- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਈਮੇਲ ਰਾਹੀਂ ਮਿਲੀ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਤੁਰੰਤ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਈਮੇਲ ਰਾਹੀਂ ਮਿਲੀ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਤੁਰੰਤ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ।
ਸੁਰੱਖਿਆ ਟੀਮਾਂ ਨੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਾਲ-ਨਾਲ ਅਦਾਲਤ ਵਿੱਚ ਆਉਣ-ਜਾਣ ਵਾਲੇ ਲੋਕਾਂ ਦੇ ਸਾਮਾਨ ਅਤੇ ਬੈਗਾਂ ਦੀ ਵੀ ਜਾਂਚ ਕੀਤੀ। ਕਾਫ਼ੀ ਸਮੇਂ ਤੱਕ ਚੱਲੀ ਇਸ ਕਾਰਵਾਈ ਦੌਰਾਨ ਕੋਈ ਵਿਸਫੋਟਕ ਸਮੱਗਰੀ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਮੁੱਢਲੀ ਜਾਂਚ ਵਿੱਚ ਧਮਕੀ ਭਰੀ ਈਮੇਲ ਅਫ਼ਵਾਹ ਸਾਬਤ ਹੋਈ ਹੈ। ਜਾਣਕਾਰੀ ਅਨੁਸਾਰ ਧਮਕੀ ਭਰੀ ਈਮੇਲ ਭੇਜੀ ਗਈ ਸੀ। ਇਸ ਵਿੱਚ ਜ਼ਿਲ੍ਹਾ ਅਦਾਲਤਾਂ ਨੂੰ ਦੁਪਹਿਰ 2.11 ਵਜੇ ਅਤੇ ਸਕੂਲਾਂ ਨੂੰ 1.11 ਵਜੇ ਨਿਸ਼ਾਨਾ ਬਣਾਉਣ ਦੀ ਚਿਤਾਵਨੀ ਦਿੱਤੀ ਗਈ ਸੀ। ਈਮੇਲ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਾਂ ਵੀ ਨਿਸ਼ਾਨੇ ਵਜੋਂ ਲਿਖੇ ਗਏ ਸਨ।
ਇਸ ਦੇ ਨਾਲ ਹੀ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦਿਆਂ ਧਮਕੀ ਭਰੇ ਸੰਦੇਸ਼ ਨੂੰ ਹੋਰ ਗੰਭੀਰ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਈਮੇਲ ਦੇ ਅੰਤ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ) ਦੇ ਨਾਂ ਨਾਲ ਦਸਤਖ਼ਤ ਕੀਤੇ ਗਏ ਸਨ। ਇਸ ਤੋਂ ਇਲਾਵਾ ਸੰਦੇਸ਼ ਵਿੱਚ ਕਈ ਹੋਰ ਨਾਂ ਵੀ ਦਰਜ ਸਨ। ਧਮਕੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਅਦਾਲਤੀ ਕੰਪਲੈਕਸ ਦੀ ਜਾਂਚ ਸ਼ੁਰੂ ਕਰਵਾ ਦਿੱਤੀ। ਐਂਟੀ-ਸਾਬੋਟਾਜ ਟੀਮ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਮਿਲ ਕੇ ਹਰ ਕੋਨੇ ਦੀ ਜਾਂਚ ਕੀਤੀ। ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੇ ਬੈਗਾਂ ਅਤੇ ਹੋਰ ਸਾਮਾਨ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।
ਹਾਲਾਂਕਿ, ਕਈ ਘੰਟਿਆਂ ਦੀ ਜਾਂਚ ਤੋਂ ਬਾਅਦ ਵੀ ਪੁਲਿਸ ਨੂੰ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਉਧਰ, ਇਸ ਤਰ੍ਹਾਂ ਦੀਆਂ ਲਗਾਤਾਰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀ ਗੰਭੀਰ ਚਿੰਤਾ ਪ੍ਰਗਟਾਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਧਮਕੀ ਭਰੀਆਂ ਈਮੇਲਾਂ ਭੇਜਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੀਆਂ ਧਮਕੀਆਂ ਕਾਰਨ ਅਦਾਲਤੀ ਕੰਮਕਾਜ ਕਈ ਘੰਟਿਆਂ ਤੱਕ ਪ੍ਰਭਾਵਿਤ ਰਹਿੰਦਾ ਹੈ ਅਤੇ ਵਕੀਲਾਂ ਸਮੇਤ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਵੇਂ ਅਦਾਲਤੀ ਕੰਪਲੈਕਸ ਦੇ ਸਾਰੇ ਦਾਖ਼ਲਾ ਅਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ ਪੁਲਿਸ ਮੁਲਾਜ਼ਮਾਂ ਦੀ ਪੱਕੀ ਤਾਇਨਾਤੀ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।
ਇ ਸਬੰਧੀ ਏਸੀਪੀ ਸਿਵਲ ਲਾਈਨਜ਼ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਈਮੇਲ ਵਿੱਚ ਦਿੱਤੀ ਗਈ ਧਮਕੀ ਅਫ਼ਵਾਹ ਸਾਬਤ ਹੋਈ ਹੈ। ਸਾਵਧਾਨੀ ਵਜੋਂ ਪੁਲਿਸ ਵੱਲੋਂ ਪੂਰੇ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ।
ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ, ਨਗਰ ਨਿਗਮ ਦੇ ਦਫ਼ਤਰਾਂ ਅਤੇ ਕਈ ਨਿੱਜੀ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਕਾਰਨ ਵੱਖ-ਵੱਖ ਅਦਾਰਿਆਂ ਵਿੱਚ ਵਾਰ-ਵਾਰ ਸੁਰੱਖਿਆ ਜਾਂਚ ਅਤੇ ਤਲਾਸ਼ੀ ਮੁਹਿੰਮ ਚਲਾਉਣੀ ਪੈਂਦੀ ਹੈ। ਲਗਾਤਾਰ ਮਿਲ ਰਹੀਆਂ ਇਨ੍ਹਾਂ ਧਮਕੀਆਂ ਨੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਵਧਾ ਦਿੱਤੀ ਹੈ।