ਸਿਆਸੀ ਜੰਗ ਦਾ ਅਖਾੜਾ ਬਣਿਆ ਲੁਧਿਆਣਾ, ਭਾਜਪਾ ਦਫ਼ਤਰ ਦੇ ਘਿਰਾਓ ਦੌਰਾਨ ਭਿੜੇ 'ਆਪ' ਤੇ ਭਾਜਪਾ ਵਰਕਰ; ਪਹੁੰਚੀ ਪੁਲਿਸ
ਪ੍ਰਦਰਸ਼ਨ ਦੌਰਾਨ ਆਪ ਦੇ ਆਗੂਆਂ ਅਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦੇ ਦਫਤਰ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਭਾਜਪਾ ਦੇ ਵਰਕਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਧੱਕਾ-ਮੁੱਕੀ ਕੀਤੀ।
Publish Date: Sun, 10 May 2026 12:59 PM (IST)
Updated Date: Sun, 10 May 2026 01:10 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ਵਿੱਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਵਰਕਰ ਪ੍ਰਦਰਸ਼ਨ ਦੌਰਾਨ ਆਹਮੋ-ਸਾਹਮਣੇ ਹੋ ਗਏ। ਆਮ ਆਦਮੀ ਪਾਰਟੀ ਵੱਲੋਂ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਾਜਪਾ ਦੇ ਮਾਡਲ ਟਾਊਨ ਸਥਿਤ ਦਫਤਰ ਦੇ ਬਾਹਰ ਕੀਤਾ ਜਾ ਰਿਹਾ ਸੀ। ਇਸ ਦੌਰਾਨ ਭਾਜਪਾ ਵੱਲੋਂ ਸ਼ਹਿਰੀ ਦੇ ਪ੍ਰਧਾਨ ਰਜਨੀਸ਼ ਧੀਮਾਨ ਆਪਣੇ ਵਰਕਰਾਂ ਸਮੇਤ ਦਫਤਰ ਅੰਦਰ ਮੌਜੂਦ ਸਨ।
ਪ੍ਰਦਰਸ਼ਨ ਦੌਰਾਨ ਆਪ ਦੇ ਆਗੂਆਂ ਅਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦੇ ਦਫਤਰ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਭਾਜਪਾ ਦੇ ਵਰਕਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਧੱਕਾ-ਮੁੱਕੀ ਕੀਤੀ। ਪਰ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਪੱਖਾਂ ਨੂੰ ਦੂਰ ਕਰਕੇ ਹਟਾ ਦਿੱਤਾ। ਦੋਵਾਂ ਧਿਰਾਂ ਵਿਚਕਾਰ ਤਿੱਖੀ ਨਾਅਰੇਬਾਜ਼ੀ ਹੋਈ ਜਿਸ ਕਾਰਨ ਕੁਝ ਸਮੇਂ ਲਈ ਮਾਹੌਲ ਗਰਮਾਇਆ ਰਿਹਾ। ਮੌਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਹਾਲਾਤ ਨੂੰ ਕਾਬੂ ਵਿੱਚ ਲੈਂਦੇ ਹੋਏ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਵੱਖ-ਵੱਖ ਕੀਤਾ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਅ ਕੀਤਾ। ਪੁਲਿਸ ਦੀ ਸੂਝਬੂਝ ਕਾਰਨ ਸਥਿਤੀ ਜਲਦੀ ਕਾਬੂ ਵਿੱਚ ਆ ਗਈ।
ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦਫਤਰ ਦੇ ਸਾਹਮਣੇ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਆਪ ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਆਪ ਆਗੂਆਂ ਦੀ ਛਵੀ ਖਰਾਬ ਕਰਨ ਲਈ ਈਡੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਡਰਨ ਵਾਲੇ ਨਹੀਂ ਹਨ ਅਤੇ ਭਾਜਪਾ ਦੇ ਹਰ ਅਜਿਹੇ ਕਦਮ ਦਾ ਡੱਟ ਕੇ ਜਵਾਬ ਦੇਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਚੇਅਰਮੈਨ ਵਿਜੇ ਦਾਨਵ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਦੂਜੇ ਪਾਸੇ ਭਾਜਪਾ ਆਗੂਆਂ ਨੇ ਆਪ ਦੇ ਪ੍ਰਦਰਸ਼ਨ ਨੂੰ ਸਿਰਫ਼ ਰਾਜਨੀਤਿਕ ਡਰਾਮਾ ਕਰਾਰ ਦਿੱਤਾ।