ਖ਼ਾਲਸਾ ਕਾਲਜ ’ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਅੰਤਰ ਕਾਲਜ ਮੁਕਾਬਲੇ ਕਰਵਾਏ
ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਅੰਤਰ ਕਾਲਜ ਮੁਕਾਬਲੇ ਕਰਵਾਏ
Publish Date: Fri, 20 Feb 2026 06:53 PM (IST)
Updated Date: Fri, 20 Feb 2026 06:54 PM (IST)

- ਜ਼ਫਰ ਨੇ ਪੰਜਾਬੀ ਸਿੱਖੀਏ, ਸਿਖਾਈਏ ਤੇ ਇਸ ਦਾ ਮਾਣ ਵਧਾਈਏ ਬਾਰੇ ਵਿਚਾਰ ਰੱਖੇ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਖ਼ਾਲਸਾ ਕਾਲਜ ਲੜਕੀਆਂ ਲਾਈਨਜ਼ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਤੇ ਫਾਈਨ ਆਰਟਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਅੰਤਰ ਕਾਲਜ ਕਵਿਤਾ ਉਚਾਰਨ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜਸਵੰਤ ਸਿੰਘ ਜ਼ਫਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਅਤੇ ਡਾ. ਪ੍ਰਵੀਨ ਕੁਮਾਰ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦਾ ਆਰੰਭ ਕਾਲਜ ਦੇ ਸ਼ਬਦ ਗਾਇਨ ‘ਦੇਹ ਸ਼ਿਵਾ ਬਰ ਮੋਹਿ ਇਹੈ’ ਦੇ ਨਾਲ ਹੋਇਆ। ਕਾਲਜ ਡਾਇਰੈਕਟਰ ਡਾ. ਮੁਕਤੀ ਗਿੱਲ, ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ, ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਅਤੇ ਫਾਈਨ ਆਰਟਸ ਵਿਭਾਗ ਦੇ ਮੁਖੀ ਮਿਸ ਆਸ਼ੂ ਅਤੇ ਸਮੂਹ ਸਟਾਫ ਵੱਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਡਾ. ਗਰੇਵਾਲ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਵਿਦਿਆਰਥਣਾਂ ਨੂੰ ਪੰਜਾਬੀ ਬੋਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਮਨਪ੍ਰੀਤ ਕੌਰ ਦੀ ਆਲੋਚਨਾਤਮਿਕ ਪੁਸਤਕ ਪੰਜਾਬੀ ਕਹਾਣੀ ਮਲਵਈ ਪਿਛੋਕੜ ਅਤੇ ਨਵੀਨ ਦ੍ਰਿਸ਼ਟੀ ਪੁਸਤਕ ਦੀ ਘੁੰਡ ਚੁਕਾਈ ਕੀਤੀ ਗਈ। ਜ਼ਫਰ ਨੇ ਆਪਣੇ ਭਾਸ਼ਣ ਵਿੱਚ ਪੰਜਾਬੀ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਵਿਦਿਆਰਥਣਾਂ ਨੂੰ ਪੰਜਾਬੀ ਸਿੱਖੀਏ, ਸਿਖਾਈਏ ਅਤੇ ਇਸ ਦਾ ਮਾਣ ਵਧਾਈਏ’ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ੇਸ਼ ਮਹਿਮਾਨ ਡਾ. ਪ੍ਰਵੀਨ ਕੁਮਾਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਭਾਵੇਂ ਹੋਰ ਭਾਸ਼ਾਵਾਂ ਸਿੱਖਣਾ ਜ਼ਰੂਰੀ ਹੈ, ਪਰ ਆਪਣੀ ਮਾਂ ਬੋਲੀ ਨੂੰ ਨਜ਼ਰਅੰਦਾਜ਼ ਕਰਨਾ ਆਪਣੀਆਂ ਜੜ੍ਹਾਂ ਨਾਲੋਂ ਟੁੱਟਣ ਦੇ ਬਰਾਬਰ ਹੈ। ਉਨ੍ਹਾਂ ਨੇ ਨਾਲ ਹੀ ਪੰਜਾਬੀ ਸਾਹਿਤ ਦੇ ਵਿਸ਼ੇਸ਼ ਸੰਦਰਭ ਵਿੱਚ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ, ਜੱਜ ਸਾਹਿਬਾਨ ਅਤੇ ਸਮੂਹ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਤਕਸੀਮ ਕੀਤੇ ਗਏ। ਕਾਲਜ ਪ੍ਰਿੰਸੀਪਲ ਨੇ ਸਮੂਹ ਸਟਾਫ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ ਲਈ ਹੱਲਾਸ਼ੇਰੀ ਦਿੱਤੀ। ਇਸ ਮੌਕੇ ਡਾ. ਨਰਿੰਦਰਜੀਤ ਕੌਰ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਉੱਘੀਆਂ ਸ਼ਖ਼ਸੀਅਤਾਂ ਨੂੰ ਮਾਨ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਇਹ ਸਮਾਗਮ ਰਾਸ਼ਟਰੀ ਗੀਤ ਦੀਆਂ ਧੁਨਾਂ ਨਾਲ ਸੰਪੰਨ ਹੋਇਆ। - ਪੋਸਟਰ ਮੇਕਿੰਗ ਤੇ ਕਵਿਤਾ ਉਚਾਰਨ ਮੁਕਾਬਲੇ ’ਚ ਇਹ ਵਿਦਿਆਰਥੀ ਰਹੇ ਜੇਤੂ ਪੋਸਟਰ ਮੇਕਿੰਗ ਮੁਕਾਬਲੇ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਡਾ. ਜਗਦੀਸ਼ ਕੌਰ ਪ੍ਰੋਫੈਸਰ, ਪੰਜਾਬੀ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਡਾ. ਸ਼ਿਵਾਨੀ ਰਾਣਾ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਪੋਸਟਰ ਮੇਕਿੰਗ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਮਨਪ੍ਰੀਤ ਕੌਰ ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ, ਦੂਜਾ ਸਥਾਨ ਪਰਲ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਲੁਧਿਆਣਾ, ਤੀਜਾ ਸਥਾਨ ਪਲਵੀ ਕੁਮਾਰੀ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ, ਹੌਸਲਾ ਅਫ਼ਜਾਈ ਸਥਾਨ ਅਰੂਸ਼ੀ ਸ਼ਰਮਾ ਕੇਆਈਐੱਮਟੀ ਲੁਧਿਆਣਾ, ਗੁਰਲੀਨ ਕੌਰ ਏਐੱਸ ਕਾਲਜ ਆਫ ਐਜੂਕੇਸ਼ਨ ਖੰਨਾ ਨੇ ਪ੍ਰਾਪਤ ਕੀਤੇ। ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਅਮਨਪ੍ਰੀਤ ਸਿੰਘ ਗੁਰੂ ਤੇਗ ਬਹਾਦਰ ਕਾਲਜ ਮੁੱਲਾਂਪੁਰ ਦਾਖਾ, ਦੂਜਾ ਸਥਾਨ ਰਾਜਪ੍ਰੀਤ ਕੌਰ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਲੜਕੀਆਂ ਲੁਧਿਆਣਾ, ਤੀਸਰਾ ਸਥਾਨ ਪ੍ਰਕਿਰਤੀ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਅਤੇ ਹੌਸਲਾ ਅਫਜਾਈ ਸਥਾਨ ਆਕਾਸ਼ਦੀਪ ਸਿੰਘ ਜੀਜੀਐੱਨ ਖ਼ਾਲਸਾ ਕਾਲਜ ਲੁਧਿਆਣਾ ਨੇ ਹਾਸਲ ਕੀਤਾ।