ਅੱਤ ਦੀ ਗਰਮੀ ‘ਚ ਐਮਜੇਕੇ ਨਗਰ ’ਚ ਪਾਣੀ ਲਈ ਹਾਹਾਕਾਰ
ਅੱਤ ਦੀ ਗਰਮੀ ‘ਚ ਐਮਜੇਕੇ ਨਗਰ ਵਿੱਚ ਪੀਣ ਵਾਲੇ ਪਾਣੀ ਲਈ ਹਾਹਾਕਾਰ
Publish Date: Wed, 27 May 2026 10:41 PM (IST)
Updated Date: Thu, 28 May 2026 04:11 AM (IST)

* ਇਲਾਕਾ ਵਾਸੀਆਂ ਨੇ ਖਾਲੀ ਬਾਲਟੀਆਂ ਖੜਕਾ ਕੇ ਨਗਰ ਨਿਗਮ ਖ਼ਿਲਾਫ਼ ਕੀਤਾ ਪ੍ਰਦਰਸ਼ਨ ਫੋਟੋ 47 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਐੱਮਜੇਕੇ ਨਗਰ ਵਿੱਚ ਪਿਛਲੇ ਕਰੀਬ ਤਿੰਨ ਹਫਤਿਆਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਕਮੀ ਕਾਰਨ ਆਖਰ ਅੱਜ ਇਲਾਕਾ ਵਾਸੀਆਂ ਦਾ ਗੁੱਸਾ ਫੁੱਟ ਪਿਆ। ਅੱਤ ਦੀ ਗਰਮੀ ਦੌਰਾਨ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਦੇ ਹਲਾਤ ਠੱਪ ਹੋਣ ਕਿਨਾਰੇ ਪੁੱਜਣ ਕਾਰਨ ਤੰਗ ਆਏ ਲੋਕਾਂ ਨੇ ਖਾਲੀ ਬਾਲਟੀਆਂ ਹੱਥਾਂ ’ਚ ਫੜ ਕੇ ਨਗਰ ਨਿਗਮ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਇਲਾਕਾ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਦੇ ਦਫ਼ਤਰ ਦੇ ਬਿਲਕੁਲ ਨੇੜੇ ਸਥਿਤ ਹੈ, ਪਰ ਇਸ ਦੇ ਬਾਵਜੂਦ ਵੀ ਲੋਕਾਂ ਦੀ ਇਸ ਮੁੱਢਲੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ। ਪ੍ਰਦਰਸ਼ਨ ਦੀ ਅਗਵਾਈ ਬੀਬੀ ਸੁਰਿੰਦਰ ਕੌਰ, ਗੁਰਮੀਤ ਕੌਰ ਅਤੇ ਜਸਬੀਰ ਕੌਰ ਵੱਲੋਂ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕਾ ਨਿਵਾਸੀ ਇਕੱਠੇ ਹੋਏ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪਾਣੀ ਦੀ ਸਮੱਸਿਆ ਬਾਰੇ ਸ਼ਿਕਾਇਤਾਂ ਕਰ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਦਿੱਤੇ ਜਾਂਦੇ ਹਨ, ਜਦਕਿ ਹਕੀਕਤ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਗਰਮੀ ਪਾਣੀ ਨਾ ਹੋਣ ਦੇ ਚੱਲਦੇ ਉਨ੍ਹਾਂ ਦੇ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ। ਘਰਾਂ ਵਿੱਚ ਪੀਣ ਵਾਲੇ ਪਾਣੀ ਦੀ ਇਕ-ਇਕ ਬੂੰਦ ਲਈ ਲੋਕ ਤਰਸ ਰਹੇ ਹਨ। ਛੋਟੇ ਬੱਚੇ, ਬਜ਼ੁਰਗ ਅਤੇ ਮਹਿਲਾਵਾਂ ਸਭ ਤੋਂ ਵੱਧ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਉਨ੍ਹਾਂ ਨੂੰ ਦੂਰ-ਦੂਰ ਤੋਂ ਪਾਣੀ ਲਿਆਉਣਾ ਪੈਂਦਾ ਹੈ, ਜਿਸ ਨਾਲ ਦਿਨਚਰੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਇਲਾਕਾ ਵਾਸੀਆਂ ਨੇ ਇਹ ਵੀ ਦੱਸਿਆ ਕਿ ਪਾਣੀ ਦੀ ਕਮੀ ਕਾਰਨ ਘਰੇਲੂ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਰਸੋਈ ਤੋਂ ਲੈ ਕੇ ਸਫਾਈ ਤੱਕ ਹਰ ਕੰਮ ਰੁਕਿਆ ਪਿਆ ਹੈ। ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਹੋਰ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ‘ਤੇ ਕ੍ਰਿਸ਼ਨਾ, ਜਸਪ੍ਰੀਤ ਕੌਰ, ਮੰਜੂ, ਦੇਵਕੀ, ਆਸ਼ੀਆਨਾ, ਕਿਰਨ ਦੇਵੀ, ਖੁਸ਼ਬੂ, ਆਸ਼ੂ, ਪਰਮਪ੍ਰੀਤ, ਅਮਨ, ਮੀਨਾ ਦੇਵੀ, ਰਾਜ ਰਾਣੀ, ਨੇਹਾ, ਪਰਵੀਨ ਸਮੇਤ ਹੋਰ ਕਈ ਇਲਾਕਾ ਨਿਵਾਸੀ ਹਾਜ਼ਰ ਰਹੇ। ਸਾਰੇ ਲੋਕਾਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਐਮਜੇਕੇ ਨਗਰ ਵਿੱਚ ਪਾਣੀ ਦੀ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਮੱਸਿਆ ਨਾ ਆਵੇ, ਇਸ ਲਈ ਪੱਕੇ ਪ੍ਰਬੰਧ ਕੀਤੇ ਜਾਣ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ, ਪਰ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਹੱਲ ਕੀਤਾ ਜਾਵੇ। ਪਾਣੀ ਦੀ ਸਮੱਸਿਆ ਦਾ ਹੱਲ ਕਰਵਾਇਆ ਜਾ ਰਿਹੈ : ਜੇਈ ਉਧਰ, ਇਸ ਮਾਮਲੇ ਸਬੰਧੀ ਨਗਰ ਨਿਗਮ ਜ਼ੋਨ ਸੀ ਦੇ ਓਐਂਡਐਮ ਸੈਲ ਦੇ ਜੇਈ ਅਵਨੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲਗਾਤਾਰ ਟੀਮਾਂ ਲਗਾਕੇ ਇਲਾਕੇ ਦੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਿਭਾਗ ਵੱਲੋਭ ਨਾਜਾਇਜ਼ ਕਲੋਨੀਆਂ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਇਹ ਸਮੱਸਿਆ ਆਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।