- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਤਾਪ ਸਿੰਘ ਵਾਲਾ ਇਲਾਕੇ ਵਿੱਚ ਐਤਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਨੌਜਵਾਨ ਪਤੀ-ਪਤਨੀ ਦੀਆਂ ਲਾਸ਼ਾਂ ਇੱਕੋ ਛੱਤ ਵਾਲੇ ਪੱਖੇ ਨਾਲ ਲਟਕਦੀਆਂ ਮਿਲੀਆਂ। ਦੋਵਾਂ ਨੇ ਕਰੀਬ ਛੇ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਈ ਸੀ। ਇਸ ਜੋੜੇ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਪ੍ਰਤਾਪ ਸਿੰਘ ਵਾਲਾ ਇਲਾਕੇ ਵਿੱਚ ਐਤਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਨੌਜਵਾਨ ਪਤੀ-ਪਤਨੀ ਦੀਆਂ ਲਾਸ਼ਾਂ ਇੱਕੋ ਛੱਤ ਵਾਲੇ ਪੱਖੇ ਨਾਲ ਲਟਕਦੀਆਂ ਮਿਲੀਆਂ। ਦੋਵਾਂ ਨੇ ਕਰੀਬ ਛੇ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਈ ਸੀ। ਇਸ ਜੋੜੇ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਮ੍ਰਿਤਕ ਨੌਜਵਾਨ ਦੀ ਪਛਾਣ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਵਿਜੇ ਵਜੋਂ ਹੋਈ ਹੈ ਜਦਕਿ ਲੜਕੀ ਦੀ ਸ਼ਨਾਖਤ 20 ਸਾਲਾਂ ਦੀ ਸੀਮਾ ਵਜੋਂ ਹੋਈ ਹੈ। ਦੋਵਾਂ ਨੇ ਮਾਰਚ 2026 ਵਿੱਚ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪ੍ਰਤਾਪ ਸਿੰਘ ਵਾਲਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ।
ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਮਕਾਨ ਵਿੱਚ ਰਹਿਣ ਵਾਲਾ ਜੋੜਾ ਫੋਨ ਕਰਨ ’ਤੇ ਕੋਈ ਜਵਾਬ ਨਹੀਂ ਦੇ ਰਿਹਾ ਅਤੇ ਨਾ ਹੀ ਦਰਵਾਜ਼ਾ ਖੋਲ੍ਹ ਰਿਹਾ ਹੈ। ਇਸ ਤੋਂ ਬਾਅਦ ਥਾਣਾ ਪੀਏਯੂ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਪੁਲਿਸ ਨੇ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਦੇਖਿਆ ਤਾਂ ਪਤੀ-ਪਤਨੀ ਦੀਆਂ ਲਾਸ਼ਾਂ ਪੱਖੇ ਨਾਲ ਲਟਕ ਰਹੀਆਂ ਸਨ।
ਜਾਂਚ ਅਧਿਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਦੋਵਾਂ ਵੱਲੋਂ ਇਕੱਠਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ । ਹਾਲਾਂਕਿ, ਉਨ੍ਹਾਂ ਵੱਲੋਂ ਇਹ ਕਦਮ ਚੁੱਕਣ ਪਿੱਛੇ ਕੀ ਕਾਰਨ ਰਿਹਾ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਇਸ ਪਹਿਲੂ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਪਤੀ-ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਜਾਂ ਘਟਨਾ ਪਿੱਛੇ ਕੋਈ ਹੋਰ ਕਾਰਨ ਸੀ।
ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਮੋਬਾਈਲ ਫੋਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਅਤੇ ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।