- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੀ ਮੰਜ਼ਿਲ ਤੈਅ ਕਰਨ ਤੇ ਵੱਡੇ ਸੁਪਨੇ ਦੇਖਣ ਦਾ ਪੂਰਾ ਹੱਕ ਹੈ। ਪੰਜਾਬ ਸਰਕਾਰ ਦਾ ਟੀਚਾ ਹਰ ਵਿਦਿਆਰਥੀ ਦੇ ਸੁਪਨੇ ਸਾਕਾਰ ਕਰਨਾ ਹੈ, ਇਸ ਲਈ ਸੂਬੇ ਦੇ ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਸਿੱਖਿਆ ਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੀ ਮੰਜ਼ਿਲ ਤੈਅ ਕਰਨ ਤੇ ਵੱਡੇ ਸੁਪਨੇ ਦੇਖਣ ਦਾ ਪੂਰਾ ਹੱਕ ਹੈ। ਪੰਜਾਬ ਸਰਕਾਰ ਦਾ ਟੀਚਾ ਹਰ ਵਿਦਿਆਰਥੀ ਦੇ ਸੁਪਨੇ ਸਾਕਾਰ ਕਰਨਾ ਹੈ, ਇਸ ਲਈ ਸੂਬੇ ਦੇ ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਸਿੱਖਿਆ ਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਗੱਲ ਲੁਧਿਆਣਾ ’ਚ ਦੋ ਨਵੇਂ ਸਰਕਾਰੀ ਸਕੂਲ ਆਫ ਐਮੀਨੈਂਸ ਦੀਆਂ ਇਮਾਰਤਾਂ ਲੋਕ ਅਰਪਿਤ ਕਰਨ ਮੌਕੇ ਕਹੀਆਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਬੱਚਿਆਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਕਿਸੇ ਨੇ ਫੌਜ ’ਚ ਜਾਣ, ਕਿਸੇ ਨੇ ਵਕੀਲ, ਡਾਕਟਰ, ਇੰਜੀਨੀਅਰ, ਆਈਪੀਐਸ ਅਧਿਕਾਰੀ ਤੇ ਲੋਕੋ ਪਾਇਲਟ ਬਣਨ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹੀ ਨਵੇਂ ਪੰਜਾਬ ਦੀ ਤਸਵੀਰ ਹੈ, ਜਿੱਥੇ ਬੱਚੇ ਵੱਡੇ ਸੁਪਨੇ ਦੇਖ ਰਹੇ ਹਨ। ਉਨ੍ਹਾਂ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੁਪਨੇ ਉਹ ਨਹੀਂ ਹੁੰਦੇ ਜੋ ਨੀਂਦ ’ਚ ਆਉਂਦੇ ਹਨ, ਸਗੋਂ ਉਹ ਹੁੰਦੇ ਹਨ ਜੋ ਤੁਹਾਨੂੰ ਸੌਣ ਨਹੀਂ ਦਿੰਦੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਲਾਸਾਂ ’ਚ ਜਾ ਕੇ ਵਿਦਿਆਰਥੀਆਂ ਨਾਲ ਗੱਲ ਕੀਤੀ ਤਾਂ ਲਗਭਗ 90 ਫ਼ੀਸਦੀ ਬੱਚਿਆਂ ਨੇ ਦੱਸਿਆ ਕਿ ਉਹ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ’ਚ ਦਾਖ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੇ ਮਾਪੇ ਮਹਿੰਗੀਆਂ ਫੀਸਾਂ ਨਹੀਂ ਭਰ ਸਕਦੇ ਸਨ ਤੇ ਹੁਣ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਦਾ ਮਾਹੌਲ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਇਮਾਰਤਾਂ ਬਣਾਉਣਾ ਨਹੀਂ, ਸਗੋਂ ਅਜਿਹਾ ਮਾਹੌਲ ਤਿਆਰ ਕਰਨਾ ਹੈ ਜਿੱਥੇ ਬੱਚੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਸਿਆਣਿਆਂ ਨੇ ਵਿਦਿਆ ਨੂੰ ਮਨੁੱਖ ਦਾ ਤੀਜਾ ਨੇਤਰ ਦੱਸਿਆ ਹੈ। ਗੁਰੂ ਸਾਹਿਬਾਨ ਨੇ ਵੀ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਦਾ ਸੰਦੇਸ਼ ਦਿੱਤਾ ਹੈ। ਸਿੱਖਿਆ ਨਾਲ ਹੀ ਸਮਾਜ ’ਚ ਗਿਆਨ ਦਾ ਚਾਨਣ ਫੈਲਦਾ ਹੈ ਤੇ ਇਸੇ ਮਕਸਦ ਨਾਲ ਪੰਜਾਬ ਸਰਕਾਰ ਪਿਛਲੇ ਸਵਾ ਚਾਰ ਸਾਲਾਂ ਤੋਂ ਸਿੱਖਿਆ ਖੇਤਰ ’ਚ ਵੱਡੇ ਬਦਲਾਅ ਲਿਆ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਇੱਕ ਲੱਖ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਪਿਛਲੇ ਸਾਲ ਜਿੱਥੇ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਉੱਥੇ ਇਸ ਸਾਲ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅਧਿਆਪਕਾਂ ਦੀ ਮਿਹਨਤ ਤੇ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਨਤੀਜਾ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 2022 ’ਚ ਸਿੱਖਿਆ ਦੇ ਖੇਤਰ ’ਚ ਪੰਜਾਬ ਦੀ ਰੈਂਕਿੰਗ 28 ਸੂਬਿਆਂ ’ਚੋਂ 27ਵੇਂ ਸਥਾਨ ’ਤੇ ਸੀ। ਸਰਕਾਰ ਬਣਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਸੁਧਾਰਾਂ ਦੀ ਲੜੀ ਸ਼ੁਰੂ ਕੀਤੀ ਗਈ ਤੇ ਹੁਣ ਕੇਂਦਰ ਸਰਕਾਰ ਦੀ ਰੈਂਕਿੰਗ ’ਚ ਪੰਜਾਬ ਪਹਿਲੀ ਵਾਰ ਕੇਰਲ ਨੂੰ ਪਿੱਛੇ ਛੱਡ ਕੇ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ’ਚ ਬੱਚੇ ਜ਼ਮੀਨ ’ਤੇ ਨਹੀਂ ਬੈਠਦੇ। ਸਾਰੇ ਸਕੂਲਾਂ ’ਚ ਨਵਾਂ ਫਰਨੀਚਰ, ਆਧੁਨਿਕ ਲੈਬਾਂ, ਲਾਇਬ੍ਰੇਰੀਆਂ ਤੇ ਡਿਜੀਟਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਿੰਡਾਂ ’ਚ ਵੀ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ। ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਤੇ ਸਿੰਗਾਪੁਰ ਵਰਗੇ ਦੇਸ਼ਾਂ ’ਚ ਭੇਜਿਆ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ’ਚ ਪੇਰੈਂਟ-ਟੀਚਰ ਮੀਟਿੰਗ ਨਹੀਂ ਹੁੰਦੀ ਸੀ, ਪਰ ਹੁਣ ਹਰ ਪੀਟੀਐਮ ’ਚ ਲੱਖਾਂ ਮਾਪੇ ਹਿੱਸਾ ਲੈਂਦੇ ਹਨ। ਇਸ ਨਾਲ ਅਧਿਆਪਕਾਂ ਤੇ ਮਾਪਿਆਂ ਵਿਚਕਾਰ ਬੱਚਿਆਂ ਦੀ ਪੜ੍ਹਾਈ ਤੇ ਵਿਹਾਰ ਬਾਰੇ ਬਿਹਤਰ ਤਾਲਮੇਲ ਬਣਿਆ ਹੈ। ਸਮਾਗਮ ਦੌਰਾਨ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੁਧਿਆਣਾ ਨੂੰ 16ਵਾਂ ਸਕੂਲ ਆਫ਼ ਐਮੀਨੈਂਸ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ, ਸਿਹਤ, ਖੇਡਾਂ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਇਤਿਹਾਸਕ ਕੰਮ ਹੋਏ ਹਨ ਤੇ ਸਰਕਾਰੀ ਹਸਪਤਾਲਾਂ ਨੂੰ ਵੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਕੇਪੀਐੱਸ ਸਿਨਹਾ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਚੇਅਰਮੈਨ ਤਰਸੇਮ ਸਿੰਘ ਭਿੰਡਰ, ਡੀਸੀ ਹਿਮਾਂਸ਼ੂ ਜੈਨ, ਸੀਪੀ ਸਵਪਨ ਸ਼ਰਮਾ ਆਦਿ ਹਾਜ਼ਰ ਸਨ।
ਹੁਣ ਉੱਡਦਾ ਨਹੀਂ, ਸਗੋਂ ਪੜ੍ਹਦਾ ਪੰਜਾਬ ਹੈ-ਬੈਂਸ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਸਿੱਖਿਆ ਨਾਲ ਸਦੀਆਂ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸਮੇਂ ਲਈ ਪੰਜਾਬ ਨੂੰ ਉੜਦਾ ਪੰਜਾਬ ਕਿਹਾ ਜਾਂਦਾ ਸੀ, ਪਰ ਹੁਣ ਇਹ ਪੜ੍ਹਦਾ ਪੰਜਾਬ ਬਣ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਨੀਤੀ ਆਯੋਗ ਨੇ ਵੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਮੰਨਿਆ ਹੈ। ਉਨ੍ਹਾਂ ਦੱਸਿਆ ਕਿ 2021 ’ਚ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ’ਚੋਂ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ 882 ਹੋ ਗਈ ਹੈ। ਲੁਧਿਆਣਾ ਜ਼ਿਲ੍ਹੇ ਦੇ 16 ਸਕੂਲ ਆਫ਼ ਐਮੀਨੈਂਸ ’ਚੋਂ 160 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।