- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਵਿੱਖ ’ਚ ਕਿਸਾਨ ਖੇਤਾਂ ਦੀ ਮਿੱਟੀ ਦੀ ਸਿਹਤ ਬਚਾਉਣ ਲਈ ਸੰਤੁਲਿਤ ਖਾਦਾਂ

ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ
ਸਮਰਾਲਾ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮਰਾਲਾ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਤੁਲਿਤ ਵਰਤੋਂ ਕਰਨ, ਪਰਾਲੀ ਦਾ ਯੋਗ ਪ੍ਰਬੰਧਨ ਕਰਨ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਮਸ਼ੀਨਾਂ ਅਤੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਵੀ ਜਾਇਜ਼ਾ ਲਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਤੋਂ ਬਾਅਦ ਭਾਰਤ ਨੇ ਖੇਤੀਬਾੜੀ ਉਤਪਾਦਨ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਚੌਲਾਂ ਦੇ ਉਤਪਾਦਨ ਵਿੱਚ ਦੁਨੀਆ ਵਿੱਚ ਪਹਿਲੇ ਅਤੇ ਕਣਕ ਦੇ ਉਤਪਾਦਨ ਵਿੱਚ ਦੂਜੇ ਸਥਾਨ ’ਤੇ ਹੈ, ਪਰ ਲਗਾਤਾਰ ਇੱਕੋ ਫ਼ਸਲ ਬੀਜਣ ਅਤੇ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਕਾਰਨ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਗਿਆਨਕ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕੀਤੀ ਜਾਵੇ ਅਤੇ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਬਾਹਰ ਨਿਕਲ ਕੇ ਦਾਲਾਂ ਅਤੇ ਹੋਰ ਬਦਲਵੀਆਂ ਫ਼ਸਲਾਂ ਵੱਲ ਵੀ ਧਿਆਨ ਦੇਣ। ਪਰਾਲੀ ਸਾੜਨ ਦੇ ਮੁੱਦੇ ’ਤੇ ਗੱਲ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਵਿੱਚ ਚੰਗਾ ਯੋਗਦਾਨ ਪਾਇਆ ਹੈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਅਤੇ ਬਦਨਾਮ ਕਰਨਾ ਬਹੁਤ ਗਲਤ ਹੈ। ਜਦੋਂ ਪਰਾਲੀ ਨਹੀਂ ਸਾੜੀ ਜਾ ਰਹੀ ਤਾਂ ਵੀ ਪ੍ਰਦੂਸ਼ਣ ਦੇ ਹੋਰ ਕਾਰਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ। ਕਿਸਾਨਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਮਝਣ ਦੀ ਲੋੜ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਅਤੇ ਕਿਸਾਨਾਂ ਦੀ ਫ਼ਸਲ ਪਈ ਰਹਿਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਰਿਕਾਰਡ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਖਰੀਦ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸੀਸੀਐੱਲ ਦੀ ਮੰਗ ਸਬੰਧੀ ਪੁੱਛੇ ਸਵਾਲ ਨੂੰ ਉਨ੍ਹਾਂ ਨੇ ਸਿਆਸੀ ਮੁੱਦਾ ਦੱਸਦਿਆਂ ਇਸ ’ਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਅਤੇ ਵਿਦੇਸ਼ੀ ਵਪਾਰ ਸਮਝੌਤਿਆਂ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੀਤੇ ਗਏ ਹਰ ਐੱਫਟੀਏ ਵਿੱਚ ਭਾਰਤੀ ਕਿਸਾਨਾਂ ਦੇ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮਝੌਤਿਆਂ ਨਾਲ ਭਾਰਤੀ ਖੇਤੀਬਾੜੀ ਉਤਪਾਦਾਂ ਲਈ ਵਿਸ਼ਵ ਬਾਜ਼ਾਰ ਖੁੱਲ੍ਹਣਗੇ ਅਤੇ ਕਿਸਾਨਾਂ ਨੂੰ ਨਿਰਯਾਤ ਦੇ ਵਧੇਰੇ ਮੌਕੇ ਮਿਲਣਗੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੁਲਾਕਾਤ ਕਰਨ ਸਬੰਧੀ ਵੀ ਕਿਹਾ ਕਿ ਕਿਸਾਨ ਆਗੂ ਉਨ੍ਹਾਂ ਦੇ ਭਰਾ-ਭੈਣਾਂ ਵਾਂਗ ਹਨ ਅਤੇ ਹਰ ਕਿਸੇ ਨਾਲ ਪਿਆਰ ਤੇ ਸਤਿਕਾਰ ਨਾਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵੀ ਸਾਨੂੰ ਆਪਸੀ ਪਿਆਰ ਅਤੇ ਭੇਦਭਾਵ ਤੋਂ ਰਹਿਤ ਰਹਿਣ ਦਾ ਸੰਦੇਸ਼ ਦਿੰਦੀਆਂ ਹਨ।ਕੇਂਦਰੀ ਮੰਤਰੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਇੱਕ ਏਕੜ ਵਿੱਚ ਤਿੰਨ ਫ਼ਸਲਾਂ ਦੇ ਮਾਡਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰਯੋਗਾਂ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਵੀ ਬਰਕਰਾਰ ਰੱਖੀ ਜਾ ਸਕਦੀ ਹੈ। ਇਸ ਮੌਕੇ ਵੱਖ ਵੱਖ ਮਹਿਕਮਿਆਂ ਵੱਲੋਂ ਕਿਸਾਨਾਂ ਲਈ ਵੱਖ ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇੱਕ ਫਲਦਾਰ ਬੂਟਾ ਵੀ ਲਗਾਇਆ ਗਿਆ ਅਤੇ ਮੰਤਰੀ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਜੀਆਂ ਗਈਆਂ ਫਸਲਾਂ ਅਤੇ ਕਿਸਾਨਾਂ ਨੂੰ ਦਿੱਤੇ ਜਾਂਦੇ ਬੀਜਾਂ ਵਾਲੇ ਸੈਂਟਰ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਨਿਸ਼ੂ ਸ਼ਰਮਾ ਚਹਿਲਾਂ ਭਾਜਪਾ ਹਲਕਾ ਇੰਚਾਰਜ ਸਮਰਾਲਾ, ਪੀਕੇ ਸਿੰਘ ਐਗਰੀਕਲਚਰ ਕਮਿਸ਼ਨਰ ਭਾਰਤ ਸਰਕਾਰ, ਡਾ. ਆਰਆਰ ਬਰਮਨ ਅਸਿਸਟੈਂਟ ਡਾਇਰੈਕਟਰ ਜਨਰਲ, ਡਾ. ਡੀਕੇ ਯਾਦਵ ਡੀਡੀਜੀਆਰ ਦਿੱਲੀ, ਡਾ. ਹਰਵਿੰਦਰ ਸਿੰਘ ਧਾਲੀਵਾਲ ਵਾਈਸ ਚਾਂਸਲਰ ਪੀਏਯੂ ਲੁਧਿਆਣਾ, ਦਵਿੰਦਰ ਸਿੰਘ ਕੋ-ਕਨਵੀਨਰ ਕੋਆਪ੍ਰੇਟਿਵ ਸੈੱਲ ਪੰਜਾਬ, ਡਾ. ਮੱਖਣ ਸਿੰਘ ਭੁੱਲਰ ਡਾਇਰੈਕਟਰ ਐਜੂਕੇਸ਼ਨ ਪੀਏਯੂ ਲੁਧਿਆਣਾ, ਡਾ. ਅਜਮੇਰ ਸਿੰਘ ਡਾਇਰੈਕਟਰ ਰੀਸਰਚ ਪੀਏਯੂ ਲੁਧਿਆਣਾ, ਡਾ. ਪਰਵਿੰਦਰ ਸ਼ੈਰੋਂ ਡਾਇਰੈਕਟਰ ਏਟੀਏਆਰਆਈ, ਡਾ. ਵਿਪਨ ਕੁਮਾਰ ਰਾਮਪਾਲ ਐਸੋ. ਡਾਇਰੈਕਟਰ ਕੇਵੀਕੇ ਸਮਰਾਲਾ, ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ, ਡਾ. ਗੌਰਵ ਧੀਰ ਬਲਾਕ ਖੇਤੀਬਾੜੀ ਅਫਸਰ ਸਮਰਾਲਾ ਅਤੇ ਸਮੂਹ ਸਟਾਫ ਕੇਵੀਕੇ ਸਮਰਾਲਾ ਤੋਂ ਇਲਾਵਾ ਸਮਰਾਲਾ ਦੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।