
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਜਨਤਾ ਇਨਕਲੇਵ ਦੇ ਵਾਸੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਕਿਸੇ ਜ਼ਰੂਰੀ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਜਦੋਂ ਉਹ ਫੁੱਲਾਂਵਾਲ ਚੌਂਕ ਦੇ ਲਾਗੇ ਪੈਂਦੇ ਗੋਇਲ ਹਸਪਤਾਲ ਨੇੜੇ ਪਹੁੰਚਿਆ

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਫੁੱਲਾਂਵਾਲ ਚੌਕ ਨੇੜੇ ਚਿੱਟੇ ਦਿਨ ਲੁੱਟ ਦੀ ਵਾਰਦਾਤ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਰਾਹਗੀਰ ਦੀ ਧੌਣ ’ਤੇ ਲੋਹੇ ਦੀ ਦਾਤ ਰੱਖ ਕੇ ਉਸ ਨੂੰ ਰੋਕ ਲਿਆ ਅਤੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਪੀੜਤ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਜਨਤਾ ਇਨਕਲੇਵ ਦੇ ਵਾਸੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਕਿਸੇ ਜ਼ਰੂਰੀ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਜਦੋਂ ਉਹ ਫੁੱਲਾਂਵਾਲ ਚੌਂਕ ਦੇ ਲਾਗੇ ਪੈਂਦੇ ਗੋਇਲ ਹਸਪਤਾਲ ਨੇੜੇ ਪਹੁੰਚਿਆ ਤਾਂ ਪਿੱਛੋਂ ਕਾਲੇ ਰੰਗ ਦੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਉਸ ਦੇ ਨੇੜੇ ਆ ਗਏ।
ਸ਼ਿਕਾਇਤਕਰਤਾ ਅਨੁਸਾਰ ਦੋਵਾਂ ਨੌਜਵਾਨਾਂ ਕੋਲ ਲੋਹੇ ਦੀ ਦਾਤ ਸੀ। ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਧੌਣ ’ਤੇ ਦਾਤ ਰੱਖ ਦਿੱਤੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਉਸੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨਹੀਂ ਗੁਰਦਿਤ ਦੀ ਸ਼ਿਕਾਇਤ ਤੇ 304 ਅਤੇ 307 ਬੀਐੱਨਐੱਸ ਅਧੀਨ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵੇਂ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਪੁਲਿਸ ਜਾਂਚ ਵਿੱਚ ਅਹਿਮ ਸਾਬਤ ਹੋ ਸਕਦੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਹੁਲੀਏ, ਮੋਟਰਸਾਈਕਲ ਅਤੇ ਵਾਰਦਾਤ ਤੋਂ ਬਾਅਦ ਉਨ੍ਹਾਂ ਵੱਲੋਂ ਅਪਣਾਏ ਗਏ ਰਸਤੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਸ ਘਟਨਾ ਨੇ ਸ਼ਹਿਰ ਵਿੱਚ ਰਾਹਗੀਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਗਸ਼ਤ ਵਧਾਈ ਜਾਵੇ ਅਤੇ ਲੁੱਟ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।