- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਛੀਵਾੜਾ ਥਾਣੇ ਨੇੜੇ ਅੱਜ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਸਕੂਲ ਜਾ ਰਹੇ 18 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ ਵਾਸੀ ਪਿੰਡ ਜੀਵਨਪੁਰ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ਼੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਥਾਣੇ ਨੇੜੇ ਅੱਜ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਸਕੂਲ ਜਾ ਰਹੇ 18 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ ਵਾਸੀ ਪਿੰਡ ਜੀਵਨਪੁਰ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮਿਲੀ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਪਿੰਡ ਤੋਂ ਸਕੂਲ ਜਾਣ ਲਈ ਨਿਕਲਿਆ ਸੀ। ਜਦੋਂ ਉਹ ਮਾਛੀਵਾੜਾ ਥਾਣੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਦਿਸ਼ਾ ’ਚ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਵਾਹਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ’ਚ ਉਸ ਨੂੰ ਤੁਰੰਤ ਮਾਛੀਵਾੜਾ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ।
ਇਸ ਉਪਰੰਤ ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਰਣਜੋਤ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਰਣਜੋਤ ਸਿੰਘ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਹੋਣ ਕਾਰਨ ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦੁਖਦਾਈ ਘਟਨਾ ਕਾਰਨ ਪਿੰਡ ਜੀਵਨਪੁਰ ਤੇ ਉਸ ਦੇ ਸਕੂਲੀ ਸਾਥੀਆਂ ’ਚ ਸੋਗ ਦੀ ਲਹਿਰ ਹੈ।
ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ।