- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਆਮਦ ਨਾਲ ਮੰਡੀਆਂ ’ਚ ਵਧੀ ਚਹਿਲ-ਪਹਿਲ, ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ

-ਝੋਨੇ ਦੀ ਆਮਦ ਨਾਲ ਮੰਡੀਆਂ ’ਚ ਵਧੀ ਚਹਿਲ-ਪਹਿਲ, ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ
ਸੁਰੇਸ਼ ਕੁਮਾਰ, ਪੰਜਾਬੀ ਜਾਗਰਣ ਲੁਧਿਆਣਾ
ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋਣ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਸ਼ਹਿਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਵੀ ਫਸਲ ਦੀ ਆਮਦ ਨੂੰ ਲੈ ਕੇ ਚਹਿਲ-ਪਹਿਲ ਵਧਣੀ ਸ਼ੁਰੂ ਹੋ ਗਈ ਹੈ। ਗਿੱਲ ਚੌਂਕ ਸਥਿਤ ਅਰੋੜਾ ਸਿਨੇਮਾ ਨੇੜੇ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਝੋਨਾ ਲਿਆਉਣ ਦਾ ਸਿਲਸਿਲਾ ਜਾਰੀ ਹੈ, ਜਦਕਿ ਲੇਬਰ ਵੱਲੋਂ ਝੋਨੇ ਦੀਆਂ ਬੋਰੀਆਂ ਭਰਨ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ।
ਮੰਡੀ ਵਿੱਚ ਮੌਜੂਦ ਲੇਬਰ ਨਾਲ ਜਦੋਂ ਸਹੂਲਤਾਂ ਸਬੰਧੀ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ ਹਾਲੇ ਝੋਨੇ ਦੀ ਆਮਦ ਪੂਰੇ ਜ਼ੋਰਾਂ ’ਤੇ ਨਹੀਂ ਆਈ ਅਤੇ ਸ਼ੁਰੂਆਤੀ ਦੌਰ ਹੋਣ ਕਾਰਨ ਫਸਲ ਦੀ ਆਮਦ ਘੱਟ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਬਾਥਰੂਮ ਅਤੇ ਪਾਣੀ ਦੀ ਸਹੂਲਤ ਨੇੜੇ ਹੋਣੀ ਚਾਹੀਦੀ ਹੈ, ਕਿਉਂਕਿ ਮੌਜੂਦਾ ਸਮੇਂ ਇਨ੍ਹਾਂ ਸਹੂਲਤਾਂ ਲਈ ਕਰੀਬ ਅੱਧਾ ਕਿਲੋਮੀਟਰ ਤੱਕ ਜਾਣਾ ਪੈਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਫਸਲ ਦੀ ਆਮਦ ਵਧਣ ’ਤੇ ਮਾਰਕੀਟ ਕਮੇਟੀ ਵੱਲੋਂ ਇਹ ਸਹੂਲਤਾਂ ਮੰਡੀ ਦੇ ਨੇੜੇ ਮੁਹੱਈਆ ਕਰਵਾਈਆਂ ਜਾਣਗੀਆਂ।
ਅਰੋੜਾ ਸਿਨੇਮਾ ਸਥਿਤ ਦਾਣਾ ਮੰਡੀ ਵਿੱਚ ਆਲਮਗੀਰ ਤੋਂ ਝੋਨਾ ਲੈ ਕੇ ਪਹੁੰਚੇ ਕਿਸਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਇਹ ਉਨ੍ਹਾਂ ਦਾ ਝੋਨਾ ਲੈ ਕੇ ਦੂਜਾ ਗੇੜਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਫਸਲ ਸਮੇਂ ਸਿਰ ਮੰਡੀ ਵਿੱਚ ਲਿਆਉਣ ’ਤੇ ਜ਼ਿਆਦਾ ਭੀੜ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਹਾਲਾਂਕਿ ਸੀਜ਼ਨ ਪੂਰੇ ਜ਼ੋਰਾਂ ’ਤੇ ਆਉਣ ਤੋਂ ਬਾਅਦ ਮੰਡੀ ਵਿੱਚ ਭੀੜ ਦੇ ਨਾਲ-ਨਾਲ ਲੇਬਰ ਦੀ ਕਮੀ ਦੀ ਸਮੱਸਿਆ ਵੀ ਪੈਦਾ ਹੋ ਜਾਂਦੀ ਹੈ। ਉਧਰ ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਕੇ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
-ਬਾਕਸ-
-ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ-ਖੰਗੂੜਾ
44) ਸਕੱਤਰ ਗੁਰਦੀਪ ਸਿੰਘ ਖੰਗੂੜਾ।
ਮਾਰਕੀਟ ਕਮੇਟੀ ਦੇ ਸਕੱਤਰ ਗੁਰਦੀਪ ਸਿੰਘ ਖੰਗੂੜਾ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਆਮਦ ਨੂੰ ਲੈ ਕੇ ਮੰਡੀ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਅਤੇ ਲੇਬਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਗਿੱਲ ਰੋਡ ਸਥਿਤ ਦਾਣਾ ਮੰਡੀ ਵਿੱਚ ਵੀ ਬਾਥਰੂਮ ਅਤੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਖੰਗੂੜਾ ਨੇ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਵੱਲੋਂ ਫਸਲ ਲਿਆਂਦੀ ਜਾ ਰਹੀ ਹੈ, ਪਰ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਖਰੀਦ ਏਜੰਸੀਆਂ ਵੱਲੋਂ ਹਾਲੇ ਖਰੀਦ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਵਿੱਚ ਕਰੀਬ 24 ਫੀਸਦੀ ਨਮੀ ਹੈ, ਜਦਕਿ ਖਰੀਦ ਲਈ ਨਮੀ ਦੀ ਮਾਤਰਾ ਕਰੀਬ 17 ਫੀਸਦੀ ਹੋਣੀ ਚਾਹੀਦੀ ਹੈ।
-ਬਾਕਸ-
-ਅੱਜ ਤੋਂ ਲੁਧਿਆਣਾ ਮਾਰਕੀਟ ਕਮੇਟੀ ਦੀਆਂ ਮੰਡੀਆਂ ’ਚ ਸਰਕਾਰੀ ਖ੍ਰੀਦ ਹੋਵੇਗੀ ਸ਼ੁਰੂ : ਗਿੱਲ
45) ਚੇਅਰਮੈਨ ਗੁਰਜੀਤ ਸਿੰਘ ਗਿੱਲ।
ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਆਮਦ ਨੂੰ ਦੇਖਦਿਆਂ ਮੰਡੀ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਲੇਬਰ ਅਤੇ ਹੋਰਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਵੀ ਸ਼ੁਰੂ ਕੀਤੀ ਜਾਵੇਗੀ।