ਵਿਦੇਸ਼ ਬੈਠੇ ਗੈਂਗਸਟਰਾਂ ਡੌਨੀ ਬਾਲ ਤੇ ਅਰਸ਼ ਬੱਗਾ ਦੇ ਦੋ ਸਾਥੀ ਹਥਿਆਰਾਂ ਸਮੇਤ ਕਾਬੂ
ਲੁਧਿਆਣਾ 'ਚ ਵੱਡੀ ਵਾਰਦਾਤ ਟਲੀ
Publish Date: Sat, 20 Jun 2026 08:05 PM (IST)
Updated Date: Sun, 21 Jun 2026 04:12 AM (IST)

-ਮਹਾਨਗਰ ਲੁਧਿਆਣਾ ਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਵੱਡੀ ਵਾਰਦਾਤ ਟਲ਼ੀ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਲੁਧਿਆਣਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਵਿੱਚ ਬੈਠੇ ਕਥਿਤ ਗੈਂਗਸਟਰ ਡੌਨੀ ਬਲ ਅਤੇ ਅਰਸ਼ ਬੱਗਾ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਸ਼ਹਿਰ ਦੇ ਕੁੱਝ ਅਮੀਰ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਨਾਕਾਮ ਹੋ ਗਈ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਦੋਵੇਂ ਮੁਲਜ਼ਮ ਕਿਨ੍ਹਾਂ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਹੇ ਸਨ ਅਤੇ ਉਨ੍ਹਾਂ ਦੇ ਪਿੱਛੇ ਕੰਮ ਕਰ ਰਹੇ ਗੈਂਗ ਦਾ ਪੰਜਾਬ ਵਿੱਚ ਹੋਰ ਕਿੰਨਾ ਜਾਲ ਫੈਲਿਆ ਹੋਇਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਰਾਜੀ ਨੀਲਾ ਅਤੇ ਰਾਜਵੀਰ ਸਿੰਘ ਉਰਫ਼ ਰਾਜੀ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਮੁੱਲਾਂਪੁਰ ਦਾਖਾ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਬੱਦੋਵਾਲ ਦੇ ਨੇੜਲੇ ਖੇਤਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਐਡੀਸ਼ਨਲ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏਡੀਸੀਪੀ-3) ਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਡੌਨੀ ਬਲ ਅਤੇ ਅਰਸ਼ ਬੱਗਾ ਦੇ ਦੋ ਸਾਥੀ ਲੁਧਿਆਣਾ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। ਸੂਚਨਾ ਦੇ ਆਧਾਰ ਤੇ ਪੁਲਿਸ ਨੇ ਮਨੁੱਖੀ ਖੁਫੀਆ ਤੰਤਰ (ਹਿਊਮਨ ਇੰਟੈਲੀਜੈਂਸ) ਦੀ ਮਦਦ ਨਾਲ ਕਾਰਵਾਈ ਕਰਦਿਆਂ ਬੱਦੋਵਾਲ ਪਿੰਡ, ਆਯਾਲੀ ਚੌਂਕ ਅਤੇ ਬੱਸ ਅੱਡੇ ਦੇ ਪਿਛਲੇ ਹਿੱਸੇ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 30 ਬੋਰ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਇੱਕ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਹਥਿਆਰ ਕਿਸੇ ਵੱਡੀ ਅਪਰਾਧਿਕ ਕਾਰਵਾਈ ਲਈ ਵਰਤੇ ਜਾਣੇ ਸਨ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਵਿਦੇਸ਼ੀ ਗੈਂਗਸਟਰਾਂ ਨਾਲ ਹੋਏ ਸੰਪਰਕਾਂ, ਹਦਾਇਤਾਂ ਤੇ ਹੋਰ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਸਕਣ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਮੋਬਾਈਲ ਡਾਟਾ ਤੋਂ ਗੈਂਗ ਦੇ ਹੋਰ ਮੈਂਬਰਾਂ ਅਤੇ ਪੰਜਾਬ ਵਿੱਚ ਸਰਗਰਮ ਨੈੱਟਵਰਕ ਬਾਰੇ ਮਹੱਤਵਪੂਰਨ ਜਾਣਕਾਰੀ ਮਿਲ ਸਕਦੀ ਹੈ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹੋਣ ਵਾਲੀ ਹੋਰ ਪੁੱਛ ਗਿੱਛ ਨਾਲ ਪੰਜਾਬ ਵਿੱਚ ਗੈਂਗਸਟਰ ਨੈੱਟਵਰਕ ਦੀਆਂ ਸਰਗਰਮੀਆਂ ਬਾਰੇ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹੋਰ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਅਤੇ ਗੈਂਗ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਵੀ ਹੋ ਸਕਦੀ ਹੈ। -ਦੋ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਡੋਨੀ ਖ਼ਿਲਾਫ਼ ਮੁਕੱਦਮਾ ਹੋਇਆ ਸੀ ਦਰਜ ਇਸੇ ਸਾਲ ਫਰਵਰੀ ਮਹੀਨੇ ਦੌਰਾਨ ਲੁਧਿਆਣਾ ਪੁਲਿਸ ਨੇ ਗੈਂਗਸਟਰ ਡੌਨੀ ਬਲ ਖ਼ਿਲਾਫ਼ ਇੱਕ ਮਾਮਲਾ ਦਰਜ ਕੀਤਾ ਸੀ। ਉਸ ਤੇ ਇੱਕ ਸਥਾਨਕ ਕਾਰੋਬਾਰੀ ਜਗਜੀਤ ਸਿੰਘ ਤੋਂ ਉਸਦੇ ਨਾਮ ਤੇ ਦੋ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਗੰਭੀਰ ਦੋਸ਼ ਲੱਗੇ ਸਨ। ਹੁਣ ਉਸਦੇ ਦੋ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਉਮੀਦ ਹੈ ਕਿ ਗੈਂਗ ਦੀਆਂ ਅਪਰਾਧਿਕ ਸਰਗਰਮੀਆਂ ਅਤੇ ਵਿਦੇਸ਼ ਤੋਂ ਚਲਾਏ ਜਾ ਰਹੇ ਨੈੱਟਵਰਕ ਬਾਰੇ ਹੋਰ ਕਈ ਅਹਿਮ ਖੁਲਾਸੇ ਹੋ ਸਕਦੇ ਹਨ। -ਬੱਗਾ ਤੇ ਬਲ ਨਾਲ ਸੰਪਰਕ ਵਿੱਚ ਸਨ ਮੁਲਜ਼ਮ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਪਿਛਲੇ ਕਈ ਦਿਨਾਂ ਤੋਂ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੌਨੀ ਬਲ ਅਤੇ ਅਰਸ਼ ਬੱਗਾ ਦੇ ਲਗਾਤਾਰ ਸੰਪਰਕ ਵਿੱਚ ਸਨ। ਇਹ ਸੰਪਰਕ ਮੈਸੇਜਿੰਗ ਐਪ ਟੈਲੀਗ੍ਰਾਮ ਰਾਹੀਂ ਕੀਤਾ ਜਾ ਰਿਹਾ ਸੀ। -ਦੇਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ 17 ਜੂਨ ਦੀ ਰਾਤ ਨੂੰ ਕਿਸੇ ਵੱਡੇ ਜੁਰਮ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਹੋਈ ਸੀ, ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਸੰਭਾਵਿਤ ਵਾਰਦਾਤ ਨੂੰ ਟਾਲ ਦਿੱਤਾ। -ਨਸ਼ੇ ਦੇ ਆਦੀ ਹਨ ਮੁਲਜ਼ਮ ਏਡੀਸੀਪੀ ਦੇਵ ਸਿੰਘ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਨਸ਼ੇ ਦੇ ਆਦੀ ਹਨ ਤੇ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਕੰਮਾਂ ਦੇ ਬਦਲੇ ਆਰਥਿਕ ਮਦਦ ਮੁਹੱਈਆ ਕਰਵਾਈ ਜਾਂਦੀ ਸੀ। ਇਸੇ ਲਾਲਚ ਕਾਰਨ ਉਹ ਗੈਂਗ ਦੇ ਸੰਪਰਕ ਵਿੱਚ ਆਏ ਤੇ ਅਪਰਾਧਕ ਸਰਗਰਮੀਆਂ ’ਚ ਸ਼ਾਮਲ ਹੋਏ।