- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸੂਨ ਤੋਂ ਪਹਿਲਾਂ ਐਕਸ਼ਨ ਮੋਡ ’ਚ ਨਿਗਮ-ਕਮਿਸ਼ਨਰ ਨੇ ਬੁੱਢੇ ਦਰਿਆ ਸਮੇਤ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸ਼ਨਿੱਚਰਵਾਰ ਨੂੰ ਬੁੱਢੇ ਦਰਿਆ ਅਤੇ ਇਸ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਦੇ ਓਪਰੇਸ਼ਨ ਐਂਡ ਮੇਨਟੇਨੈਂਸ (ਓਐਂਡਐੱਮ) ਸੈੱਲ ਦੇ ਅਧਿਕਾਰੀਆਂ ਨਾਲ ਫੀਲਡ ਵਿੱਚ ਪਹੁੰਚੇ ਕਮਿਸ਼ਨਰ ਨੇ ਬੁੱਢੇ ਦਰਿਆ ਦੀ ਸਫ਼ਾਈ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਦਰਿਆ ’ਤੇ ਬਣ ਰਹੀਆਂ ਰਿਟੇਨਿੰਗ ਕੰਧਾਂ, ਪੁਲੀਆਂ ਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਦੀ ਤਰੱਕੀ ਵੀ ਜਾਂਚੀ ਗਈ।
ਕਮਿਸ਼ਨਰ ਅਲੰਕਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਨਸੂਨ ਤੋਂ ਪਹਿਲਾਂ ਸਾਰੇ ਚੱਲ ਰਹੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਰਸਾਤ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਨਿਰੀਖਣ ਦੌਰਾਨ ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨੋਡਲ ਅਫ਼ਸਰ ਰਣਦੀਪ ਸੰਦੀਲਾ, ਐੱਸਡੀਓ ਅਰਜੁਨ ਸਿੱਕਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਨਿਗਮ ਕਮਿਸ਼ਨਰ ਨੇ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟ (ਈਟੀਪੀ) ਦਾ ਵੀ ਦੌਰਾ ਕੀਤਾ। ਉਨ੍ਹਾਂ ਅਧਿਕਾਰੀਆਂ ਤੋਂ ਇਨ੍ਹਾਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਸ਼ਹਿਰ ਵਿੱਚੋਂ ਲੰਘਦੇ ਬੁੱਢੇ ਦਰਿਆ ਦੇ ਜ਼ਿਆਦਾਤਰ ਹਿੱਸੇ ਵਿਚ ਸਫ਼ਾਈ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਦਰਿਆ ਦੇ ਨਾਲ ਲੋੜੀਂਦੀ ਮਸ਼ੀਨਰੀ ਅਤੇ ਸਟਾਫ਼ ਤਾਇਨਾਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੀਵਰੇਜ ਲਾਈਨਾਂ ਦੀ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪਾਣੀ ਭਰਨ ਵਾਲੇ ਨੀਵੇਂ ਇਲਾਕਿਆਂ ਦੀ ਪਛਾਣ ਕਰਕੇ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਭਰ ਦੀਆਂ ਰੋਡ ਜਾਲੀਆਂ (ਰੋਡ ਗ੍ਰੇਟਿੰਗ) ਦੀ ਸਫ਼ਾਈ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਪਾਣੀ ਦੀ ਨਿਕਾਸੀ ਸੁਚਾਰੂ ਰਹੇ। ਉਨ੍ਹਾਂ ਕਿਹਾ ਕਿ ਮਾਨਸੂਨ ਦੀ ਤਿਆਰੀ ਸਬੰਧੀ ਨਗਰ ਨਿਗਮ ਵੱਲੋਂ ਲਗਾਤਾਰ ਫੀਲਡ ਨਿਰੀਖਣ ਕੀਤੇ ਜਾ ਰਹੇ ਹਨ ਅਤੇ ਜ਼ਮੀਨੀ ਪੱਧਰ ’ਤੇ ਸਥਿਤੀ ਦੀ ਨਿਗਰਾਨੀ ਕਰਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।