ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋਈ ਫੇਲ੍ਹ : ਧੀਮਾਨ
ਪੰਜਾਬ ਵਿੱਚ ਕਾਨੂੰਨ-ਵਿਵਸਥਾ ਫੇਲ-ਧੀਮਾਨ
Publish Date: Wed, 06 May 2026 06:42 PM (IST)
Updated Date: Thu, 07 May 2026 04:09 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਵਿੱਚ ਬੀਤੀ ਰਾਤ ਹੋਏ ਦੋਹਰੇ ਧਮਾਕਿਆਂ ਨਾਲ ਸਾਰੇ ਸੂਬੇ ਵਿੱਚ ਹੜਕੰਪ ਮਚ ਗਿਆ। ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਧਮਾਕੇ ਤੋਂ ਕੁੱਝ ਘੰਟਿਆਂ ਬਾਅਦ ਅੰਮ੍ਰਿਤਸਰ ਵਿੱਚ ਵੀ ਰਾਤ ਕਰੀਬ 11 ਵਜੇ ਆਰਮੀ ਕੈਂਪ ਦੇ ਸਾਹਮਣੇ ਬਲਾਸਟ ਹੋਇਆ। ਇਨ੍ਹਾਂ ਘਟਨਾਵਾਂ ਨੇ ਸੂਬੇ ਦੀ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।
ਇਨ੍ਹਾਂ ਘਟਨਾਵਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਰਜਨੀਸ਼ ਧੀਮਾਨ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਫੇਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ਕਰਕੇ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਜਲੰਧਰ ਅਤੇ ਅੰਮ੍ਰਿਤਸਰ ਵਰਗੇ ਮਹੱਤਵਪੂਰਨ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਸਰਕਾਰ ਅਪਰਾਧ ‘ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਪ੍ਰਸ਼ਾਸਨਿਕ ਢਾਂਚਾ ਵੀ ਡਗਮਗਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਸਥਿੱਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਧੀਮਾਨ ਨੇ ਮੰਗ ਕੀਤੀ ਕਿ ਇਨ੍ਹਾਂ ਧਮਾਕਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਬਾਰਾ ਦੁਹਰਾਈ ਨਾ ਹੋਵੇ।