ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਸਿੰਗਲ-ਯੂਜ਼ ਪਲਾਸਟਿਕ ਤੋਂ ਪਰਹੇਜ਼ ਕਰਨ ਦੀ ਅਪੀਲ ਸ਼ਲਾਘਾਯੋਗ : ਬੈਨੀਪਾਲ
ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਸਿੰਗਲ-ਯੂਜ਼ ਪਲਾਸਟਿਕ ਤੋਂ ਪਰਹੇਜ਼ ਕਰਨ ਦੀ ਅਪੀਲ ਸ਼ਲਾਘਾਯੋਗ-ਬੈਨੀਪਾਲ
Publish Date: Tue, 03 Mar 2026 08:02 PM (IST)
Updated Date: Wed, 04 Mar 2026 04:12 AM (IST)

- ਕਿਹਾ, ਪਲਾਸਟਿਕ ਦਰਿਆਵਾਂ, ਮਿੱਟੀ ਤੇ ਪੀਣ ਵਾਲੇ ਪਾਣੀ ਨੂੰ ਪ੍ਰਦੂਸ਼ਿਤ ਕਰਦਾ ਫ਼ੋਟੋ ਨੰਬਰ-28 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮਹੱਲਾ 2026 ਦੇ ਮੌਕੇ ’ਤੇ ਸਮੂਹ ਸੰਗਤ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਵਾਤਾਵਰਨ ਪੱਖੀ ਤਰੀਕੇ ਨਾਲ ਤਿਉਹਾਰ ਮਨਾਉਣ ਲਈ ਅਪੀਲ ਕੀਤੀ ਗਈ ਹੈ। ਇਸ ਮੁਹਿੰਮ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਕ ਬੋਰਡ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਪ੍ਰਾਪਤ ਹੈ। ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰ ਤੇ ਵਾਤਾਵਰਣ ਪ੍ਰੇਮੀ ਮਨਜਿੰਦਰ ਸਿੰਘ ਬੈਨੀਪਾਲ ਵੱਲੋਂ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਹੈ ਕਿ ਸਿੰਗਲ-ਯੂਜ਼ ਪਲਾਸਟਿਕ ਦਾ ਇਸਤੇਮਾਲ ਵਾਤਾਵਰਨ ਲਈ ਘਾਤਕ ਸਾਬਤ ਹੁੰਦਾ ਹੈ। ਪਲਾਸਟਿਕ ਸੈਂਕੜਿਆਂ ਸਾਲਾਂ ਤੱਕ ਖਤਮ ਨਹੀਂ ਹੁੰਦਾ, ਇਹ ਦਰਿਆਵਾਂ, ਮਿੱਟੀ ਤੇ ਪੀਣ ਵਾਲੇ ਪਾਣੀ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਇਸ ਨੂੰ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ। ਇਸ ਲਈ ਹੋਲਾ ਮੁਹੱਲਾ ਦੌਰਾਨ ਥਾਂ-ਥਾਂ ਲਗਾਏ ਜਾਣ ਵਾਲੇ ਲੰਗਰਾਂ ਵਿੱਚ ਪਲਾਸਟਿਕ ਦੇ ਭਾਂਡਿਆਂ, ਕੱਪਾਂ, ਚਮਚਿਆਂ ਤੇ ਥੈਲੀਆਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਕੱਪੜੇ ਜਾਂ ਜੂਟ ਦੇ ਥੈਲੇ ਵਰਤੇ ਜਾਣ ਅਤੇ ਲੰਗਰ ਜਾਂ ਹੋਰ ਪ੍ਰਸਾਦ ਲਈ ਸਟੀਲ, ਕੱਚ, ਸਿਰਾਮਿਕ ਜਾਂ ਹੋਰ ਬਾਇਓ-ਡਿਗ੍ਰੇਡੇਬਲ ਸਮੱਗਰੀ ਦੀ ਵਰਤੋਂ ਕੀਤੀ ਜਾਵੇ। ਇਹ ਕਦਮ ਸਿਰਫ਼ ਵਾਤਾਵਰਨ ਦੀ ਰੱਖਿਆ ਹੀ ਨਹੀਂ ਕਰੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਏਗਾ। ਉਨ੍ਹਾਂ ਸਮੂਹ ਸੰਗਤ, ਸੇਵਾਦਾਰਾਂ ਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ “ਪਲਾਸਟਿਕ-ਮੁਕਤ ਹੋਲਾ-ਮਹੱਲਾ” ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ ਤੇ ਧਾਰਮਿਕ ਉਤਸ਼ਾਹ ਦੇ ਨਾਲ-ਨਾਲ ਵਾਤਾਵਰਨ ਸੰਭਾਲ ਦਾ ਸੰਦੇਸ਼ ਵੀ ਦਿੱਤਾ ਜਾਵੇ।