- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਰੋਇਨ ਦੀ ਵੱਡੀ ਮਾਤਰਾ ਵਿੱਚ ਹੋਈ ਬਰਾਮਦਗੀ ਤੋਂ ਬਾਅਦ ਪੁਲਿਸ ਇਸ ਮਾਮਲੇ ਨੂੰ ਕਈ ਪਹਿਲੂਆਂ ਤੋਂ ਖੰਗਾਲ ਰਹੀ ਹੈ। ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਸਰਹੱਦ ਪਾਰੋਂ ਨਸ਼ਾ ਤਸਕਰੀ ਨਾਲ ਸਬੰਧਤ ਹੋ ਸਕਦਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਵਿੱਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਨੇ 3 ਕਿੱਲੋ 697 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਿਰੰਜਨ ਸਿੰਘ ਵਾਸੀ ਪਿੰਡ ਖਹਿਰਾ ਬੇਟ, ਲਾਡੋਵਾਲ ਵਜੋਂ ਹੋਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੀਆਂ ਸੰਭਾਵੀ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਡਿਵੀਜ਼ਨ ਨੰਬਰ-2 ਦੇ ਇੰਚਾਰਜ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਲਜ਼ਮ ’ਤੇ ਪਹਿਲਾਂ ਤੋਂ ਸ਼ੱਕ ਸੀ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਨਸ਼ੇ ਦੀ ਇਹ ਵੱਡੀ ਖੇਪ ਬਰਾਮਦ ਹੋਈ ਹੈ।
ਹਾਦਸੇ ਦੀ ਸੂਚਨਾ ਤੋਂ ਬਾਅਦ ਹੋਈ ਕਾਰਵਾਈ, ਤਲਾਸ਼ੀ ’ਚ ਮਿਲੀ ਹੈਰੋਇਨ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਸਿਵਲ ਹਸਪਤਾਲ ਟੀਮ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਨਿਰੰਜਨ ਸਿੰਘ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ। ਪੁਲਿਸ ਪਾਰਟੀ ਨੂੰ ਮੁਲਜ਼ਮ ’ਤੇ ਪਹਿਲਾਂ ਤੋਂ ਹੀ ਸ਼ੱਕ ਸੀ। ਇਸ ਲਈ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 3 ਕਿਲੋ 697 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਮੁਲਜ਼ਮ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸਰਹੱਦ ਪਾਰੋਂ ਤਸਕਰੀ ਦੀ ਸੰਭਾਵਨਾ ਸਮੇਤ ਵੱਖ-ਵੱਖ ਪਹਿਲੂਆਂ ’ਤੇ ਜਾਂਚ
ਹੈਰੋਇਨ ਦੀ ਵੱਡੀ ਮਾਤਰਾ ਵਿੱਚ ਹੋਈ ਬਰਾਮਦਗੀ ਤੋਂ ਬਾਅਦ ਪੁਲਿਸ ਇਸ ਮਾਮਲੇ ਨੂੰ ਕਈ ਪਹਿਲੂਆਂ ਤੋਂ ਖੰਗਾਲ ਰਹੀ ਹੈ। ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਸਰਹੱਦ ਪਾਰੋਂ ਨਸ਼ਾ ਤਸਕਰੀ ਨਾਲ ਸਬੰਧਤ ਹੋ ਸਕਦਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ, ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ ਅਤੇ ਇਸ ਪਿੱਛੇ ਕੋਈ ਹੋਰ ਵਿਅਕਤੀ ਜਾਂ ਤਸਕਰੀ ਦਾ ਨੈੱਟਵਰਕ ਸਰਗਰਮ ਤਾਂ ਨਹੀਂ ਹੈ।ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਿਰੰਜਨ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਹੈ। ਇਸ ਪਿਛੋਕੜ ਨੂੰ ਦੇਖਦਿਆਂ ਪੁਲਿਸ ਵੱਲੋਂ ਮੌਜੂਦਾ ਮਾਮਲੇ ਦੀਆਂ ਕੜੀਆਂ ਜੋੜੀਆਂ ਜਾ ਰਹੀਆਂ ਹਨ। ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਦਾ ਧਿਆਨ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਸੰਭਾਵੀ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ’ਤੇ ਕੇਂਦਰਿਤ ਹੈ।