- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਨੂੰ ਲੋਕ-ਕੇਂਦਰਿਤ ਅਤੇ ਵਿਕਾਸਮੁਖੀ ਕਰਾਰ ਦਿੰਦਿਆਂ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਸ ਦੌਰਾਨ ਭਾਰਤ ਨੇ ਹਰ ਖੇਤਰ ਵਿੱਚ ਤਰੱਕੀ ਦੀ ਨਵੀਂ ਦਿਸ਼ਾ ਹਾਸਲ ਕੀਤੀ ਹੈ।

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਨੂੰ ਲੋਕ-ਕੇਂਦਰਿਤ ਅਤੇ ਵਿਕਾਸਮੁਖੀ ਕਰਾਰ ਦਿੰਦਿਆਂ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਸ ਦੌਰਾਨ ਭਾਰਤ ਨੇ ਹਰ ਖੇਤਰ ਵਿੱਚ ਤਰੱਕੀ ਦੀ ਨਵੀਂ ਦਿਸ਼ਾ ਹਾਸਲ ਕੀਤੀ ਹੈ।
ਉਹ ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਫ਼ ਦੇਸ਼ ਦੇ ਹਮਦਰਦ ਹੀ ਨਹੀਂ, ਸਗੋਂ ਇੱਕ ਸੇਵਕ ਵਜੋਂ ਕੰਮ ਕਰਦਿਆਂ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2014 ਵਿੱਚ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਲਗਪਗ 95 ਫ਼ੀਸਦੀ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ।
ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ ਅਤੇ ਪੰਜਾਬ ਵਿੱਚ ਪਾਰਟੀ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ।
ਜੇਕਰ ਕੋਈ ਪਾਰਟੀ ਭਾਜਪਾ ਨੂੰ ਛੋਟਾ ਭਰਾ ਸਮਝ ਕੇ ਗੱਠਜੋੜ ਦੀ ਉਮੀਦ ਕਰ ਰਹੀ ਹੈ, ਤਾਂ ਉਸ ਨੂੰ ਆਪਣਾ ਭੁਲੇਖਾ ਦੂਰ ਕਰ ਲੈਣਾ ਚਾਹੀਦਾ ਹੈ। ਭਾਜਪਾ ਲੀਡਰਸ਼ਿਪ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਪੰਜਾਬ ਵਿੱਚ ਪਾਰਟੀ ਆਪਣੇ ਦਮ 'ਤੇ ਚੋਣ ਮੈਦਾਨ ਵਿੱਚ ਉਤਰੇਗੀ।
ਪੁਰੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਈਂਧਨ ਦੀਆਂ ਕੀਮਤਾਂ ਵਿੱਚ ਕੱਚੇ ਤੇਲ ਦੀ ਲਾਗਤ, ਬੀਮਾ, ਟ੍ਰਾਂਸਪੋਰਟ ਖ਼ਰਚਾ, ਰਿਫਾਇਨਰੀ ਮਾਰਜਿਨ, ਕੇਂਦਰ ਦੀ ਐਕਸਾਈਜ਼ ਡਿਊਟੀ ਅਤੇ ਰਾਜਾਂ ਦੇ ਵੈਟ ਦਾ ਯੋਗਦਾਨ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ 2021, ਮਈ 2022 ਅਤੇ ਹਾਲ ਹੀ ਵਿੱਚ ਵੀ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ 'ਤੇ ਡਿਊਟੀ ਘਟਾਉਣ ਨਾਲ ਕੇਂਦਰ ਸਰਕਾਰ 'ਤੇ ਕਰੀਬ ਇੱਕ ਲੱਖ ਕਰੋੜ ਰੁਪਏ ਦਾ ਵਾਧੂ ਬੋਝ ਪਿਆ ਹੈ, ਪਰ ਸਰਕਾਰ ਨੇ ਜਨਤਾ ਦੇ ਹਿੱਤ ਨੂੰ ਪਹਿਲ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦੇ ਬਾਵਜੂਦ ਭਾਰਤ ਵਿੱਚ ਇਹ ਵਾਧਾ ਸੀਮਤ ਰਿਹਾ ਹੈ ਅਤੇ ਕਈ ਦੇਸ਼ਾਂ ਦੇ ਮੁਕਾਬਲੇ ਇੱਥੇ ਖਪਤਕਾਰਾਂ 'ਤੇ ਘੱਟ ਅਸਰ ਪਿਆ ਹੈ।
ਵਿਸ਼ਵ ਪੱਧਰ ’ਤੇ ਪੈਦਾ ਹੋਏ ਊਰਜਾ ਸੰਕਟ ਦਾ ਜ਼ਿਕਰ ਕਰਦਿਆਂ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਈਰਾਨ, ਅਮਰੀਕਾ ਅਤੇ ਇਜ਼ਰਾਈਲ ਨਾਲ ਜੁੜੀਆਂ ਅੰਤਰਰਾਸ਼ਟਰੀ ਸਥਿਤੀਆਂ ਕਾਰਨ ਪੈਟਰੋਲੀਅਮ ਖੇਤਰ ਵਿੱਚ ਚੁਣੌਤੀਆਂ ਅਤੇ ਕੀਮਤਾਂ ’ਤੇ ਦਬਾਅ ਵਧਿਆ ਹੈ ਪਰ ਭਾਰਤ ਨੇ ਸੁਚੱਜੇ ਪ੍ਰਬੰਧਨ ਰਾਹੀਂ ਇਹ ਯਕੀਨੀ ਬਣਾਇਆ ਕਿ ਦੇਸ਼ ਦੇ ਨਾਗਰਿਕਾਂ ਨੂੰ ਇਸ ਦਾ ਪ੍ਰਭਾਵ ਹੋਰ ਕਈ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਘੱਟ ਝੱਲਣਾ ਪਵੇ।