ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਵਧੀਆ ਬਦਲ ਹਨ ਜਿਸ ਨਾਲ ਨੌਜਵਾਨ ਖੇਡ ਮੈਦਾਨਾਂ ਵਿੱਚ ਪਸੀਨਾ ਵਹਾ ਕੇ ਜਿੱਥੇ ਆਪਣੇ ਸਰੀਰ ਨਰੋਏ ਰੱਖ ਸਕਦੇ ਹਨ, ਉੱਥੇ ਹੀ ਨਸ਼ਿਆਂ ਦੀ ਦਲਦਲ ਵਿੱਚ ਨਾ ਫਸ ਕੇ ਖੇਡਾਂ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਸੂਬੇ ਦਾ ਨਾਂ ਰੌਸ਼ਨ ਕਰ ਸਕਦੇ ਹਨ।

ਸਟਾਫ ਰਿਪੋਰਟਰ, ਲੁਧਿਆਣਾ : ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਵਧੀਆ ਬਦਲ ਹਨ ਜਿਸ ਨਾਲ ਨੌਜਵਾਨ ਖੇਡ ਮੈਦਾਨਾਂ ਵਿੱਚ ਪਸੀਨਾ ਵਹਾ ਕੇ ਜਿੱਥੇ ਆਪਣੇ ਸਰੀਰ ਨਰੋਏ ਰੱਖ ਸਕਦੇ ਹਨ, ਉੱਥੇ ਹੀ ਨਸ਼ਿਆਂ ਦੀ ਦਲਦਲ ਵਿੱਚ ਨਾ ਫਸ ਕੇ ਖੇਡਾਂ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਸੂਬੇ ਦਾ ਨਾਂ ਰੌਸ਼ਨ ਕਰ ਸਕਦੇ ਹਨ।
ਇਹ ਸ਼ਬਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਦਰਸ਼ਕਾਂ ਨਾਲ ਭਰੇ ਖੇਡ ਸਟੇਡੀਅਮ ਵਿੱਚ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 3200 ਨਵੇਂ ਖੇਡ ਸਟੇਡੀਅਮ ਬਣਾਉਣ ਦੇ ਨਾਲ-ਨਾਲ ਖੇਡਾਂ ਦੇ ਬਜਟ ਵਿੱਚ ਹੋਰ ਵਾਧਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਟੇਡੀਅਮ ਬਣਨ ਨਾਲ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।
ਮੁੱਖ ਮੰਤਰੀ ਮਾਨ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵਾਲਾ ਅਹਿਮ ਕਦਮ ਦੱਸਿਆ ਜਿਸ ਤਹਿਤ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਕਿਲ੍ਹਾ ਰਾਏਪੁਰ ਵਿੱਚ 8 ਏਕੜ ਵਿੱਚ ਫੈਲੇ ਛੱਪੜ ਦਾ ਸੰਤ ਸੀਚੇਵਾਲ ਮਾਡਲ ਤਹਿਤ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ ਜਿਸ ਵਿੱਚ ਬੱਚਿਆਂ ਦੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਵੀ ਹੋਣਗੀਆਂ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਿੰਨ ਸੀਜ਼ਨ ਸਫਲਤਾਪੂਰਵਕ ਕਰਵਾਏ ਗਏ ਹਨ ਜਿਸ ਦੌਰਾਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਮੁਕਾਬਲਿਆਂ ਵਿੱਚ ਹਿੱਸਾ ਲੈਂਦੀਆਂ ਵੇਖੀਆਂ ਗਈਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ ਮੁੱਖ ਭਾਰਤੀ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ।
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਿੱਚ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਰਹੇ ਹਨ।
ਕਿਲ੍ਹਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਹੈ। ਇਸ ਨੂੰ ਇਤਿਹਾਸਕ ਪਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਖੇਡਾਂ ਵਿਸ਼ਵ ਪੱਧਰ ’ਤੇ ਪ੍ਰਸਿੱਧ ਹਨ ਅਤੇ ਲੰਬੇ ਸਮੇਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਕਾਨੂੰਨੀ ਵਿਵਸਥਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਜਾਨਵਰਾਂ ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।
ਕਿਲ੍ਹਾ ਰਾਏਪੁਰ ਦੇ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੀ ਫਿਰਨੀ ਵਾਲੀ ਤਿੰਨ ਕਿਲੋਮੀਟਰ ਦੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ, ਪਿੰਡ ਦੀ ਸਹਿਕਾਰੀ ਸਭਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ, ਪਿੰਡ ਦੇ ਅੱਠ ਏਕੜ ਵਿੱਚ ਫੈਲੇ ਛੱਪੜ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ’ਤੇ ਵਿਕਸਤ ਕੀਤਾ ਜਾਵੇਗਾ, ਪਿੰਡ ਦੀ ਲਾਇਬ੍ਰੇਰੀ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕੀਤਾ ਜਾਵੇਗਾ ਅਤੇ ਸਿਕਸ-ਏ-ਸਾਈਡ ਹਾਕੀ ਐਸਟ੍ਰੋਟਰਫ ਦੇ ਨਿਰਮਾਣ 'ਤੇ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਟੇਡੀਅਮ ਵਿੱਚ ਫਲੱਡ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੇਹਲੋਂ ਤੋਂ ਪੱਖੋਵਾਲ ਸੜਕ ਦਾ 30 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਪਾਸੋਂ ਹਲਵਾਰਾ ਹਵਾਈ ਅੱਡੇ ਦਾ ਨਾਂੱ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਹੈ, ਜੋ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ।
ਇਸ ਮੌਕੇ ‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਕਲਵੰਤ ਸਿੰਘ ਸਿੱਧੂ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜ਼ਰਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਹੋਰ ਸ਼•ਖਸੀਅਤਾਂ ਮੌਜੂਦ ਸਨ।