ਲੁਧਿਆਣਾ 'ਚ ਵੱਡੀ ਕਾਰਵਾਈ : 45 ਨਸ਼ੀਲੀਆਂ ਗੋਲੀਆਂ ਸਮੇਤ ‘ਆਪ’ ਬਲਾਕ ਪ੍ਰਧਾਨ ਗ੍ਰਿਫ਼ਤਾਰ, ਦੂਜਾ ਮੁਲਜ਼ਮ ਵੀ ਪੁਲਿਸ ਅੜਿੱਕੇ
ਥਾਣਾ ਸਲੇਮ ਟਾਬਰੀ ਅਧੀਨ ਪੈਂਦੀ ਐਲਡੀਕੋ ਚੌਕੀ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਗਿੱਲ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Tue, 20 Oct 2026 11:02 AM (IST)
Updated Date: Tue, 20 Oct 2026 11:08 AM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਪੈਂਦੀ ਐਲਡੀਕੋ ਚੌਕੀ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਗਿੱਲ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿਆਸੀ ਪਾਰਟੀ ਨਾਲ ਜੁੜੇ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਮਾਮਲੇ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਕਿਰਪਾਲ ਸਿੰਘ ਅਤੇ ਰਾਕੇਸ਼ ਕੁਮਾਰ ਪੁੱਤਰ ਜੈਨ ਰਾਮ, ਦੋਵੇਂ ਵਾਸੀ ਪਿੰਡ ਹੁਸੈਨਪੁਰਾ, ਲੁਧਿਆਣਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲਡੀਕੋ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਮੈਟਰੋ ਮਾਲ ਵੱਲੋਂ ਸੈਕਰਡ ਹਾਰਟ ਸਕੂਲ, ਭੱਟੀਆਂ ਵੱਲ ਜਾ ਰਹੇ ਸਨ। ਰਸਤੇ ਵਿੱਚ ਸਾਹਮਣੇ ਤੋਂ ਪੈਦਲ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਕੁੱਲ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ।
ਚੌਕੀ ਇੰਚਾਰਜ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪੁੱਛਗਿੱਛ ਦੌਰਾਨ ਨਸ਼ੀਲੀਆਂ ਗੋਲੀਆਂ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।