ਪਤੀ ਦੇ ਨਜਾਇਜ਼ ਸਬੰਧਾਂ ਦਾ ਵਿਰੋਧ ਕਰਨਾ ਪਿਆ ਮਹਿੰਗਾ, ਗਰਭਵਤੀ ਪਤਨੀ ਨੂੰ ਜੂਸ ’ਚ ਜ਼ਹਿਰੀਲਾ ਪਦਾਰਥ ਦੇ ਕੇ ਕਰਵਾਇਆ ਗਰਭਪਾਤ
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਹਰਲੀਨ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 1 ਦਸੰਬਰ 2024 ਨੂੰ ਸੁਖਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਦੇ ਇੱਕ ਔਰਤ ਨਾਲ ਕਥਿਤ ਨਾਜਾਇਜ਼ ਸਬੰਧ ਹਨ। ਜਦੋਂ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਪਤੀ ਨੇ ਸਾਫ਼ ਕਹਿ ਦਿੱਤਾ ਕਿ ਉਹ ਹੁਣ ਉਸ ਨਾਲ ਨਹੀਂ ਰਹਿਣਾ ਚਾਹੁੰਦਾ ਹੈ।
Publish Date: Tue, 04 Aug 2026 01:54 PM (IST)
Updated Date: Tue, 04 Aug 2026 02:03 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਸ਼ਿਮਲਾਪੁਰੀ ਦੇ ਅਧੀਨ ਆਉਂਦੇ ਗੋਬਿੰਦ ਨਗਰ ਇਲਾਕੇ ’ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 36 ਸਾਲਾ ਔਰਤ ਨੇ ਆਪਣੇ ਪਤੀ 'ਤੇ ਦੂਜੀ ਔਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਦਾ ਵਿਰੋਧ ਕਰਨ ’ਤੇ ਉਸ ਨੂੰ ਜ਼ਹਿਰੀਲਾ ਪਦਾਰਥ ਪਿਲਾ ਕੇ ਗਰਭਪਾਤ ਕਰਵਾਉਣ ਦਾ ਦੋਸ਼ ਲਗਾਇਆ ਹੈ।
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸ਼ਿਮਲਾਪੁਰੀ ਪੁਲਿਸ ਨੇ ਮੁਲਜ਼ਮ ਪਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 123 ਅਤੇ 89 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਹਰਲੀਨ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 1 ਦਸੰਬਰ 2024 ਨੂੰ ਸੁਖਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਦੇ ਇੱਕ ਔਰਤ ਨਾਲ ਕਥਿਤ ਨਾਜਾਇਜ਼ ਸਬੰਧ ਹਨ। ਜਦੋਂ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਪਤੀ ਨੇ ਸਾਫ਼ ਕਹਿ ਦਿੱਤਾ ਕਿ ਉਹ ਹੁਣ ਉਸ ਨਾਲ ਨਹੀਂ ਰਹਿਣਾ ਚਾਹੁੰਦਾ ਹੈ।
ਸ਼ਿਕਾਇਤਕਰਤਾ ਅਨੁਸਾਰ ਉਸ ਨੇ ਪਤੀ ਨੂੰ ਦੱਸਿਆ ਕਿ ਉਹ ਗਰਭਵਤੀ ਹੈ ਅਤੇ ਉਸ ਦੇ ਬੱਚੇ ਦੀ ਮਾਂ ਬਣਨ ਵਾਲੀ ਹੈ। ਇਹ ਸੁਣ ਕੇ ਪਤੀ ਨੇ ਕਥਿਤ ਤੌਰ ’ਤੇ ਕਿਹਾ ਕਿ ਇਸ ਦਾ ਵੀ ਹੱਲ ਕਰ ਦਿੱਤਾ ਜਾਵੇਗਾ।
ਔਰਤ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਉਸ ਦੇ ਪਤੀ ਨੇ ਜੂਸ ’ਚ ਕੋਈ ਜ਼ਹਿਰੀਲਾ ਪਦਾਰਥ ਮਿਲਾ ਕੇ ਉਸ ਨੂੰ ਪਿਲਾ ਦਿੱਤਾ। ਜੂਸ ਪੀਣ ਤੋਂ ਬਾਅਦ ਉਸ ਨੂੰ ਭਾਰੀ ਖੂਨ ਵਗਣਾ ਸ਼ੁਰੂ ਹੋ ਗਿਆ। ਉਸ ਦੇ ਦੋਸ਼ ਹਨ ਕਿ ਖੂਨ ਨਾਲ ਹੀ ਉਸ ਦੇ ਗਰਭ ’ਚ ਪਲ ਰਹੇ ਬੱਚੇ ਦੇ ਟੁਕੜੇ ਵੀ ਬਾਹਰ ਆ ਗਏ, ਜਿਸ ਕਾਰਨ ਉਸ ਦਾ ਗਰਭਪਾਤ ਹੋ ਗਿਆ।
ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਲਵਿੰਦਰ ਪਾਲ ਨੇ ਦੱਸਿਆ ਕਿ ਇਸ ਕੇਸ ’ਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮ ਨੂੰ ਕਾਬੂ ਕੀਤਾ ਜਾਵੇਗਾ।