ਟ੍ਰੈਫਿਕ ਸਮੱਸਿਆ ਕਾਰਨ ਇਲਾਕਾ ਵਾਸੀ ਪਰੇਸ਼ਾਨ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਨੇੜੇ ਟ੍ਰੈਫਿਕ ਸਮੱਸਿਆ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ
Publish Date: Fri, 06 Mar 2026 10:05 PM (IST)
Updated Date: Fri, 06 Mar 2026 10:09 PM (IST)

- ਰੇਹੜੀ-ਫੜੀ ਵਾਲਿਆਂ ’ਤੇ ਲੱਗੇ ਦੋਸ਼ ਬੇਬੁਨਿਆਦ : ਬਿੰਦਰਾ ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਰੋਜ਼ ਗੁਰੂ ਘਰ ਨਤਮਸਤਕ ਹੋਣ ਵਾਲੇ ਪ੍ਰਾਣੀਆਂ ਦੀ ਇੱਕ ਪਾਸੇ ਜਿੱਥੇ ਗਿਣਤੀ ਵੱਧ ਰਹੀ ਹੈ। ਉੱਥੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਵੱਧ ਰਹੀਆਂ ਰੇਹੜੀਆਂ-ਫੜੀਆਂ ਵਾਲਿਆਂ ਦੀ ਗਿਣਤੀ ਅਤੇ ਵਾਹਨਾਂ ਦੀ ਭੀੜ ਕਾਰਨ ਨੇੜਲੇ ਇਲਾਕੇ ਦੇ ਰਹਿਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਹਰ ਰੋਜ਼ ਸੰਗਤਾਂ ਦੀ ਵੱਧ ਰਹੀ ਆਮਦ ਕਾਰਨ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਜਾਂਦੀਆਂ ਹਨ, ਜਿਸ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਆਮ ਹੋ ਗਈ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਕਾਰਨ ਰਿਹਾਇਸ਼ੀ ਇਲਾਕੇ ਵਿੱਚ ਆਉਣਾ-ਜਾਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਮਾਮਲੇ ਸਬੰਧੀ ਕੁਝ ਲੋਕਾਂ ਵੱਲੋਂ ਇਹ ਦੋਸ਼ ਵੀ ਲਾਏ ਜਾ ਰਹੇ ਹਨ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੇਹੜੀ-ਫੜੀ ਵਾਲਿਆਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਨੇੜੇ ਰੇਹੜੀਆਂ ਲਗਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਹਾਲਾਂਕਿ ਕਈ ਰੇਹੜੀ-ਫੜੀ ਵਾਲਿਆਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਸਾਰੇ ਦੋਸ਼ ਬੇਬੁਨਿਆਦ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਰਹਿਣ ਵਾਲੇ ਇਲਾਵਾ ਵਾਸੀਆਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਲਾਏ ਜਾ ਰਹੇ ਦੋਸ਼ਾਂ ਦਾ ਖੰਡਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਬਾਹਰ ਸਾਰੇ ਪ੍ਰਬੰਧ ਸੰਗਤਾਂ ਅਤੇ ਇਲਾਕਾ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕੀਤੇ ਜਾਂਦੇ ਹਨ। ਪਰ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਲਗਾਤਾਰ ਵੱਧ ਰਹੀ ਗਿਣਤੀ, ਸ਼ਰਧਾ ਅਤੇ ਸੈਲਾਬ ਅੱਗੇ ਜੇਕਰ ਪ੍ਰਬੰਧ ਘੱਟ ਜਾਂਦੇ ਹਨ ਤਾਂ ਉਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਦੋਸ਼ ਲਗਾਉਣਾ ਜਾਇਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਰੇਹੜੀ ਫੜੀ ਵਾਲਿਆਂ ਤੋਂ ਪੈਸੇ ਲੈਣ ਦੇ ਦੋਸ਼ ਵੀ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਹਮੇਸ਼ਾ ਸੇਵਾਦਾਰ ਮੌਜੂਦ ਰਹਿੰਦੇ ਹਨ।