ਡਿਜੀਟਲ ਜਨਗਣਨਾ ਨੂੰ ਲੈਕੇ ਸੰਯੁਕਤ ਨਿਰਦੇਸ਼ਕ ਪੰਜਾਬ ਨੇ ਗਿਣਤੀਕਾਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਡਿਜੀਟਲ ਜਨਗਣਨਾ-2027 : ਫੀਲਡ ਵਰਕ ਦੀ ਪ੍ਰਗਤੀ ਅਤੇ ਮੌਕੇ ’ਤੇ ਆ ਰਹੀਆਂ ਚੁਣੌਤੀਆਂ ਬਾਰੇ ਵਿਸਥਾਰ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ
---
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਡਿਜੀਟਲ ਜਨਗਣਨਾ-2027 ਦੇ ਤਹਿਤ ਚੱਲ ਰਹੇ ਘਰਾਂ ਦੇ ਸਰਵੇ ਦੇ ਕੰਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੰਜ਼ਾਮ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵੀਰਵਾਰ ਨੂੰ ਗੁਰੂ ਨਾਨਕ ਭਵਨ ਵਿਖੇ ਨਗਰ ਨਿਗਮ ਦੇ ਜ਼ੋਨ ਡੀ ਅਧੀਨ ਤਾਇਨਾਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨਾਲ ਸੰਯੁਕਤ ਨਿਰਦੇਸ਼ਕ ਜਨਗਨਣਾ ਪੰਜਾਬ ਆਰਪੀ ਸਿੰਘ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਜੀਟਲ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਚੱਲ ਰਹੇ ਫੀਲਡ ਵਰਕ ਦੀ ਪ੍ਰਗਤੀ ਅਤੇ ਮੌਕੇ ’ਤੇ ਆ ਰਹੀਆਂ ਚੁਣੌਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਸੰਯੁਕਤ ਨਿਰਦੇਸ਼ਕ ਜਨਗਣਨਾ ਸੰਚਾਲਨ ਡਾਇਰੈਕਟੋਰੇਟ ਪੰਜਾਬ ਆਰਪੀ ਸਿੰਘ ਨਾਲ ਫੀਲਡ ਵਿੱਚ ਕੰਮ ਕਰ ਰਹੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੇ ਦਰਪੇਸ਼ ਤਕਨੀਕੀ, ਪ੍ਰਸ਼ਾਸਕੀ ਅਤੇ ਹੋਰ ਜਮੀਨੀ ਪੱਧਰ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਡਿਜੀਟਲ ਤਰੀਕੇ ਨਾਲ ਡਾਟਾ ਇਕੱਠਾ ਕਰਨ ਵਿੱਚ ਆ ਰਹੀਆਂ ਤਕਨੀਕੀ ਦਿਕ਼ਤਾਂ ਅਤੇ ਉਨ੍ਹਾਂ ਦੇ ਹੱਲਾਂ ‘ਤੇ ਵੀ ਗੰਭੀਰ ਚਰਚਾ ਕੀਤੀ ਗਈ। ਆਰਪੀ ਸਿੰਘ ਨੇ ਕਿਹਾ ਕਿ ਡਿਜੀਟਲ ਜਨਗਣਨਾ-2027 ਦੇਸ਼ ਦੀਆਂ ਸਭ ਤੋਂ ਮਹੱਤਵਪੂਰਨ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚੋਂ ਇੱਕ ਹੈ, ਜਿਸ ਦੇ ਆਧਾਰ ‘ਤੇ ਭਵਿੱਖ ਵਿੱਚ ਸਰਕਾਰ ਵੱਲੋਂ ਵਿਕਾਸ ਯੋਜਨਾਵਾਂ ਅਤੇ ਭਲਾਈ ਸਕੀਮਾਂ ਦੀ ਯੋਜਨਾ ਤਿਆਰ ਕੀਤੀ ਜਾਂਦੀ ਹੈ। ਇਸ ਲਈ ਹਰ ਗਿਣਤੀਕਾਰ ਅਤੇ ਸੁਪਰਵਾਈਜ਼ਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਹੀ ਡਾਟਾ ਇਕੱਠਾ ਕਰਨ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ।
ਮੀਟਿੰਗ ਵਿੱਚ ਡਾਟਾ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ, ਜਾਣਕਾਰੀ ਨੂੰ ਸਮੇਂ ਸਿਰ ਆਨਲਾਈਨ ਸਮਕਾਲੀਕਰਨ ਕਰਨ ਅਤੇ ਜਨਗਣਨਾ ਨਾਲ ਸੰਬੰਧਿਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਸਾਰੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮਾਂ-ਸੀਮਾ ਅੰਦਰ ਬਕਾਇਆ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਜਨਗਣਨਾ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਆਵੇ।
---
ਗਿਣਤੀਕਾਰਾਂ ਨਾਲ ਸਹਿਯੋਗ ਕਰਨ ਲੋਕ : ਡਾ. ਗੁਪਤਾ
ਇਸ ਮੌਕੇ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਡਾ. ਨੀਰੂ ਕਤਿਆਲ ਗੁਪਤਾ ਅਤੇ ਸੰਯੁਕਤ ਕਮਿਸ਼ਨਰ-ਕਮ-ਸ਼ਹਿਰ ਜਨਗਣਨਾ ਅਧਿਕਾਰੀ ਵਿਨੀਤ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਗਿਣਤੀਕਾਰ ਉਨ੍ਹਾਂ ਦੇ ਘਰਾਂ ਵਿੱਚ ਜਾਣਕਾਰੀ ਇਕੱਠੀ ਕਰਨ ਲਈ ਪਹੁੰਚਣ ਤਾਂ ਉਹ ਪੂਰਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਇਸ ਦਾ ਇਸਤੇਮਾਲ ਕੇਵਲ ਸਰਕਾਰੀ ਯੋਜਨਾਬੰਦੀ ਅਤੇ ਭਲਾਈ ਸਕੀਮਾਂ ਤਿਆਰ ਕਰਨ ਲਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਹੀ ਅਤੇ ਪੂਰੀ ਜਾਣਕਾਰੀ ਨਾਲ ਹੀ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਿਹਤਰ ਨੀਤੀਆਂ ਤਿਆਰ ਕਰ ਸਕਦੀ ਹੈ। ਇਸ ਮੌਕੇ ਤੇ ਜ਼ੋਨਲ ਕਮਿਸ਼ਨਰ-ਕਮ-ਚਾਰਜ ਅਫ਼ਸਰ ਜਸਦੇਵ ਸਿੰਘ ਸੇਖੋਂ, ਸੁਪਰਡੈਂਟ ਤਰੁਣ ਗੋਇਲ, ਅੰਕੜਾ ਜਾਂਚ ਕਰਤਾ ਗ੍ਰੇਡ-II ਸ਼ਿਵਮ ਭੱਟੀ ਸਮੇਤ ਹੋਰ ਅਧਿਕਾਰੀ ਅਤੇ ਗਨਣਾਕਾਰ ਹਾਜ਼ਰ ਸਨ।