ਨਸ਼ਾ ਤਸਕਰੀ ਤੇ ਨਸ਼ਾ ਸੇਵਨ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ
ਲੁਧਿਆਣਾ ਵਿੱਚ ਨਸ਼ਾ ਤਸਕਰੀ ਤੇ ਨਸ਼ਾ ਸੇਵਨ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ
Publish Date: Fri, 06 Mar 2026 07:33 PM (IST)
Updated Date: Fri, 06 Mar 2026 07:36 PM (IST)

- 9 ਮੁਲਜ਼ਮ ਕਾਬੂ, ਹੇਰੋਇਨ ਤੇ ਗਾਂਜਾ ਬਰਾਮਦ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹਿਰ ਵਿੱਚ ਨਸ਼ਾ ਤਸਕਰੀ ਅਤੇ ਨਸ਼ੇ ਦੇ ਸੇਵਨ ਖ਼ਿਲਾਫ਼ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਦੇ ਇਲਾਕਿਆਂ ਵਿੱਚ ਚਲਾਈ ਗਈ ਕਾਰਵਾਈ ਦੌਰਾਨ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਕੁੱਝ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹੇਰੋਇਨ ਅਤੇ ਗਾਂਜਾ ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਿਕ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ਨੇ ਦੌਲਤ ਕਾਲੋਨੀ ਇਲਾਕੇ ਵਿੱਚ ਛਾਪੇਮਾਰੀ ਕਰ ਕੇ ਮਨੀ ਸਿੰਘ ਨਗਰ ਦੇ ਰਹਿਣ ਵਾਲੇ ਕੁਸ਼ਲ ਕਪੂਰ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮੈਟਰੋ ਮਾਲ ਰੋਡ ਦੇ ਨੇੜੇ ਕਾਰਵਾਈ ਕਰਦਿਆਂ 7 ਗ੍ਰਾਮ ਹੇਰੋਇਨ ਸਮੇਤ ਚਿੱਟੀ ਕਾਲੋਨੀ ਦੇ ਰਹਿਣ ਵਾਲੇ ਦੀਪਕ ਅਤੇ ਗਗਨਦੀਪ ਕਾਲੋਨੀ ਦੇ ਰਹਿਣ ਵਾਲੇ ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਥਾਣਾ ਜੋਧੇਵਾਲ ਦੀ ਪੁਲਿਸ ਨੇ ਬਹਾਦੁਰ ਕੇ ਰੋਡ ਸਥਿਤ ਸਬਜ਼ੀ ਮੰਡੀ ਇਲਾਕੇ ਵਿੱਚ ਕਾਰਵਾਈ ਕਰਦਿਆਂ 50 ਗ੍ਰਾਮ ਹੈਰੋਇਨ ਸਮੇਤ ਦਸ਼ਮੇਸ਼ਪੁਰੀ ਕਾਲੋਨੀ ਦੇ ਰਹਿਣ ਵਾਲੇ ਅਮਨਦੀਪ ਸਿੰਘ ਨੂੰ ਕਾਬੂ ਕੀਤਾ। ਉੱਧਰੋਂ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਛੋਟੀ ਭਾਮੀਆਂ ਇਲਾਕੇ ਤੋਂ ਲਵਨ ਸਹੋਤਾ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਥਾਣਾ ਦੁੱਗਰੀ ਦੀ ਪੁਲਿਸ ਨੇ ਵਿਕਾਸ ਨਗਰ ਇਲਾਕੇ ਵਿੱਚ ਕਾਰਵਾਈ ਕਰਦਿਆਂ 156 ਗ੍ਰਾਮ ਗਾਂਜਾ ਸਮੇਤ ਪਵਨ ਸਾਹਨੀ ਨੂੰ ਹਿਰਾਸਤ ਵਿੱਚ ਲਿਆ। ਇਸੇ ਤਰ੍ਹਾਂ ਥਾਣਾ ਡਾਬਾ ਦੀ ਪੁਲਿਸ ਨੇ ਮੁਹੱਲਾ ਪ੍ਰੀਤ ਨਗਰ ਦੇ ਰਹਿਣ ਵਾਲੇ ਨਵਜੀਤ ਸਿੰਘ ਨੂੰ, ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਜਤਿੰਦਰ ਸਿੰਘ ਨੂੰ, ਜਦਕਿ ਥਾਣਾ ਪੀਏਯੂ ਦੀ ਪੁਲਿਸ ਨੇ ਗਰਾਊਂਡ ਅਲਟੋਸ ਨਗਰ ਇਲਾਕੇ ਤੋਂ ਰਿਸ਼ੀ ਨਗਰ ਦੇ ਰਹਿਣ ਵਾਲੇ ਅਰੁਣ ਸਗੜ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਪੁਲਿਸ ਅਨੁਸਾਰ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨੱਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।