ਗੁੰਮ ਹੋਏ ਸਰੂਪਾਂ ਦੇ ਮਾਮਲੇ ’ਚ ਮਾਨ ਸਰਕਾਰ ਸਪੱਸ਼ਟ ਕਰੇ ਸੱਚ ਤੇ ਝੂਠ : ਲੱਧੜ
ਗੁੰਮ ਹੋਏ ਸਰੂਪਾਂ ਮਾਮਲੇ ’ਚ ਮਾਨ ਸਰਕਾਰ ਸਪੱਸ਼ਟ ਕਰੇ -ਲੱਧੜ
Publish Date: Fri, 23 Jan 2026 07:49 PM (IST)
Updated Date: Sat, 24 Jan 2026 04:16 AM (IST)

ਫੋਟੋ ਨੰਬਰ-43 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਆਈਏਐੱਸ ਅਧਿਕਰੀ ਐੱਸਆਰ ਲੱਧੜ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਦੇ ਮਾਮਲੇ ’ਚ ਸਰਕਾਰ ਦੇ ਬਿਆਨਾਂ ’ਚ ਸਪਸ਼ਟ ਨਹੀਂ ਹੋ ਰਿਹਾ ਕਿ ਸੱਚ ਕੌਣ ਬੋਲ ਰਿਹਾ ਤੇ ਕੌਣ ਬੋਲ ਰਿਹਾ ਝੂਠ। ਜਾਰੀ ਬਿਆਨ ’ਚ ਲੱਧੜ ਨੇ ਕਿਹਾ ਕਿ ਜਿਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਪੇਸ਼ ਹੋਏ ਸਨ, ਉਸ ਦੌਰਾਨ ਉਨ੍ਹਾਂ ਖ਼ੁਦ ਇਹ ਖੁਲਾਸਾ ਕੀਤਾ ਸੀ ਕਿ ਗੁੰਮ ਹੋਏ ਸਰੂਪਾਂ ਵਿਚੋਂ 169 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪਤਾ ਲੱਗ ਚੁੱਕਾ ਹੈ। ਪਰ ਦੂਜੇ ਪਾਸੇ, ਮਾਨ ਸਰਕਾਰ ਦੇ ਮੰਤਰੀਆਂ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਤੇ ਮਾਲਵਿੰਦਰ ਸਿੰਘ ਕੰਗ ਵੱਲੋਂ ਕਿਸੇ ਵੀ ਸਰੂਪ ਦੇ ਮਿਲਣ ਜਾਂ ਇਸ ਸਬੰਧੀ ਐੱਫਆਈਆਰ ਦਰਜ ਹੋਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਐੱਸਆਰ ਲੱਧੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਅਸਲ ਸੱਚ ਕੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਵਰਗੇ ਸੰਵੇਦਨਸ਼ੀਲ ਮੁੱਦਿਆਂ ’ਤੇ ਅਜਿਹੀ ਗ਼ੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਖੁੱਲ੍ਹ ਕੇ ਨਿੰਦਾ ਕਰਦਿਆਂ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ’ਚ ਸੱਚਾਈ ਸਪਸ਼ਟ ਕਰੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।