ਸੁਖਬੀਰ ਬਾਦਲ ਨੂੰ ਮਿਲੇ ਲੁਧਿਆਣਾ ਪੱਛਮੀ ਦੇ ਅਕਾਲੀ ਆਗੂ ਸੁਖਬੀਰ ਨਾਲ ਮਿਲੇ ਲੁਧਿਆਣਾ ਪੱਛਮੀ ਦੇ ਅਕਾਲੀ ਆਗੂ, ਹਲਕੇ ਦੇ ਸਿਆਸੀ ਤੇ ਜਥੇਬੰਦਕ ਮੁੱਦਿਆਂ ’ਤੇ ਹੋਈ ਚਰਚਾ
Publish Date: Sat, 29 Aug 2026 07:32 PM (IST)
Updated Date: Sat, 29 Aug 2026 07:34 PM (IST)
ਹਲਕੇ ਦੇ ਸਿਆਸੀ ਤੇ ਜਥੇਬੰਦਕ ਮੁੱਦਿਆਂ ’ਤੇ ਹੋਈ ਚਰਚਾ ਯੂਥ ਤੇ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੱਕ ਲਾਮਬੰਦ ਕਰਨ ’ਤੇ ਦਿੱਤਾ ਜ਼ੋਰ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਪੱਛਮੀ ਹਲਕੇ ਨਾਲ ਸਬੰਧਤ ਆਗੂਆਂ ਵੱਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਬਾਬਾ ਅਜੀਤ ਸਿੰਘ, ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਜਗਜੀਤ ਸਿੰਘ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸਚਿਨ ਅਰੋੜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁਲਾਕਾਤ ਦੌਰਾਨ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਹਲਕਾ ਲੁਧਿਆਣਾ ਪੱਛਮੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਗੂਆਂ ਅਤੇ ਵਰਕਰਾਂ ਨੂੰ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦੀ ਹੱਲਾਸ਼ੇਰੀ ਦਿੱਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਯੂਥ ਅਤੇ ਪਾਰਟੀ ਵਰਕਰਾਂ ਨੂੰ ਪੂਰੀ ਤਰ੍ਹਾਂ ਲਾਮਬੰਦ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ਕਤੀ ਨੂੰ ਪਾਰਟੀ ਨਾਲ ਹੋਰ ਸਰਗਰਮੀ ਨਾਲ ਜੋੜਨ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰਨ ਦੀ ਲੋੜ ਹੈ। ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਲੁਧਿਆਣਾ ਪੱਛਮੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਜ਼ਰੂਰੀ ਹੈ। ਇਸ ਲਈ ਹਲਕੇ ਦੇ ਹਰ ਵਾਰਡ ਅਤੇ ਬੂਥ ਪੱਧਰ ’ਤੇ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਜਥੇਬੰਦਕ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।