- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

-ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ।
ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਨੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰੀ। ਉਨ੍ਹਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਦਵਿੰਦਰ ਸਿੰਘ ਸੋਢੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਨ ਰੱਬੀ ਜੋਤ ਸਨ, ਜਿਨ੍ਹਾਂ ਨੇ ਮਨੁੱਖੀ ਜੀਵਨ ਨੂੰ ਪ੍ਰਭੂ ਪ੍ਰੇਮ ਅਤੇ ਭਗਤੀ ਨਾਲ ਜੋੜਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਸਰਬ ਸਾਂਝੀ ਅਧਿਆਤਮਿਕਤਾ ਅਤੇ ਰੂਹਾਨੀਅਤ ਦੇ ਪ੍ਰਤੀਕ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਤਾ ਗੱਦੀ ਦਿਵਸ ਮਨਾਉਣ ਦੀ ਸਾਰਥਕਤਾ ਤਾਂ ਹੀ ਹੈ, ਜੇਕਰ ਉਨ੍ਹਾਂ ਵੱਲੋਂ ਬਖਸ਼ੇ ਸੇਵਾ ਅਤੇ ਸਿਮਰਨ ਦੇ ਸੰਕਲਪ ਨੂੰ ਆਪਣੇ ਹਿਰਦਿਆਂ ਵਿੱਚ ਵਸਾ ਕੇ ਲੋਕਾਈ ਦੀ ਸੇਵਾ ਲਈ ਸਮਰਪਿਤ ਹੋਇਆ ਜਾਵੇ।
ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖ਼ਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟਿਆਣੀ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਅਵਤਾਰ ਸਿੰਘ ਬੀਕੇ, ਸੁਰਜੀਤ ਸਿੰਘ ਮਨਚੰਦਾ, ਦਾਨ ਸਿੰਘ, ਤਜਿੰਦਰਪਾਲ ਸਿੰਘ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਅਤੇ ਖੁਸ਼ਹਾਲ ਸਿੰਘ ਸਮੇਤ ਹੋਰ ਸੰਗਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।