ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Fri, 20 Mar 2026 10:24 PM (IST)
Updated Date: Fri, 20 Mar 2026 10:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਸੇਵਾ ਤੇ ਭਗਤੀ ਦੇ ਪੁੰਜ ਤੀਜੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀਆਂ ਕਲਿਆਣਕਾਰੀ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸੇਵਾ ਦੇ ਸੰਕਲਪ ਨਾਲ ਜੁੜਨ ਦਾ ਸੰਦੇਸ਼ ਦਿੰਦੀਆਂ ਹਨ, ਖਾਸ ਕਰ ਕੇ ਉਨ੍ਹਾਂ ਵੱਲੋ ਬਖਸ਼ੇ ਸਿਧਾਂਤ ਸੇਵਾ ਤੇ ਭਗਤੀ ਦੇ ਸੁਮੇਲ ਹਨ। ਗੁਰੂ ਸਾਹਿਬ ਨੇ ਆਪਣੀ ਸਾਰੀ ਜ਼ਿੰਦਗੀ ਅਕਾਲ ਪੁਰਖ ਦੀ ਸੱਚੇ ਦਿਲੋਂ ਬੰਦਗੀ ਕਰਨ ਵਿੱਚ ਹੀ ਨਹੀਂ ਲਾਈ, ਬਲਕਿ ਸਮੁੱਚੀ ਲੋਕਾਈ ਲਈ ਭਲੇ ਦੇ ਕਾਰਜ ਕਰ ਕੇ ਸੇਵਾ ਤੇ ਸਿਮਰਨ ਦੀ ਮਿਸਾਲ ਵੀ ਕਾਇਮ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਤੀਜੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਸਾਹਿਬ ਸਿੰਘ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੀਆਂ ਮਨੁੱਖਤਾਵਾਦੀ ਸੇਵਾ ਪੱਖੀ ਸਿੱਖਿਆਵਾਂ ਤੇ ਫਲਾਸਫੇ ਨੂੰ ਸਮੁੱਚੀ ਲੋਕਾਈ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਗੁਰੂ ਸਾਹਿਬਾਨ ਦੇ ਭਗਤੀ ਤੇ ਸੇਵਾ ਮਾਰਗ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰਪਾਓ ਬਖਸ਼ਿਸ ਕਰ ਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਡੰਗ, ਅੱਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਘਬੀਰ ਸਿੰਘ, ਪ੍ਰੇਮ ਸਿੰਘ, ਖੁਸ਼ਹਾਲ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।