ਜਾਸ, ਲੁਧਿਆਣਾ : ਪੰਜਾਬ ’ਚ ਵੀਰਵਾਰ ਤੋਂ ਨਵੇਂ ਸਿਰਿਓਂ ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋ ਰਹੀਆਂ ਹਨ ਜਿਸ ਨਾਲ ਸੂਬੇ ’ਚ ਦੋ ਦਿਨਾਂ ਤੱਕ ਹਨੇਰੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਈ ਮੌਸਮ ਦੀ ਪੇਸ਼ੀਨਗੋਈ ਅਨੁਸਾਰ ਪਹਿਲੇ ਦਿਨ ਪੰਜਾਬ ’ਚ ਕਈ ਥਾਈਂ ਹਲਕੀ ਬਾਰਿਸ਼ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਗੜੇ ਪੈਣ ਦੀ ਵੀ ਸੰਭਾਵਨਾ ਹੈ। ਜਦਕਿ 24 ਮਾਰਚ ਨੂੰ ਪੰਜਾਬ ਦੇ ਉੱਤਰੀ ਹਿੱਸਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ ਜ਼ਿਲ੍ਹੇ ਤੇ ਆਸਪਾਸ ਦੇ ਇਲਾਕਿਆਂ ’ਚ ਕੁਝ ਸਥਾਨਾਂ ’ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਮੋਗਾ, ਪਟਿਆਲਾ, ਮੁਹਾਲੀ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ ’ਚ ਵੀ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਿਨ੍ਹਾਂ ਜ਼ਿਲ੍ਹਿਆਂ ’ਚ ਵੀ ਗਰਜ-ਚਮਕ ਨਾਲ ਗੜੇ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। 25 ਮਾਰਚ ਤੋਂ ਬਾਅਦ ਸੂਬੇ ਦੇ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਸਾਫ਼ ਹੋ ਜਾਵੇਗਾ।
Posted By: Seema Anand