ਲੁਧਿਆਣਾ ਕਤਲਕਾਂਡ : ਨੌਜਵਾਨ ਨੂੰ 5 ਗੋਲੀਆਂ ਮਾਰ ਕੇ ਕਤਲ ਕਰਨ ਦੇ ਵਿਰੋਧ 'ਚ ਹਾਈਵੇਅ ਜਾਮ, ਪਰਿਵਾਰ ਦਾ ਪ੍ਰਦਰਸ਼ਨ
ਰੋਸ ਪ੍ਰਦਰਸ਼ਨ ਵਿੱਚ ਕਰੀਬ 200 ਲੋਕ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਪੁਲਿਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਹੱਤਿਆ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ
Publish Date: Sun, 09 Aug 2026 02:25 PM (IST)
Updated Date: Sun, 09 Aug 2026 02:30 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਸੁਤੰਤਰ ਨਗਰ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਗੋਲੀਆਂ ਮਾਰ ਕੇ 25 ਸਾਲਾ ਹਰਜਿੰਦਰ ਸਿੰਘ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੰਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਬਸਤੀ ਜੋਧੇਵਾਲ ਚੌਂਕ ਨੇੜੇ ਲੁਧਿਆਣਾ-ਦਿੱਲੀ ਮੁੱਖ ਹਾਈਵੇਅ ’ਤੇ ਧਰਨਾ ਲਗਾ ਦਿੱਤਾ। ਧਰਨੇ ਕਾਰਨ ਹਾਈਵੇ ਦੇ ਦੋਵੇਂ ਪਾਸਿਆਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਰੋਸ ਪ੍ਰਦਰਸ਼ਨ ਵਿੱਚ ਕਰੀਬ 200 ਲੋਕ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਪੁਲਿਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਹੱਤਿਆ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਜ਼ਿਕਰਯੋਗ ਹੈ ਕਿ ਸੁਤੰਤਰ ਨਗਰ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕਾਰ ਸਵਾਰ ਹਮਲਾਵਰਾਂ ਨੇ ਹਰਜਿੰਦਰ ਸਿੰਘ ਨੂੰ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਸਨ। ਉਸ ਦੇ ਸਰੀਰ ’ਤੇ ਪੰਜ ਗੋਲੀਆਂ ਲੱਗੀਆਂ ਸਨ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਹਰਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਸਰਾਭਾ ਨਗਰ ਇਲਾਕੇ ਚੋਂ ਖਾਣਾ ਖਾ ਕੇ ਘਰ ਪਰਤ ਰਿਹਾ ਸੀ। ਇਸ ਸੰਸਨੀ ਖੇਜ ਵਾਰਦਾਤ ਤੋਂ ਬਾਅਦ ਜਿੱਥੇ ਪਰਿਵਾਰ ਵਿੱਚ ਬਹੁਤ ਜਿਆਦਾ ਗੁੱਸਾ ਅਤੇ ਬੇਚੈਨੀ ਦਾ ਮਾਹੌਲ ਹੈ ਉੱਥੇ ਪੂਰੇ ਇਲਾਕੇ ਵਿੱਚ ਦਹਿਸ਼ਤ ਬਣੀ ਹੋਈ ਹੈ। ਲੋਕ ਪੁਲਿਸ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।
ਧਰਨੇ ਦੀ ਸੂਚਨਾ ਮਿਲਦੇ ਹੀ ਥਾਣਾ ਟਿੱਬਾ ਅਤੇ ਥਾਣਾ ਬਸਤੀ ਜੋਧੇਵਾਲ ਦੀਆਂ ਪੁਲਿਸ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਮਾਮਲੇ ਨੂੰ ਸ਼ਾਂਤ ਕਰਵਾਉਣ ਲਈ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨੀ ਸ਼ੁਰੂ ਕੀਤੀ। ਥਾਣਾ ਟਿੱਬਾ ਦੇ ਇੰਚਾਰਜ ਗਗਨਦੀਪ ਸਿੰਘ ਪ੍ਰਦਰਸ਼ਨਕਾਰੀਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ ਪਰ ਬੁਰੀ ਤਰ੍ਹਾਂ ਗੁੱਸੇ ਵਿੱਚ ਆਏ ਲੋਕ ਲਗਾਤਾਰ ਮੁਲਜਮਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਇਹ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਕੁਝ ਸਮੇਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ਤੇ ਪਹੁੰਚ ਸਕਦੇ ਹਨ।