- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਪੁਲਿਸ ਦੇ ਸਪੈਸ਼ਲ ਸੈੱਲ ਨੇ 12 ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 9 ਐੱਮਐੱਮ ਦਾ ਜ਼ਿਗਾਨਾ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਪੁਲਿਸ ਦੇ ਸਪੈਸ਼ਲ ਸੈੱਲ ਨੇ 12 ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 9 ਐੱਮਐੱਮ ਦਾ ਜ਼ਿਗਾਨਾ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਪਿਸਤੌਲ ਪਾਕਿਸਤਾਨ ਤੋਂ ਤਸਕਰੀ ਕਰਕੇ ਭਾਰਤ ਲਿਆਂਦਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਮੇਹਰਬਾਨ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਦੇ ਗੈਂਗਸਟਰ ਧਰਮਿੰਦਰ ਗੁੱਗਨੀ ਨਾਲ ਵੀ ਕਥਿਤ ਸਬੰਧ ਹਨ।
ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸੰਦੀਪ ਸਿੰਘ ਨੂੰ ਗਿੱਲ ਰੋਡ ਸਥਿਤ ਦਾਣਾ ਮੰਡੀ ਨੇੜਿਓਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ ਅਤੇ ਸਾਲ 2025 ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ।
ਪੁਲਿਸ ਅਨੁਸਾਰ ਸੰਦੀਪ ਸਿੰਘ ਖ਼ਿਲਾਫ਼ ਪਹਿਲਾਂ ਹੀ 12 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਲੜਾਈ-ਝਗੜੇ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੀ ਉਲੰਘਣਾ ਵਰਗੇ ਗੰਭੀਰ ਮਾਮਲੇ ਸ਼ਾਮਲ ਹਨ। ਪੁਲਿਸ ਹੁਣ ਉਸ ਦੇ ਗੈਂਗਸਟਰ ਧਰਮਿੰਦਰ ਗੁੱਗਨੀ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।
ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਇਕ ਸਾਥੀ ਦੀ ਮਦਦ ਨਾਲ ਇਹ ਜ਼ਿਗਾਨਾ ਪਿਸਤੌਲ ਹਾਸਲ ਕੀਤਾ ਸੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਥਿਆਰ ਕਿੱਥੋਂ ਲਿਆਂਦਾ ਗਿਆ, ਇਸ ਨੂੰ ਖ਼ਰੀਦਣ ਪਿੱਛੇ ਮੁਲਜ਼ਮ ਦਾ ਕੀ ਮਕਸਦ ਸੀ ਅਤੇ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੋ ਸਕਦਾ ਹੈ।
ਇਸ ਮਾਮਲੇ ਵਿੱਚ ਥਾਣਾ ਸ਼ਿਮਲਾਪੁਰੀ ਵਿਖੇ ਸੰਦੀਪ ਸਿੰਘ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਦੀ ਕਥਿਤ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।