- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ’ਚ ਸਦਭਾਵਨਾ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਲਈ ਨਿਮਰਤਾ, ਦਇਆ ਤੇ ਆਪਸੀ ਪ੍ਰੇਮ ਵਰਗੇ ਉੱਚ ਗੁਣਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ’ਚ ਸਦਭਾਵਨਾ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਲਈ ਨਿਮਰਤਾ, ਦਇਆ ਤੇ ਆਪਸੀ ਪ੍ਰੇਮ ਵਰਗੇ ਉੱਚ ਗੁਣਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਬਾਬਾ ਬਲਦੇਵ ਸਿੰਘ ਦੀ ਅਗਵਾਈ ’ਚ ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਨਕੋਦਰ ਸਬ ਡਵੀਜ਼ਨ ਨੇੜੇ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਐੱਚਕੇਐੱਲ ਗੋਲਬਲ ਮੂਵਮੈਂਟ ਵੱਲੋਂ ਕਰਵਾਈ ਜਾ ਰਹੀ ਹਲੇਮੀਆਂ, ਹਮਦਰਦੀਆਂ ਤੇ ਮੁਹੱਬਤਾਂ ਦੀ 8ਵੀਂ ਅੰਤਰਾਸ਼ਟਰੀ ਕਾਨਫਰੰਸ ’ਚ ਸ਼ਿਰਕਤ ਕਰਦਿਆਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜ਼ਿੰਦਗੀ ’ਚ ਤਰੱਕੀ ਤੇ ਸਫ਼ਲਤਾ ਹਾਸਲ ਕਰਨ ਲਈ ਸਭ ਤੋਂ ਪਹਿਲਾ ਤੇ ਮਹੱਤਵਪੂਰਨ ਗੁਣ ਨਿਮਰਤਾ ਹੈ। ਉਨ੍ਹਾਂ ਕਿਹਾ ਕਿ ਹੰਕਾਰ ਮਨੁੱਖ ਨੂੰ ਦੂਜਿਆਂ ਤੋਂ ਦੂਰ ਕਰਦਾ ਹੈ, ਜਦਕਿ ਨਿਮਰਤਾ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਦਿਆਂ ਮਨੁੱਖ ਨੂੰ ਮਨੁੱਖ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਦਇਆ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ ਤੇ ਦੂਜਿਆਂ ਦੇ ਦੁੱਖ-ਦਰਦ ਨੂੰ ਸਮਝਣਾ ਹੀ ਸੱਚੀ ਮਨੁੱਖਤਾ ਦੀ ਪਛਾਣ ਹੈ। ਪ੍ਰੇਮ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਟਾਰੀਆ ਨੇ ਕਿਹਾ ਕਿ ਪ੍ਰੇਮ ਇਕ ਅਜਿਹੀ ਸ਼ਕਤੀ ਹੈ, ਜੋ ਵੱਖ-ਵੱਖ ਵਿਚਾਰਧਾਰਾਵਾਂ, ਧਰਮਾਂ ਤੇ ਸੱਭਿਆਚਾਰਾਂ ਦੇ ਲੋਕਾਂ ਨੂੰ ਇਕ ਧਾਗੇ ’ਚ ਪਰੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਦੁਨੀਆ ਜੰਗ ਤੇ ਵਾਤਾਵਰਣ ਸਬੰਧੀ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਅਜਿਹੇ ਸਮੇਂ ਆਪਸੀ ਵਖਰੇਵੇਂ ਤੇ ਦੂਰੀਆਂ ਨੂੰ ਖ਼ਤਮ ਕਰਕੇ ਏਕਤਾ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਿਤ ਸ਼ਖ਼ਸੀਅਤਾਂ, ਸਟੇਟ ਇਨਫਰਮੇਸ਼ਨ ਕਮਿਸ਼ਨਰ ਹਰਪ੍ਰੀਤ ਸੰਧੂ, ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਤੇ ਹੋਰ ਹਸਤੀਆਂ ਵੀ ਮੌਜੂਦ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ’ਤੇ ਚੱਲ ਕੇ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਗੁਰੂ ਸਾਹਿਬ ਦੇ ਕੁਦਰਤ ਸਬੰਧੀ ਸੰਦੇਸ਼ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਕੁਦਰਤ ਨਾਲ ਪਿਆਰ ਤੇ ਸਤਿਕਾਰ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਐੱਚਕੇਐੱਲ ਗਲੋਬਲ ਮੂਵਮੈਂਟ ਵੱਲੋਂ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ’ਚ ਨਿਮਰਤਾ, ਦਇਆ ਤੇ ਆਪਸੀ ਪ੍ਰੇਮ ਦਾ ਸੰਦੇਸ਼ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਾਨਫਰੰਸ ’ਚ ਸ਼ਾਮਲ ਹੋਣਾ ਉਨ੍ਹਾਂ ਲਈ ਬੜੇ ਮਾਣ ਤੇ ਸੁਭਾਗ ਦੀ ਗੱਲ ਹੈ। ਇਸ ਮੌਕੇ ਬਾਬਾ ਬਲਦੇਵ ਸਿੰਘ ਨੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਕਾਨਫਰੰਸ ’ਚ ਸ਼ਮੂਲੀਅਤ ਨਾਲ ਮਨੁੱਖਤਾ, ਆਪਸੀ ਪਿਆਰ ਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਰਾਜਪਾਲ ਪੰਜਾਬ ਵੱਲੋਂ ਹਾਜੀ ਸਈਅਦ ਸਲਮਾਨ ਚਿਸ਼ਤੀ, ਕਰਟਿਸ ਗੈਬਰੀਅਲ, ਐਂਡਰੀਆ ਮੈਥਿਸ, ਰੇਵ. ਡੇਵਿਡ ਬੇਦੁਜ਼ਾ, ਨਤਾਲੀਆ ਵਾਸਿਲਯੇਵਾ, ਬ੍ਰਹਮ ਕੁਮਾਰੀ ਹੁਸੈਨ ਦੀਦੀ, ਸੋਨਾਲੀ ਸਿੰਘ, ਅਨਮੋਲ ਕਵਾਤਰਾ ਸਮੇਤ ਕਾਨਫਰੰਸ ’ਚ ਸ਼ਾਮਲ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।