੀਆਂ ’ਚ ਪੁਖ਼ਤਾ ਪ੍ਰਬੰਧ -ਕਿਸਾਨਾਂ ਨੂੰ 17 ਫ਼ੀਸਦ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਸਟੀਵਨ ਗੁਪਤਾ, ਪੰਜਾਬੀ ਜਾਗਰਣ ਲੁਧਿਆਣਾ : ਸਾਉਣੀ ਸੀਜ਼ਨ 2026-27 ਦੌਰਾਨ ਲੁਧਿਆਣਾ ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਮ ਸਿੰਘ ਗਿੱਲ ਆਡੀਟੋਰੀਅਮ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਖਰੀਫ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਇਸ ਵਾਰ ਲਗਭਗ 17.25 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 13.11 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 109 ਨਿਯਮਤ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਤੇਜ਼ੀ ਨਾਲ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਬੰਧਤ ਐੱਸਡੀਐੱਮ ਆਪਣੇ-ਆਪਣੇ ਅਧਿਕਾਰ ਖੇਤਰ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਨਿਗਰਾਨੀ ਅਤੇ ਨਿਰਵਿਘਨ ਖਰੀਦ ਲਈ ਜਵਾਬਦੇਹ ਹੋਣਗੇ। ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਢੁੱਕਵੇਂ ਪ੍ਰਬੰਧ ਕਰਨ ਅਤੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਹਰੇਕ ਖਰੀਦ ਕੇਂਦਰ ਵਿੱਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਵਾਲੇ ਪਾਣੀ ਅਤੇ ਝੋਨੇ ਦੀ ਗੁਣਵੱਤਾ ਦੀ ਜਾਂਚ ਲਈ ਲੋੜੀਂਦੇ ਉਪਕਰਨਾਂ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਸ਼ਿਖਾ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ 17 ਫ਼ੀਸਦ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨਿਰਧਾਰਤ ਨਮੀ ਵਾਲੀ ਫ਼ਸਲ ਮੰਡੀ ਵਿੱਚ ਲਿਆਉਣ ਨਾਲ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਦਿੱਕਤ ਨਹੀਂ ਆਵੇਗੀ ਅਤੇ ਖਰੀਦ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਚੱਲੇਗੀ। ਮੀਟਿੰਗ ਵਿੱਚ ਡੀਐੱਫਐੱਸਸੀ ਪੱਛਮੀ ਸਰਤਾਜ ਸਿੰਘ ਚੀਮਾ, ਡੀਐੱਫਐੱਸਸੀ ਪੂਰਬੀ ਲਖਵੀਰ ਸਿੰਘ, ਡੀਐੱਮ ਮਾਰਕਫੈੱਡ ਸੁਧੀਰ, ਡੀਐੱਮ ਪਨਸਪ ਮੋਨਿਕਾ ਗੋਇਲ, ਡੀਐੱਮ ਪੀਐੱਸਡਬਲਿਊਸੀ ਸੁਖਵਿੰਦਰ ਸਿੰਘ, ਡੀਐੱਮਓ ਗੁਰਮਤਿਪਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਹਾਜ਼ਰ ਸਨ।