ਤੇਜ਼ ਰਫ਼ਤਾਰ ਦਾ ਕਹਿਰ: ਸਕੋਡਾ ਕਾਰ ਹੇਠਾਂ ਆਉਣ ਕਾਰਨ ਚਾਰ ਸਾਲਾ ਮਾਸੂਮ ਬੱਚੀ ਦੀ ਦਰਦਨਾਕ ਮੌਤ, ਚਾਲਕ ਮੌਕੇ ਤੋਂ ਗ੍ਰਿਫ਼ਤਾਰ
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰੋਹਿਤ ਵਾਸੀ ਹਰਚਰਨ ਨਗਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸਬਜ਼ੀ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਰੋਇਲ ਆਈਸਕ੍ਰੀਮ ਨੇੜੇ ਸਮਰਾਲਾ ਚੌਕ ਕੋਲ ਪਹੁੰਚੇ ਤਾਂ ਇਸ ਦੌਰਾਨ ਪਿੱਛੋਂ ਆ ਰਹੀ ਇੱਕ ਸਕੋਡਾ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
Publish Date: Fri, 28 Aug 2026 12:33 PM (IST)
Updated Date: Fri, 28 Aug 2026 12:36 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਤੇਜ਼ ਰਫ਼ਤਾਰ ਅਤੇ ਕਥਿਤ ਲਾਪਰਵਾਹੀ ਨਾਲ ਚਲਾਈ ਜਾ ਰਹੀ ਕਾਰ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਰੋਇਲ ਆਈਸਕ੍ਰੀਮ ਨੇੜੇ ਸਮਰਾਲਾ ਚੌਕ ਕੋਲ ਵਾਪਰੇ ਦਰਦਨਾਕ ਹਾਦਸੇ ’ਚ ਚਾਰ ਸਾਲਾ ਬੱਚੀ ਰੋਸ਼ਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਚਾਲਕ ਮਿਅੰਕ ਅਰੋੜਾ ਵਾਸੀ ਹਰਚਰਨ ਨਗਰ, ਲੁਧਿਆਣਾ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰੋਹਿਤ ਵਾਸੀ ਹਰਚਰਨ ਨਗਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸਬਜ਼ੀ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਰੋਇਲ ਆਈਸਕ੍ਰੀਮ ਨੇੜੇ ਸਮਰਾਲਾ ਚੌਕ ਕੋਲ ਪਹੁੰਚੇ ਤਾਂ ਇਸ ਦੌਰਾਨ ਪਿੱਛੋਂ ਆ ਰਹੀ ਇੱਕ ਸਕੋਡਾ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਸ਼ਿਕਾਇਤਕਰਤਾ ਅਨੁਸਾਰ ਕਾਰ ਚਾਲਕ ਮਿਅੰਕ ਅਰੋੜਾ ਕਾਰ ਨੂੰ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਚਲਾ ਰਿਹਾ ਸੀ। ਇਸ ਦੌਰਾਨ ਕਾਰ ਉਸ ਦੀ ਚਾਰ ਸਾਲਾ ਧੀ ਰੋਸ਼ਨੀ ਦੇ ਉੱਪਰ ਚੜ੍ਹ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੀ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਇੱਕ ਪਲ ਵਿੱਚ ਵਾਪਰੇ ਇਸ ਹਾਦਸੇ ਨੇ ਪਰਿਵਾਰ ਨੂੰ ਡੂੰਘੇ ਸਦਮੇ ’ਚ ਪਹੁੰਚਾ ਦਿੱਤਾ।
ਘਟਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਅਤੇ ਮਿਅੰਕ ਅਰੋੜਾ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਕਾਰ ਨੂੰ ਵੀ ਕਬਜ਼ੇ ’ਚ ਲੈ ਲਿਆ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 281 ਅਤੇ 106 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ।