- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 300 ਕਿਲੋ ਗਾਂਜਾ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਗਾਂਜੇ ਦੀ ਖੇਪ ਤੋਂ ਇਲਾਵਾ ਇਕ ਬੋਲੇਰੋ ਪਿਕਅੱਪ ਵੀ ਕਬਜ਼ੇ ਵਿੱਚ ਲਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 300 ਕਿਲੋ ਗਾਂਜਾ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਗਾਂਜੇ ਦੀ ਖੇਪ ਤੋਂ ਇਲਾਵਾ ਇਕ ਬੋਲੇਰੋ ਪਿਕਅੱਪ ਵੀ ਕਬਜ਼ੇ ਵਿੱਚ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਗਾਂਜੇ ਦੀ ਸਪਲਾਈ ਨਾਲ ਜੁੜੇ ਹੋਏ ਸਨ ਅਤੇ ਪੁੱਛਗਿੱਛ ਰਾਹੀਂ ਵੱਡੇ ਸਪਲਾਇਰ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਥਾਣਾ ਹੈਬੋਵਾਲ ਦੇ ਐੱਸਐੱਚਓ ਇੰਸਪੈਕਟਰ ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਬੁੱਢਾ ਦਰਿਆ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਬੋਲੇਰੋ ਪਿਕਅੱਪ ਕੋਲ ਖੜ੍ਹੇ ਦੋ ਵਿਅਕਤੀਆਂ ਨੂੰ ਦੇਖਿਆ। ਪੁਲਿਸ ਪਾਰਟੀ ਨੂੰ ਦੇਖ ਕੇ ਦੋਵਾਂ ਨੇ ਕਥਿਤ ਤੌਰ ’ਤੇ ਇਕ ਪਲਾਸਟਿਕ ਦਾ ਥੈਲਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਗੱਡੀ ਲੈ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 10 ਕਿਲੋ ਗਾਂਜਾ ਬਰਾਮਦ ਹੋਇਆ। ਇਸ ਸਬੰਧੀ ਥਾਣਾ ਹੈਬੋਵਾਲ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 20 ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਂਚ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 290 ਕਿਲੋ ਹੋਰ ਗਾਂਜਾ ਬਰਾਮਦ ਹੋਇਆ। ਇਸ ਤਰ੍ਹਾਂ ਕੁੱਲ 300 ਕਿਲੋ ਗਾਂਜਾ ਬਰਾਮਦ ਕੀਤਾ ਗਿਆ।
ਪੁਲਿਸ ਅਨੁਸਾਰ ਮੁਲਜ਼ਮ ਇਕ ਗੋਦਾਮ ਵਿੱਚ ਦਾਖ਼ਲ ਹੋ ਗਏ ਸਨ, ਜਿੱਥੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਵਿੰਦ ਕੁਮਾਰ (25) ਵਾਸੀ ਬੇਗੂਸਰਾਏ, ਬਿਹਾਰ, ਬਿਰੰਜਨ ਉਰਫ਼ ਗੋਲੂ (32) ਵਾਸੀ ਛੋਟੀ ਹੈਬੋਵਾਲ, ਲੁਧਿਆਣਾ ਅਤੇ ਅਮਰਕਾਂਤ ਰਾਏ (32) ਵਾਸੀ ਬੇਗੂਸਰਾਏ, ਬਿਹਾਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਤਿੰਨਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।
ਡੀਸੀਪੀ ਨੇ ਦੱਸਿਆ ਕਿ ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਗਾਂਜਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਸਪਲਾਈ ਕਿਨ੍ਹਾਂ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਵੱਡੇ ਸਪਲਾਇਰ ਅਤੇ ਸਪਲਾਈ ਨੈੱਟਵਰਕ ਬਾਰੇ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।