ਅਪਰਾਧ ਨੂੰ ਠੱਲ ਪਾਉਣਾ ਮੁੱਖ ਤਰਜੀਹ : ਐੱਸਐੱਸਪੀ ਆਹਲੂਵਾਲੀਆ
ਖੰਨਾ ਦੇ ਨਵੇਂ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਅਹੁਦਾ ਸੰਭਾਲਿਆ
Publish Date: Mon, 12 Jan 2026 08:26 PM (IST)
Updated Date: Tue, 13 Jan 2026 04:13 AM (IST)

ਲੋਕਾਂ ਨੂੰ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਲਿਆ ਅਹਿਦ ਖੰਨਾ : ਖੰਨਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਹੈ ਕਿ ਸ਼ਹਿਰਾ ਤੇ ਪਿੰਡਾਂ ’ਚ ਅਪਰਾਧ ਨੂੰ ਰੋਕਣਾ ਤੇ ਠੱਲ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ। ਸੋਮਵਾਰ ਨੂੰ ਦਫਤਰ ਸੀਨੀਅਰ ਪੁਲਿਸ ਕਪਤਾਨ ਖੰਨਾ ਵਿਖੇ ਆਪਣਾ ਚਾਰਜ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਦੇਸ਼ ਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ’ਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਤੇ ਉਨ੍ਹਾਂ ਤੇ ਸਖਤ ਨਿਗ੍ਹਾ ਰੱਖੀ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰਾਂ ਤੇ ਪਿੰਡਾਂ ’ਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਤੇ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੇ ਟ੍ਰੈਫਿਕ ਨੂੰ ਵੀ ਨਿਯੰਤਰਣ ਵਿਚ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਟ੍ਰੈਫਿਕ ਦੇ ਪ੍ਰਬੰਧਾਂ ਦੀ ਚੰਗੀ ਤਰ੍ਹਾਂ ਨਾਲ ਘੋਖ ਕੀਤੀ ਜਾਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ਼ਹਿਰਾ ’ਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀਸੀਆਰ ਨੂੰ ਵੀ ਹੋਰ ਚੁਸਤ-ਦਰੁਸਤ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆ ’ਚ ਪਬਲਿਕ ਡੀਲਿੰਗ ਨੂੰ ਵੀ ਹੋਰ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ, ਜਿਸ ਲਈ ਲੋਕਾਂ ਤੋਂ ਸੁਝਾਅ ਲਏ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵੀ ਉਚੇਚੇ ਕਦਮ ਚੁੱਕੇ ਜਾਣਗੇ ਤੇ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ’ਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਿਰਫ ਸ਼ੁਰੂਆਤ ਹੈ ਤੇ ਛੇਤੀ ਹੀ ਸ਼ਹਿਰਾਂ ਤੇ ਪਿੰਡਾਂ ਨਾਲ ਸਬੰਧਤ ਸਾਰੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਚ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਡਾ. ਦਰਪਣ ਆਹਲੂਵਾਲੀਆ ਨੂੰ ਦਫਤਰ ਪੁੱਜਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਤਾਇਨਾਤ ਸੀਨੀਅਰ ਅਧਿਕਾਰੀ ਐਸਪੀਜ਼, ਡੀਐਸਪੀਜ਼ ਸਮੂਹ ਐਸਐਚਓ ਨਾਲ ਬੈਠਕ ਕਰ ਕੇ ਸ਼ਹਿਰਾਂ ਤੇ ਪਿੰਡਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਡਾ. ਦਰਪਣ ਆਹਲੂਵਾਲੀਆ ਨੇ ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਲਈ। ਇਸ ਮੌਕੇ ਐੱਸਪੀ ਹੈਡਕੁਆਰਟਰ ਹਰਪਿੰਦਰ ਕੌਰ ਗਿੱਲ, ਐੱਸਪੀ ਪ੍ਰਸ਼ੋਤਮ ਸਿੰਘ ਬੱਲ, ਐੱਸਪੀ ਆਈ ਪਵਨਜੀਤ, ਡੀਐੱਸਪੀ ਡੀ ਮੋਹਿਤ ਕੁਮਾਰ, ਡੀਐੱਸਪੀ ਐੱਨਡੀਪੀਐੱਸ ਕਰਮਜੀਤ ਸਿੰਘ ਗਰੇਵਾਲ, ਡੀਐੱਸਪੀ ਖੰਨਾ ਵਿਨੋਦ ਕੁਮਾਰ, ਡੀਐੱਸਪੀ ਸਮਰਾਲਾ ਤਰਲੋਚਨ ਸਿੰਘ, ਡੀਐੱਸਪੀ ਪਾਇਲ ਜਸਵਿੰਦਰ ਸਿੰਘ, ਡੀਐੱਸਪੀ ਪਵਨ ਕੁਮਾਰ, ਡੀਐੱਸਪੀ ਕਰਮਵੀਰ ਸਿੰਘ, ਸਮੂਹ ਐੱਸਐੱਚਓਜ਼ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।