- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਵਿੱਚ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਨਾਕਿਆਂ ਦੀ ਅਚਨਚੇਤ ਜਾਂਚ ਕੀਤੀ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਵਿੱਚ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਨਾਕਿਆਂ ਦੀ ਅਚਨਚੇਤ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਸਟੇਸ਼ਨ ਲੁਧਿਆਣਾ, ਜਲੰਧਰ ਬਾਈਪਾਸ ਅਤੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਚੈਕਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਨਾਕਿਆਂ ’ਤੇ ਤਾਇਨਾਤ ਮੁਲਾਜ਼ਮਾਂ ਦੀ ਗਿਣਤੀ, ਚੌਕਸੀ ਅਤੇ ਡਿਊਟੀ ਨਿਭਾਉਣ ਦੀ ਤਿਆਰੀ ਦਾ ਮੁਲਾਂਕਣ ਕੀਤਾ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਯਕੀਨੀ ਬਣਾਉਣ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼ ਵੀ ਦਿੱਤੇ।
ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਵੱਲੋਂ ਥਾਣਾ ਲਾਡੋਵਾਲ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਥਾਣੇ ਦੇ ਸਟਾਫ਼ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਰਹਿਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਢੁੱਕਵਾਂ ਨਿਪਟਾਰਾ ਕਰਨ। ਇਸ ਦੇ ਨਾਲ ਹੀ ਥਾਣੇ ਦੇ ਅਹਾਤੇ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਪੁਲਿਸ ਕਮਿਸ਼ਨਰ ਨੇ ਰਾਤ ਸਮੇਂ ਪੁਲਿਸ ਦੀ ਸਰਗਰਮੀ ਵਧਾਉਣ, ਅਪਰਾਧਾਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਗਸ਼ਤ ਅਤੇ ਨਾਕਾਬੰਦੀ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਦੀ ਚੌਕਸੀ ਅਤੇ ਰੋਕਥਾਮੀ ਕਾਰਵਾਈ ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ।