- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲਾ ਇੰਨਾ ਗੰਭੀਰ ਹੋ ਗਿਆ ਕਿ ਪੁਲਿਸ ਨੇ ਸਰਕਾਰੀ ਅਧਿਆਪਿਕਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੀੜਤ ਪਰਿਵਾਰ ਨੇ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਵੀ ਪਹੁੰਚ ਕੀਤੀ, ਜਿਸ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ’ਚ ਪੜ੍ਹਦੇ ਚੌਥੀ ਜਮਾਤ ਦੇ ਵਿਦਿਆਰਥੀ ਨਾਲ ਕਥਿਤ ਕੁੱਟਮਾਰ ਤੇ ਉਸ ਤੋਂ ਬਾਅਦ ਸ਼ਿਕਾਇਤ ਕਰਨ ਗਏ ਪਰਿਵਾਰ ਨਾਲ ਜਾਤੀਸੂਚਕ ਟਿੱਪਣੀਆਂ ਕਰਨ ਦੇ ਗੰਭੀਰ ਦੋਸ਼ਾਂ ਨੇ ਸਿੱਖਿਆ ਪ੍ਰਣਾਲੀ ਨੂੰ ਸਵਾਲਾਂ ਦੇ ਘੇਰੇ ’ਚ ਖੜ੍ਹਾ ਕਰ ਦਿੱਤਾ ਹੈ। ਮਾਮਲਾ ਇੰਨਾ ਗੰਭੀਰ ਹੋ ਗਿਆ ਕਿ ਪੁਲਿਸ ਨੇ ਸਰਕਾਰੀ ਅਧਿਆਪਿਕਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੀੜਤ ਪਰਿਵਾਰ ਨੇ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਵੀ ਪਹੁੰਚ ਕੀਤੀ, ਜਿਸ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਲੁਧਿਆਣਾ ’ਚ ਇੱਕ ਸਰਕਾਰੀ ਸਕੂਲ ਦੀ ਅਧਿਆਪਿਕਾ ਖ਼ਿਲਾਫ਼ ਚੌਥੀ ਜਮਾਤ ਦੇ ਵਿਦਿਆਰਥੀ ਦੀ ਕਥਿਤ ਕੁੱਟਮਾਰ ਕਰਨ, ਵਿਦਿਆਰਥੀ ਦੇ ਮਾਪਿਆਂ ਨਾਲ ਬਦਸਲੂਕੀ ਕਰਨ, ਜਾਤੀਸੂਚਕ ਸ਼ਬਦ ਬੋਲਣ ਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਪੁਲਿਸ ਡਵੀਜ਼ਨ ਨੰਬਰ-4 ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰ ’ਚ ਡਰ ਅਤੇ ਰੋਸ ਦਾ ਮਾਹੌਲ ਹੈ, ਜਦਕਿ ਬੱਚਾ ਇੰਨਾ ਸਹਿਮ ਗਿਆ ਹੈ ਕਿ ਉਹ ਹੁਣ ਸਕੂਲ ਜਾਣ ਤੋਂ ਵੀ ਡਰਦਾ ਹੈ। ਸੈਦਾ ਚੌਂਕ ਵਾਸੀ ਪ੍ਰੀਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪੁੱਤਰ ਲਵ ਚੰਦਲਾ ਬ੍ਰਹਮਪੁਰੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ’ਚ ਚੌਥੀ ਜਮਾਤ ਦਾ ਵਿਦਿਆਰਥੀ ਹੈ। ਉਸ ਦੇ ਦੋਸ਼ਾਂ ਅਨੁਸਾਰ ਕੁਝ ਸਮਾਂ ਪਹਿਲੋਂ ਜਮਾਤ ਦੀ ਇੰਚਾਰਜ ਅਧਿਆਪਕਾ ਰਿੰਕੂ ਰਾਣੀ ਨੇ ਕਿਸੇ ਗੱਲ ਨੂੰ ਲੈ ਕੇ ਉਸ ਦੇ ਪੁੱਤਰ ਦੀ ਡੰਡੇ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਘਰ ਵਾਪਸ ਆਉਣ ਤੋਂ ਬਾਅਦ ਬੱਚਾ ਬਹੁਤ ਡਰਿਆ ਹੋਇਆ ਸੀ ਤੇ ਉਸ ਦੀ ਸਿਹਤ ਵੀ ਵਿਗੜ ਗਈ, ਜਦੋਂ ਪਰਿਵਾਰ ਨੇ ਬੱਚੇ ਤੋਂ ਡਰ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਦੀ ਅਧਿਆਪਿਕਾ ਨੇ ਉਸ ਨੂੰ ਡੰਡੇ ਨਾਲ ਬੁਰੀ ਤਰ੍ਹਾਂ ਮਾਰਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅਗਲੇ ਦਿਨ ਉਹ ਆਪਣੇ ਪਤੀ ਗਗਨ ਚੰਦਲਾ ਨਾਲ ਸਕੂਲ ਪਹੁੰਚੀ ਤਾਂ ਜੋ ਅਧਿਆਪਕਾ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਿਕਾ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉੱਚੀ ਆਵਾਜ਼ ’ਚ ਸਕੂਲ ਤੋਂ ਬਾਹਰ ਨਿਕਲ ਜਾਣ ਲਈ ਕਿਹਾ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਸ਼ਿਕਾਇਤ ਅਨੁਸਾਰ ਇਸ ਦੌਰਾਨ ਅਧਿਆਪਿਕਾ ਨੇ ਉਨ੍ਹਾਂ ਨੂੰ ਜਾਤੀਸੂਚਕ ਸ਼ਬਦ ਕਹੇ ਅਤੇ ਇਹ ਵੀ ਧਮਕੀ ਦਿੱਤੀ ਕਿ ਉਸ ਦੀ ਉੱਚ ਅਧਿਕਾਰੀਆਂ ਤੇ ਸਿਆਸੀ ਆਗੂਆਂ ਤੱਕ ਪਹੁੰਚ ਹੈ, ਜਿਸ ਕਾਰਨ ਉਹ ਉਨ੍ਹਾਂ ਖ਼ਿਲਾਫ਼ ਝੂਠੇ ਮਾਮਲੇ ਵੀ ਦਰਜ ਕਰਵਾ ਸਕਦੀ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਇਸ ਘਟਨਾ ਤੋਂ ਬਾਅਦ ਬੱਚੇ ਦੇ ਮਨ ’ਚ ਇੰਨਾ ਡਰ ਬੈਠ ਗਿਆ ਹੈ ਕਿ ਉਹ ਸਕੂਲ ਜਾਣ ਤੋਂ ਵੀ ਘਬਰਾਉਂਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਕੂਲ ਵਰਗੀ ਥਾਂ ਜਿੱਥੇ ਬੱਚਿਆਂ ਨੂੰ ਸੁਰੱਖਿਅਤ ਤੇ ਸਨੇਹ ਭਰਿਆ ਮਾਹੌਲ ਮਿਲਣਾ ਚਾਹੀਦਾ ਹੈ, ਉੱਥੇ ਇਸ ਤਰ੍ਹਾਂ ਦੀ ਘਟਨਾ ਬਹੁਤ ਚਿੰਤਾਜਨਕ ਹੈ।ਸੂਤਰਾਂ ਅਨੁਸਾਰ, ਸਥਾਨਕ ਪੱਧਰ ’ਤੇ ਸੁਣਵਾਈ ਨਾ ਹੋਣ ਕਾਰਨ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਵੱਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਪੁਲਿਸ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪੁਲਿਸ ਡਵੀਜ਼ਨ ਨੰਬਰ-4 ਨੇ ਅਧਿਆਪਿਕਾ ਰਿੰਕੂ ਰਾਣੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ’ਚ ਲਾਏ ਗਏ ਸਾਰੇ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਨਾਲ ਸਬੰਧਤ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਸਕੂਲ ਪ੍ਰਬੰਧਨ ਤੋਂ ਵੀ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਘਟਨਾ ਨੇ ਇੱਕ ਵਾਰ ਫਿਰ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ, ਅਧਿਆਪਕਾਂ ਦੇ ਵਿਵਹਾਰ ਤੇ ਸਿੱਖਿਆ ਸੰਸਥਾਵਾਂ ਵਿੱਚ ਸਰੀਰਕ ਸਜ਼ਾ ਵਰਗੇ ਸੰਵੇਦਨਸ਼ੀਲ ਮੁੱਦਿਆਂ ਨੂੰ ਚਰਚਾ ਦੇ ਕੇਂਦਰ ’ਚ ਲਿਆ ਦਿੱਤਾ ਹੈ। ਜੇਕਰ ਜਾਂਚ ’ਚ ਇਹ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਨਾ ਸਿਰਫ਼ ਇੱਕ ਵਿਦਿਆਰਥੀ ਨਾਲ ਹੋਏ ਅਨਿਆ ਦਾ ਮਾਮਲਾ ਹੋਵੇਗਾ ਸਗੋਂ ਸਿੱਖਿਆ ਪ੍ਰਣਾਲੀ ’ਚ ਬੱਚਿਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਨੂੰ ਵੀ ਹੋਰ ਮਜ਼ਬੂਤੀ ਨਾਲ ਉਜਾਗਰ ਕਰੇਗਾ। ਇਸ ਮਾਮਲੇ ਦੀ ਜਾਂਚ ਜਾਰੀ ਹੈ ਤੇ ਪੁਲਿਸ ਵੱਲੋਂ ਸਾਰੇ ਪੱਖਾਂ ਨੂੰ ਧਿਆਨ ’ਚ ਰੱਖਦਿਆਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।