- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਇੱਕ ਨਿੱਜੀ ਕੰਪਨੀ ਅਧੀਨ ਸੇਵਾਵਾਂ ਨਿਭਾਅ ਰਹੇ ਸਮੂਹ ਕਾਮਿਆਂ ਦੀ ਦੂਜੇ ਦਿਨ ਵੀ ਹੜਤਾਲ ਜਾਰੀ ਰਹੀ, ਜਿਸ ਕਰਕੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਬਿਲਕੁਲ ਠੱਪ ਰਿਹਾ। ਸੇਵਾ ਕੇਂਦਰਾਂ ਵਿੱਚ ਕਾਮਿਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪਿਆ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਇੱਕ ਨਿੱਜੀ ਕੰਪਨੀ ਅਧੀਨ ਸੇਵਾਵਾਂ ਨਿਭਾਅ ਰਹੇ ਸਮੂਹ ਕਾਮਿਆਂ ਦੀ ਦੂਜੇ ਦਿਨ ਵੀ ਹੜਤਾਲ ਜਾਰੀ ਰਹੀ, ਜਿਸ ਕਰਕੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਬਿਲਕੁਲ ਠੱਪ ਰਿਹਾ। ਸੇਵਾ ਕੇਂਦਰਾਂ ਵਿੱਚ ਕਾਮਿਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪਿਆ। ਲੋਕਾਂ ਨੂੰ ਸਰਕਾਰੀ ਕੰਮਾਂ ਵਿੱਚ ਲੋੜੀਂਦੀ ਸਹੂਲਤ ਮਹੱਈਆ ਕਰਵਾਉਣ ਹਿਤ ਸੂਬੇ ਵਿੱਚ ਲਗਭਗ 500 ਦੇ ਕਰੀਬ ਸਥਾਪਿਤ ਕੀਤੇ ਗਏ ਸੇਵਾ ਕੇਂਦਰਾਂ ਵਿੱਚ 2400 ਦੇ ਕਰੀਬ ਕਾਮੇ ਤਾਇਨਾਤ ਕੀਤੇ ਗਏ ਹਨ, ਜੋ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਗਏ ਹਨ।
ਮੰਗਾਂ ਨੂੰ ਲੈ ਕੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਅੱਜ ਲੁਧਿਆਣਾ ਵਿੱਚ ਵੀ ਕਾਮਿਆਂ ਵੱਲੋਂ ਹੜਤਾਲ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਭਾਰਤ ਨਗਰ ਚੌਕ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚੌਕ ਵਿੱਚ ਜਾ ਕੇ ਮਨੁੱਖੀ ਜ਼ੰਜੀਰ ਬਣਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਦੀ ਅਗਵਾਈ ਹੇਠ ਸਮੂਹ ਕਾਮਿਆਂ ਵੱਲੋਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਿਨਾਮ ਸਿੰਘ ਅਤੇ ਸੂਬਾਈ ਆਗੂ ਸੁਖਵਿੰਦਰ ਸਿੰਘ ਪੁੜੈਣ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਕਾਮਿਆਂ ਨੇ ਹੁਣ 4 ਦਸੰਬਰ ਦੀ ਥਾਂ 30 ਨਵੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਘਿਰਾਓ ਦੌਰਾਨ ਕਾਮਿਆਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਣਗੇ।
ਆਗੂਆਂ ਨੇ ਅੱਗੇ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਮੁੱਖ ਮੰਤਰੀ ਨਾਲ ਇੱਕ ਪੱਕੀ, ਅਧਿਕਾਰਤ ਅਤੇ ਨਿਰਧਾਰਤ ਸਮੇਂ ਵਾਲੀ ਮੀਟਿੰਗ ਕਰਵਾਈ ਜਾਵੇ, ਜਿਸ ਵਿੱਚ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਸੇਵਾ ਕੇਂਦਰ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਠੋਸ ਹੱਲ ਕੱਢਿਆ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਗੰਭੀਰਤਾ ਨਾਲ ਹੱਲ ਨਹੀਂ ਕਰਦੀ ਅਤੇ ਮੁੱਖ ਮੰਤਰੀ ਨਾਲ ਅਧਿਕਾਰਤ ਮੀਟਿੰਗ ਯਕੀਨੀ ਨਹੀਂ ਬਣਾਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।