ਅਹਿਮ ਖ਼ਬਰ-ਸ੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਗੜਗੱਜ ਦਾ ਵਿਸ਼ੇਸ਼ ਸਨਮਾਨ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਥੇਦਾਰ ਅਕਾਲ ਤਖ਼ਤ ਦਾ ਵਿਸ਼ੇਸ਼ ਸਨਮਾਨ
---
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪੁੱਜੇ। ਜਿੱਥੇ ਅਕਾਲੀ ਦਲ ਦੀ ਲੀਡਰਸ਼ਿਪ ਨੇ ਜਥੇਦਾਰ ਗੜਗੱਜ ਦਾ ਵਿਸ਼ੇਸ਼ ਸਨਮਾਨ ਕੀਤਾ। ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਜਥੇਦਾਰ ਸਾਹਿਬ ਦੀਆਂ ਪੰਥਕ ਸੇਵਾਵਾਂ ਅਤੇ ਸਿੱਖ ਕੌਮ ਲਈ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਜ਼ਿੰਮੇਵਾਰੀ ਦੀ ਭਰਪੂਰ ਸ਼ਲਾਘਾ ਕੀਤੀ।
ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਰਿਆਦਾ, ਮਹੱਤਤਾ ਤੇ ਉਸਦੀ ਸ਼ਾਨ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਸੰਗਤ ਦੀ ਅਗਵਾਈ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜੋ ਕਿ ਸ਼ਲਾਘਾਯੋਗ ਉਪਰਾਲੇ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਗੁਰੂ ਘਰ ਦੀਆਂ ਪਰੰਪਰਾਵਾਂ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਜਥੇਦਾਰ ਗੜਗੱਜ ਨੇ ਸ੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਤੇ ਸੰਗਤਾਂ ਦੇ ਸਹਿਯੋਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਹਰ ਸਿੱਖ ਨੂੰ ਇਸ ਦੀ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਏਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਾਲਣਾ ਸਮੇਂ ਦੀ ਮੁੱਖ ਲੋੜ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਪੰਥ ਦੀ ਤਰੱਕੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਸਾਂਝੇ ਯਤਨ ਬਹੁਤ ਜ਼ਰੂਰੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿਤੇਸ਼ਇੰਦਰ ਸਿੰਘ ਗਰੇਵਾਲ, ਨੂਰਜੋਤ ਸਿੰਘ ਮੱਕੜ, ਹਰਪਾਲ ਸਿੰਘ, ਮਾਸਟਰ ਰਣਜੀਤ ਸਿੰਘ, ਜਤਿੰਦਰ ਸਿੰਘ ਖਾਲਸਾ, ਇੰਦਰਜੀਤ ਸਿੰਘ ਗਿੱਲ, ਸਰਬਜੀਤ ਸਿੰਘ ਛਾਪਾ, ਸੁਖਦੇਵ ਸਿੰਘ ਬਾੜੇਵਾਲ, ਦਿਲਰਾਜ ਸਿੰਘ, ਰਕੇਸ਼ ਇੰਦਰ ਸਿੰਘ ਰੂਬੀ ਆਦਿ ਹਾਜ਼ਰ ਸਨ।